
ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ: 19.5 ਕਰੋੜ ਵਰਕ ਆਰਡਰ ਜਾਰੀ, 9.5 ਕਰੋੜ ਦੇ ਨਵੇਂ ਵਿਕਾਸ ਮਤੇ ਪਾਸ
ਪੂਰੀ ਪਾਰਦਰਸ਼ਤਾ ਨਾਲ ਕੀਤਾ ਜਾਵੇਗਾ ਸ਼ਹਿਰ ਦਾ ਸਰਬਪੱਖੀ ਵਿਕਾਸ: ਮੇਅਰ ਜੀਤੀ ਸਿੱਧੂ
ਵਰਕ ਆਰਡਰਾਂ ਜਾਰੀ ਕਰਕੇ ਠੇਕੇਦਾਰਾਂ ਦੀ ਜ਼ਿੰਮੇਵਾਰੀ ਤੈਅ ਕੀਤੀ, ਵੱਧ ਸਮਾਂ ਲੱਗਣ ’ਤੇ ਹੋਵੇਗੀ ਠੇਕੇਦਾਰਾਂ ’ਤੇ ਹੋਵੇਗੀ ਕਾਰਵਾਈ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਸਤੰਬਰ:
ਮੁਹਾਲੀ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਅੱਜ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ 19.5 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਵਰਕ ਆਰਡਰ ਜਾਰੀ ਕੀਤੇ ਗਏ ਅਤੇ ਕਰੀਬ 9.5 ਕਰੋੜ ਰੁਪਏ ਦੇ ਨਵੇਂ ਵਿਕਾਸ ਮਤਿਆਂ ਨੂੰ ਹਰੀ ਝੰਡੀ ਦਿੱਤੀ ਗਈ। ਮੀਟਿੰਗ ਵਿੱਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ ਡਾ. ਕਮਲ ਗਰਗ, ਮੈਂਬਰ ਜਸਬੀਰ ਸਿੰਘ ਮਣਕੂ ਤੇ ਅਨੂ ਆਨੰਦ ਅਤੇ ਐਸਈ ਸੰਜੇ ਕੰਵਰ ਵੀ ਹਾਜ਼ਰ ਸਨ।
ਸ੍ਰੀ ਜੀਤੀ ਸਿੱਧੂ ਨੇ ਦੱਸਿਆ ਕਿ ਵਿਕਾਸ ਮਤਿਆਂ ਵਿੱਚ ਸੜਕਾਂ ਦੀ ਰੀ-ਕਾਰਪੈਟਿੰਗ, ਪਾਰਕਾਂ ਦੇ ਕੰਮ ਅਤੇ ਪੇਵਰ ਬਲਾਕ ਦੇ ਕੰਮ ਮੁੱਖ ਤੌਰ ’ਤੇ ਸ਼ਾਮਲ ਕੀਤੇ ਗਏ ਹਨ ਜੋ ਕਿ ਸ਼ਹਿਰ ਦੇ ਲੋਕਾਂ ਦੀ ਰਾਇ ਅਤੇ ਮੰਗ ਅਨੁਸਾਰ ਪਾਸ ਕੀਤੇ ਗਏ ਹਨ। ਇਨ੍ਹਾਂ ਸਾਰੇ ਕੰਮਾਂ ਦੇ ਵਰਕ ਆਰਡਰ ਸਮਾਂਬੱਧ ਕੀਤੇ ਗਏ ਹਨ ਅਤੇ ਜੇਕਰ ਕੋਈ ਵੀ ਠੇਕੇਦਾਰ ਵਿਕਾਸ ਕੰਮਾਂ ਨੂੰ ਨਿਰਧਾਰਿਤ ਸਮੇਂ ਵਿੱਚ ਪੂਰਾ ਨਹੀਂ ਕਰੇਗਾ ਤਾਂ ਉਸਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਵਿਕਾਸ ਕਾਰਜ ਪੂਰੀ ਪਾਰਦਰਸ਼ਤਾ ਅਤੇ ਬਿਨਾਂ ਕਿਸੇ ਵਿਤਕਰੇ ਤੋਂ ਕੀਤੇ ਜਾਣਗੇ ਅਤੇ ਸ਼ਹਿਰ ਵਾਸੀਆਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਮੇਅਰ ਨੇ ਕਿਹਾ ਕਿ ਠੇਕੇਦਾਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਵਿਕਾਸ ਕਾਰਜਾਂ ਵਿੱਚ ਉੱਤਮ ਕੁਆਲਿਟੀ ਦਾ ਮਟੀਰੀਅਲ ਵਰਤਿਆ ਜਾਵੇ, ਇਸ ਸਬੰਧੀ ਨਿਗਮ ਦੀ ਟੀਮ ਸਮੇਂ ਸਮੇਂ ਸਿਰ ਵਿਕਾਸ ਕਾਰਜਾਂ ਦੀ ਨਜ਼ਰਸਾਨੀ ਯਕੀਨੀ ਬਣਾਏਗੀ। ਉਨ੍ਹਾਂ ਅਧਿਕਾਰੀਆਂ ਨੂੰ ਵੀ ਸਪੱਸ਼ਟ ਹਦਾਇਤਾਂ ਦਿੱਤੀਆਂ ਹਨ ਕਿ ਕੁਆਲਿਟੀ ਵਿੱਚ ਕਿਸੇ ਕਿਸਮ ਦੀ ਗੜਬੜੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਕੁਤਾਹੀ ਹੋਈ ਤਾਂ ਜ਼ਿੰਮੇਵਾਰ ਅਧਿਕਾਰੀਆਂ ਅਤੇ ਸਟਾਫ਼ ਨੂੰ ਵੀ ਬਖ਼ਸ਼ਿਆਂ ਨਹੀਂ ਜਾਵੇਗਾ।