
ਸੋਹਾਣਾ-ਲਾਂਡਰਾਂ ਸੜਕ ’ਤੇ ਫਾਈਨਾਂਸ ਕੰਪਨੀ ਦੀ ਮਹਿਲਾ ਮੁਲਾਜ਼ਮ ਤੋਂ 80 ਹਜ਼ਾਰ ਲੁੱਟੇ
ਸੀਸੀਟੀਵੀ ਕੈਮਰੇ ’ਚ ਕੈਦ ਹੋਈ ਲੁੱਟ ਦੀ ਵਾਰਦਾਤ, ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਕੇਸ ਦਰਜ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੂਨ:
ਮੁਹਾਲੀ ਵਿੱਚ ਫਿਰ ਤੋਂ ਲਗਾਤਾਰ ਅਪਰਾਧ ਵਧਣੇ ਸ਼ੁਰੂ ਹੋ ਗਏ ਹਨ। ਜਿਸ ਕਾਰਨ ਸ਼ਹਿਰ ਵਾਸੀ ਆਪਣੀ ਸੁਰੱਖਿਆ ਨੂੰ ਲੈ ਕੇ ਕਾਫੀ ਭੈਅ-ਭੀਤ ਹਨ। ਪੰਜਾਬ ਨੈਸ਼ਨਲ ਬੈਂਕ ਵਿੱਚ ਦਿਨ ਦਿਹਾੜੇ ਲੱਖਾਂ ਰੁਪਏ ਦੀ ਲੁੱਟ ਦਾ ਮਾਮਲਾ ਹਾਲੇ ਠੰਢਾ ਵੀ ਨਹੀਂ ਹੋਇਆ ਸੀ ਕਿ ਹੁਣ ਇੱਥੋਂ ਦੇ ਇਤਿਹਾਸਕ ਨਗਰ ਸੋਹਾਣਾ ਤੋਂ ਲਾਂਡਰਾਂ ਮੁੱਖ ਸੜਕ ’ਤੇ ਸਥਿਤ ਫਾਈਨਾਂਸ ਕੰਪਨੀ ਦੇ ਦਫ਼ਤਰ ’ਚੋਂ 80 ਹਜ਼ਾਰ ਰੁਪਏ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਇਹ ਵਾਰਦਾਤ ਵੀ ਸੀਸੀਟੀਵੀ ਕੈਮਰੇ ਵਿੱਚ ਕੈਦ ਹੈ ਪ੍ਰੰਤੂ ਲੁਟੇਰੇ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਇਸ ਸਬੰਧੀ ਸੋਹਾਣਾ ਥਾਣੇ ਵਿੱਚ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਬ ਇੰਸਪੈਕਟਰ ਬਰਮਾ ਸਿੰਘ ਨੇ ਦੱਸਿਆ ਕਿ ਫਾਈਨਾਂਸ ਕੰਪਨੀ ਵਿੱਚ ਵਾਪਰੀ ਲੁੱਟ-ਖੋਹ ਦੀ ਘਟਨਾ ਵਾਰਦਾਤ ਸਬੰਧੀ ਕੰਪਨੀ ਦੀ ਮੈਨੇਜਰ ਜਾਨਵੀ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋ ਲੁਟੇਰੇ ਜਿਨ੍ਹਾਂ ਨੇ ਆਪਣੇ ਮੂੰਹ ਕੱਪੜੇ ਨਾਲ ਢਕੇ ਹੋਏ ਸੀ, ਕੰਪਨੀ ਦਫ਼ਤਰ ਵਿੱਚ ਆਏ ਅਤੇ ਕਾਊਂਟਰ ’ਤੇ ਬੈਠੀ ਮਹਿਲਾ ਮੁਲਾਜ਼ਮ ਕੋਲੋਂ 80 ਹਜ਼ਾਰ ਰੁਪਏ ਦੀ ਨਗਦੀ ਲੁੱਟ ਕੇ ਫਰਾਰ ਹੋ ਗਏ। ਲੁਟੇਰੇ ਜਾਂਦੇ ਹੋਏ ਮਹਿਲਾ ਮੁਲਾਜ਼ਮ ਦਾ ਮੋਬਾਈਲ ਫੋਨ ਵੀ ਆਪਣੇ ਨਾਲ ਲੈ ਗਏ ਹਨ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਘਟਨਾ ਦਾ ਜਾਇਜ਼ਾ ਲੈਣ ਅਤੇ ਸੀਸੀਟੀਵੀ ਕੈਮਰੇ ਦੀ ਫੁਟੇਜ ਚੈੱਕ ਕਰਨ ਤੋਂ ਬਾਅਦ ਲੁਟੇਰਿਆਂ ਦੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਲੁਟੇਰੇ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਪੁਲੀਸ ਸੂਤਰਾਂ ਅਨੁਸਾਰ ਕੰਪਨੀ ਦੇ ਮੁਲਾਜ਼ਮ ਵੀ ਸੱਕ ਦੇ ਘੇਰੇ ਵਿੱਚ ਹਨ। ਇਸ ਸਬੰਧੀ ਵੱਖ-ਵੱਖ ਪਹਿਲੂਆਂ ’ਤੇ ਜਾਂਚ ਕੀਤੀ ਜਾ ਰਹੀ ਹੈ।
ਉਧਰ, ਇੱਥੋਂ ਦੇ ਫੇਜ਼-3ਏ ਸਥਿਤ ਪੰਜਾਬ ਨੈਸ਼ਨਲ ਬੈਂਕ ’ਚੋਂ ਪਿਛਲੇ ਦਿਨੀਂ ਦੋ ਲੁਟੇਰਿਆਂ ਵੱਲੋਂ ਦਿਨ-ਦਿਹਾੜੇ ਗੰਨ ਪੁਆਇੰਟ ’ਤੇ 4.80 ਲੱਖ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਹਾਲਾਂਕਿ ਇਹ ਵਾਰਦਾਤ ਵੀ ਸੀਸੀਟੀਵੀ ਕੈਮਰੇ ਵਿੱਚ ਕੈਦ ਹੈ ਪ੍ਰੰਤੂ ਪੰਜ ਦਿਨ ਬੀਤ ਜਾਣ ਦੇ ਬਾਵਜੂਦ ਪੁਲੀਸ ਲੁਟੇਰਿਆਂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ। ਇਸ ਤੋਂ ਪਹਿਲਾਂ ਫੇਜ਼-10 ਵਿੱਚ ਜਿਊਲਰ ਦੀ ਦੁਕਾਨ ’ਚੋਂ ਸੋਨੇ ਅਤੇ ਚਾਂਦੀ ਦੇ ਗਹਿਣੇ ਲੁੱਟੇ ਗਏ ਸੀ। ਇੰਜ ਹੀ ਸੀਜੀਸੀ ਕਾਲਜ ਲਾਂਡਰਾਂ ਨੇੜੇ ਫੈਕਟਰੀ ਕਰਮਚਾਰੀ ਤੋਂ ਹਜ਼ਾਰਾਂ ਰੁਪਏ ਲੁੱਟੇ ਗਏ ਸੀ। ਇਸੇ ਤਰ੍ਹਾਂ ਡੀਸੀ ਕੰਪਲੈਕਸ ਦੇ ਸਾਹਮਣੇ ਰੇਡੀਮੇਟ ਕੱਪੜਿਆਂ ਦੀ ਦੁਕਾਨ ਵਿੱਚ ਚੋਰੀ ਸਮੇਤ ਘਰਾਂ ਅਤੇ ਦੁਕਾਨਾਂ ਵਿੱਚ ਕਈ ਚੋਰੀਆਂ ਦੇ ਮਾਮਲੇ ਵੀ ਹਾਲੇ ਤੱਕ ਅਣਸੁਲਝੇ ਪਏ ਹਨ।