ਆਖ਼ਰਕਾਰ ਸ਼ਹਿਰ ਵਿੱਚ ਕੂੜੇ ਦੀ ਨਿਕਾਸੀ ਦਾ ਕੰਮ ਸ਼ੁਰੂ, ਲੋਕਾਂ ਨੇ ਸੁੱਖ ਦਾ ਸਾਹ ਲਿਆ

ਕੂੜੇ ਦੀ ਪ੍ਰੋਸੈਸਿੰਗ ਦਾ ਕੰਮ ਨਿੱਜੀ ਕੰਪਨੀ ਨੂੰ ਸੌਂਪਿਆ, ਛੇਤੀ ਹੱਲ ਹੋਵੇਗੀ ਸਮੱਸਿਆ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ, ਮੁਹਾਲੀ, 3 ਜੁਲਾਈ:
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਮੁਹਾਲੀ ਨਗਰ ਨਿਗਮ ਨੇ ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਆਖ਼ਰਕਾਰ ਸ਼ਹਿਰ ’ਚੋਂ ਕੂੜੇ ਦੀ ਨਿਕਾਸੀ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਕੂੜੇ ਦੀ ਪ੍ਰੋਸੈਸਿੰਗ ਦਾ ਕੰਮ ਪ੍ਰਾਈਵੇਟ ਕੰਪਨੀ ਨੂੰ ਸੌਂਪਿਆ ਗਿਆ ਹੈ ਅਤੇ ਆਉਂਦੇ ਦਿਨਾਂ ਵਿੱਚ ਕੂੜੇ ਦੀ ਸਮੱਸਿਆ ਦਾ ਹੱਲ ਹੋ ਜਾਵੇਗਾ। ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਸ਼ਹਿਰ ’ਚੋਂ ਇਕੱਤਰ ਹੁੰਦੇ ਕੂੜੇ ਦੀ ਨਿਕਾਸੀ ਦਾ ਕੰਮ ਸ਼ੁਰੂ ਹੋ ਗਿਆ ਹੈ। ਪ੍ਰਾਈਵੇਟ ਕੰਪਨੀ ਵੱਲੋਂ ਆਰਐਮਸੀ ਕੇਂਦਰ (ਕੂੜੇਦਾਨਾਂ) ਤੋਂ ਕੂੜਾ ਲਿਜਾਉਣ ਦਾ ਕੰਮ ਆਰੰਭ ਕਰ ਦਿੱਤਾ ਹੈ ਅਤੇ ਜਲਦੀ ਹੀ ਮੁਹਾਲੀ ਵਿੱਚ ਖਾਲੀ ਥਾਵਾਂ ਅਤੇ ਸੜਕਾਂ ਕਿਨਾਰੇ ਪਏ ਕੂੜੇ ਨੂੰ ਚੁੱਕ ਕੇ ਕੂੜੇਦਾਨਾਂ ਵਿੱਚ ਸੁੱਟਿਆ ਜਾਵੇਗਾ। ਜਿੱਥੋਂ ਉਕਤ ਕੰਪਨੀ ਵੱਲੋਂ ਕੂੜੇ ਦੀ ਨਿਕਾਸੀ ਕੀਤੀ ਜਾਵੇਗੀ। ਇਸ ਨਾਲ ਸ਼ਹਿਰ ਵਾਸੀਆਂ ਨੇ ਸੁੱਖ ਦਾ ਸਾਹ ਲਿਆ ਹੈ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਵੀ ਇਹ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਗਿੱਲੇ ਅਤੇ ਸੁੱਕੇ ਕੂੜੇ ਨੂੰ ਆਪਣੇ ਘਰਾਂ ਵਿੱਚ ਹੀ ਵੱਖੋ-ਵੱਖ ਕਰਕੇ ਕੂੜਾ ਕਲੈਕਟਰਾਂ ਨੂੰ ਦੇਣ ਤਾਂ ਜੋ ਕੂੜੇ ਦੀ ਨਿਕਾਸੀ ਵਿੱਚ ਕੋਈ ਸਮੱਸਿਆ ਨਾ ਆਵੇ। ਜ਼ਿਕਰਯੋਗ ਹੈ ਕਿ ਹਾਈ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ’ਤੇ ਕੁੱਝ ਦਿਨ ਪਹਿਲਾਂ ਹੀ ਸ਼ਹਿਰ ’ਚੋਂ ਨਿਕਲਣ ਵਾਲੇ ਕੂੜੇ ਨੂੰ ਡੰਪਿੰਗ ਗਰਾਉਂਡ ਵਿੱਚ ਸੁੱਟਣ ’ਤੇ ਰੋਕ ਲਗਾ ਦਿੱਤੀ ਗਈ ਸੀ। ਜਿਸ ਕਾਰਨ ਸ਼ਹਿਰ ਦੀਆਂ ਸੜਕਾਂ ਅਤੇ ਖਾਲੀ ਥਾਵਾਂ ਵਿੱਚ ਕੂੜੇ ਦੇ ਢੇਰ ਲੱਗ ਗਏ ਸੀ ਅਤੇ ਥਾਂ-ਥਾਂ ਗੰਦਗੀ ਫੈਲ ਰਹੀ ਸੀ। ਇਸ ਨਾਲ ਸ਼ਹਿਰ ਵਿੱਚ ਬਿਮਾਰੀ ਫੈਲਣ ਦਾ ਖ਼ਤਰਾ ਵਧ ਗਿਆ ਸੀ।
ਕੂੜੇ ਦੀ ਸਮੱਸਿਆ ਨੂੰ ਲੈ ਕੇ ਪਿਛਲੇ ਦਿਨੀਂ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਸ਼ਹਿਰ ਵਾਸੀਆਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪ੍ਰਸ਼ਾਸਨ ਦਾ ਪੁਤਲਾ ਸਾੜ ਕੇ ਵਿਰੋਧ ਪ੍ਰਦਰਸ਼ਨ ਕੀਤਾ ਸੀ ਅਤੇ ਜਲਦੀ ਸਮੱਸਿਆ ਹੱਲ ਨਾ ਹੋਣ ’ਤੇ ਭੁੱਖ ਹੜਤਾਲ ਸ਼ੁਰੂ ਕਰਨ ਦੀ ਚਿਤਾਵਨੀ ਦਿੱਤੀ ਗਈ ਸੀ। ਇੰਜ ਹੀ ਸਫ਼ਾਈ ਸੇਵਕਾਂ ਨੇ ਵੀ ਨਗਰ ਨਿਗਮ ਅਤੇ ਗਮਾਡਾ ਦੇ ਬਾਹਰ ਕੂੜਾ ਸੁੱਟ ਕੇ ਰੋਸ ਮੁਜ਼ਾਹਰੇ ਕੀਤੇ ਗਏ ਸੀ। ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਨਗਰ ਨਿਗਮ ਨੇ ਪ੍ਰਾਈਵੇਟ ਕੰਪਨੀ ਨੂੰ ਫਿਲਹਾਲ ਆਰਜ਼ੀ ਤੌਰ ’ਤੇ ਕੂੜੇ ਦੀ ਨਿਕਾਸੀ ਦਾ ਕੰਮ ਦਿੱਤਾ ਗਿਆ ਹੈ। ਇਸ ਕੰਪਨੀ ਵੱਲੋਂ ਪਹਿਲਾਂ ਨਵਾਂ ਗਰਾਓ ਵਿੱਚ ਕੂੜੇ ਦੀ ਨਿਕਾਸੀ ਦਾ ਕੰਮ ਕੀਤਾ ਜਾ ਰਿਹਾ ਹੈ। ਕੰਪਨੀ ਨੂੰ ਸ਼ਰਤਾਂ ਦੇ ਆਧਾਰ ’ਤੇ ਅਦਾਇਗੀ ਕੀਤੀ ਜਾਵੇਗੀ।
ਉਧਰ, ਸਨਅਤੀ ਏਰੀਆ ਫੇਜ਼-8 ਸਥਿਤ ਡੰਪਿੰਗ ਗਰਾਉਂਡ ਜਿੱਥੇ ਕੂੜੇ ਦਾ ਪਹਾੜ ਬਣ ਗਿਆ ਸੀ। ਉੱਥੇ ਕੂੜੇ ਦੀ ਪ੍ਰੋਸੈਸਿੰਗ ਹੋਣ ਕਾਰਨ ਕਾਫ਼ੀ ਥਾਂ ਖਾਲੀ ਹੋ ਗਈ ਹੈ। ਜਿੱਥੇ ਹੁਣ ਮੁੜ ਤੋਂ ਕੂੜਾ ਸੁੱਟਿਆ ਜਾਣ ਲੱਗਾ ਹੈ। ਇਸ ਤੋਂ ਇਲਾਵਾ ਨਗਰ ਨਿਗਮ ਵੱਲੋਂ ਆਪਣੇ ਪੱਧਰ ’ਤੇ ਵੀ ਸ਼ਹਿਰ ਵਿੱਚ 14 ਥਾਵਾਂ ’ਤੇ ਕੂੜੇ ਦੀ ਪ੍ਰੋਸੈਸਿੰਗ ਕੀਤੀ ਜਾ ਰਹੀ ਹੈ। ਕੂੜੇ ਤੋਂ ਖਾਦ ਬਣਾਉਣ ਸਮੇਤ ਹੋਰਨਾਂ ਕੰਮਾਂ ਲਈ ਵਰਤੋਂ ਵਿੱਚ ਲਿਆਂਦਾ ਜਾ ਰਿਹਾ ਹੈ ਅਤੇ ਬਾਕੀ ਵੇਸਟ ਨੂੰ ਨਸ਼ਟ ਕੀਤਾ ਜਾ ਰਿਹਾ ਹੈ।

Load More Related Articles
Load More By Nabaz-e-Punjab
Load More In General News

Check Also

ਵਫ਼ਾਦਾਰ ਵਰਕਰਾਂ ਦੇ ਮਾਣ-ਸਨਮਾਨ ’ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਸੁਖਬੀਰ ਬਾਦਲ

ਵਫ਼ਾਦਾਰ ਵਰਕਰਾਂ ਦੇ ਮਾਣ-ਸਨਮਾਨ ’ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਸੁਖਬੀਰ ਬਾਦਲ ਮੁਹਾਲੀ ਦੇ ਅਕਾਲੀ ਆ…