nabaz-e-punjab.com

ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦਾ ਸਿਆਸੀ ਲਾਹਾ ਲੈਣ ਦੀ ਆਗੂਆਂ ’ਚ ਹੋੜ ਲੱਗੀ

ਸ਼੍ਰੋਮਣੀ ਅਕਾਲੀ ਦਲ ਦੀ ਦੇਣ ਹੈ ਕੈਂਸਰ ਹਸਪਤਾਲ: ਪਰਵਿੰਦਰ ਸਿੰਘ ਬੈਦਵਾਨ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਬਦੌਲਤ ਬਣ ਸਕਿਆ ਕੈਂਸਰ ਹਸਪਤਾਲ: ਜੈਨ

ਪ੍ਰਧਾਨ ਮੰਤਰੀ ਨੇ ਕੈਂਸਰ ਹਸਪਤਾਲ ਦਾ ਉਦਘਾਟਨ ਕਰਕੇ ਪੰਜਾਬ ਨੂੰ ਬਹੁਤ ਵੱਡੀ ਸੌਗਾਤ ਦਿੱਤੀ: ਭਾਜਪਾ

ਪੰਜਾਬ ਸਰਕਾਰ ਨੇ ਦਿਨ ਰਾਤ ਇੱਕ ਕਰਕੇ ਕੈਂਸਰ ਹਸਪਤਾਲ ਦਾ ਕੰਮ ਨੇਪਰੇ ਚਾੜ੍ਹਿਆ: ਆਪ ਆਗੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਗਸਤ:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨਿਊ ਚੰਡੀਗੜ੍ਹ ਵਿੱਚ ਲੋਕਾਂ ਨੂੰ ਸਮਰਪਿਤ ਕੀਤੇ ਗਏ ਟਾਟਾ ਮੈਮੋਰੀਅਲ ਸੈਂਟਰ (ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ) ਦਾ ਸਿਆਸੀ ਲਾਹਾ ਲੈਣ ਲਈ ਰਾਜਨੀਤਿਕ ਆਗੂਆਂ ਵਿੱਚ ਹੋੜ ਜਿਹੀ ਲੱਗ ਗਈ ਹੈ। ਭਾਜਪਾ ਆਗੂ ਜਿੱਥੇ ਇਸ ਵੱਕਾਰੀ ਪ੍ਰਾਜੈਕਟ ਨੂੰ ਕੇਂਦਰ ਦੀ ਭਾਜਪਾ ਸਰਕਾਰ ਦੀ ਦੇਣ ਦੱਸ ਰਹੇ ਹਨ, ਉੱਥੇ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਕੈਂਸਰ ਹਸਪਤਾਲ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸੁਫ਼ਨਿਆਂ ਦਾ ਪ੍ਰਾਜੈਕਟ ਦੱਸ ਰਹੇ ਹਨ। ਉਧਰ, ਕਾਂਗਰਸੀ ਇਸ ਨੂੰ ਕਾਂਗਰਸ ਦੀ ਦੇਣ ਕਹਿ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੁਹਾਲੀ ਦੇ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਨੇ ਨਿਊ ਚੰਡੀਗੜ੍ਹ ਵਿਖੇ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦਾ ਉਦਘਾਟਨ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਹਸਪਤਾਲ ਅਕਾਲੀ ਸਰਕਾਰ ਦੀ ਦੇਣ ਹੈ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਇਸ ਸੁਪਨਮਈ ਪ੍ਰਾਜੈਕਟ ਲਈ 50 ਏਕੜ ਜ਼ਮੀਨ ਦਿੱਤੀ ਸੀ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਸਮੇਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕੈਂਸਰ ਹਸਪਤਾਲ ਬਣਾਉਣ ਦੀ ਪ੍ਰਵਾਨਗੀ ਦੇਣ ਉਪਰੰਤ ਆਪਣੇ ਹੱਥੀਂ ਨੀਂਹ ਪੱਥਰ ਰੱਖਿਆ ਸੀ। ਜਿਸ ਦਾ ਅੱਜ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਦੇ ਵਿਕਾਸ ਲਈ ਅਕਾਲੀ ਸਰਕਾਰ ਨੇ 2500 ਕਰੋੜ ਰੁਪਏ ਖ਼ਰਚ ਕੀਤੇ ਸਨ ਪ੍ਰੰਤੂ ਪਿਛਲੀ ਕਾਂਗਰਸ ਸਰਕਾਰ ਅਤੇ ਮੌਜੂਦਾ ਆਪ ਸਰਕਾਰ ਨੇ ਡੱਕਾ ਨਹੀਂ ਤੋੜਿਆ।
ਭਾਜਪਾ ਆਗੂ ਸੰਜੀਵ ਵਸ਼ਿਸ਼ਟ, ਸੁਖਵਿੰਦਰ ਸਿੰਘ ਗੋਲਡੀ, ਅਰੁਣ ਸ਼ਰਮਾ, ਅਸ਼ੋਕ ਝਾਅ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰ-ਅੰਦੇਸ਼ੀ ਸੋਚ ਅਤੇ ਲੋਕਪੱਖੀ ਨੀਤੀਆਂ ਦੇ ਚੱਲਦਿਆਂ ਭਾਰਤ ਸਰਕਾਰ ਦੇ ਪ੍ਰਮਾਣੂ ਊਰਜਾ ਵਿਭਾਗ ਦੇ ਸਹਿਯੋਗ ਨਾਲ ਕੈਂਸਰ ਹਸਪਤਾਲ ਦਾ ਪ੍ਰਾਜੈਕਟ ਨੇਪਰੇ ਚੜ੍ਹਿਆ ਹੈ ਜਦੋਂਕਿ ਇਸ ਤੋਂ ਪਹਿਲਾਂ ਇਸ ਦਾ ਕੰਮ ਠੰਢੇ ਬਸਤੇ ਵਿੱਚ ਸੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਅੱਜ ਕੈਂਸਰ ਹਸਪਤਾਲ ਦਾ ਉਦਘਾਟਨ ਕਰਕੇ ਪੰਜਾਬ ਨੂੰ ਬਹੁਤ ਵੱਡੀ ਸੌਗਾਤ ਦਿੱਤੀ ਗਈ ਹੈ। ਜਿਸ ਦਾ ਪੰਜਾਬ ਸਮੇਤ ਛੇ ਗੁਆਂਢੀ ਸੂਬਿਆਂ ਦੇ ਲੋਕਾਂ ਨੂੰ ਲਾਭ ਮਿਲੇਗਾ।
ਉਧਰ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਰਿਸਵ ਜੈਨ, ਯੂਥ ਆਗੂ ਨਰਪਿੰਦਰ ਸਿੰਘ ਰੰਗੀ, ਜਸਪ੍ਰੀਤ ਸਿੰਘ ਗਿੱਲ ਅਤੇ ਅਮਨ ਸਲੈਚ ਨੇ ਕਿਹਾ ਕਿ ਕੈਂਸਰ ਹਸਪਤਾਲ ਕਾਂਗਰਸ ਦੀ ਦੇਣ ਹੈ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪੰਜਾਬ ਵਿੱਚ ਵਧ ਰਹੇ ਕੈਂਸਰ ਪੀੜਤਾਂ ਦੀ ਸੰਖਿਆ ਨੂੰ ਦੇਖਦੇ ਹੋਏ ਮੁਹਾਲੀ ਨੇੜੇ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਬਣਾਉਣ ਦੇ ਪ੍ਰਾਜੈਕਟ ਨੂੰ ਪ੍ਰਵਾਨਗੀ ਦਿੱਤੀ ਸੀ ਅਤੇ 30 ਦਸੰਬਰ 2013 ਵਿੱਚ ਖ਼ੁਦ ਹੀ ਹਸਪਤਾਲ ਦਾ ਨੀਂਹ ਪੱਥਰ ਰੱਖਿਆ ਸੀ ਪਰ ਸੱਤਾ ਪਰਿਵਰਤਨ ਤੋਂ ਬਾਅਦ ਕਿਸੇ ਨੇ ਇਸ ਪ੍ਰਾਜੈਕਟ ਨੂੰ ਨੇਪਰੇ ਚਾੜ੍ਹਨ ਲਈ ਦਿਲਚਸਪੀ ਨਹੀਂ ਦਿਖਾਈ। ਜਿਸ ਕਾਰਨ ਇਸ ਕੰਮ ਨੂੰ ਮੁਕੰਮਲ ਹੋਣ ਲਈ 9 ਸਾਲ ਲੱਗ ਗਏ।
ਇੰਜ ਹੀ ਆਪ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਅਤੇ ਵਿਨੀਤ ਵਰਮਾ ਨੇ ਕਿਹਾ ਕਿ ਬੇਸ਼ੱਕ ਕੈਂਸਰ ਹਸਪਤਾਲ ਦਾ ਨੀਂਹ ਡਾ. ਮਨਮੋਹਨ ਸਿੰਘ ਨੇ ਰੱਖਿਆ ਸੀ ਅਤੇ ਅੱਜ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤਾ ਗਿਆ ਹੈ ਪ੍ਰੰਤੂ ਸਚਾਈ ਇਹ ਹੈ ਕਿ ਪਿਛਲੇ 9 ਸਾਲਾਂ ਵਿੱਚ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਨੇ ਇਸ ਮਹੱਤਵਪੂਰਨ ਪ੍ਰਾਜੈਕਟ ਨੂੰ ਗੰਭੀਰਤਾ ਨਾਲ ਨਹੀਂ ਲਿਆ ਅਤੇ ਕਾਫ਼ੀ ਕੰਮ ਅਧੂਰਾ ਪਿਆ ਸੀ ਲੇਕਿਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਪੰਜਾਬ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਕੈਂਸਰ ਹਸਪਤਾਲ ਦੇ ਅਧੂਰੇ ਪਏ ਕੰਮ ਨੂੰ ਦਿਨ ਰਾਤ ਇੱਕ ਕਰਕੇ ਨੇਪਰੇ ਚਾੜ੍ਹਿਆ ਗਿਆ। ਜਿਸ ਦੀ ਬਦੌਲਤ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਇਹ ਹਸਪਤਾਲ ਲੋਕਾਂ ਨੂੰ ਸਮਰਪਿਤ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…