ਵਿੱਤ ਮੰਤਰੀ ਨੇ ਪੰਜਾਬ ਬਜਟ ਵਿੱਚ ਮੁਹਾਲੀ ਨੂੰ ਇੱਕ ਧੇਲਾ ਵੀ ਨਹੀਂ ਦਿੱਤਾ: ਪਰਵਿੰਦਰ ਸੋਹਾਣਾ

ਨਬਜ਼-ਏ-ਪੰਜਾਬ, ਮੁਹਾਲੀ, 26 ਮਾਰਚ:
ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਸੂਬਾ ਸਰਕਾਰ ਵੱਲੋਂ ਅੱਜ ਪੇਸ਼ ਕੀਤੇ ਗਏ ਬਜਟ ਨੂੰ ਪੰਜਾਬ ਵਿਰੋਧੀ ਦੱਸਦਿਆਂ ਕਿਹਾ ਕਿ ਮੁਹਾਲੀ ਦੇ ਵਿਕਾਸ ਲਈ ਬਜਟ ਵਿੱਚ ਇੱਕ ਧੇਲਾ ਵੀ ਨਹੀਂ ਰੱਖਿਆ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਸਰਕਾਰ ਸਮੇਂ ਹੀ ਮੁਹਾਲੀ ਦਾ ਵਿਕਾਸ ਹੋਇਆ ਸੀ। ਉਸ ਸਮੇਂ 2500 ਕਰੋੜ ਰੁਪਏ ਖ਼ਰਚ ਕਰਕੇ ਮੁਹਾਲੀ ਨੂੰ ਪੰਜਾਬ ਦੀ ਮਿੰਨੀ ਰਾਜਧਾਨੀ ਵਜੋਂ ਵਿਕਸਤ ਕਰਨ ਦਾ ਰਾਹ ਪੱਧਰਾ ਕੀਤਾ ਸੀ ਪਰ ਬਾਅਦ ਵਿੱਚ ਕਾਂਗਰਸ ਸਰਕਾਰ ਅਤੇ ਹੁਣ ‘ਆਪ’ ਸਰਕਾਰ ਵੱਲੋਂ ਇਲਾਕੇ ਨੂੰ ਵਿਕਾਸ ਪੱਖੋਂ ਅਣਗੌਲਿਆ ਕੀਤਾ ਜਾ ਰਿਹਾ ਹੈ।
ਅਕਾਲੀ ਆਗੂ ਨੇ ਕਿਹਾ ਕਿ ਮੌਜੂਦਾ ‘ਆਪ’ ਸਰਕਾਰ ਨੇ ਅਕਾਲੀ ਸਰਕਾਰ ਸਮੇਂ ਹੋਏ ਵਿਕਾਸ ਅਤੇ ਉਲੀਕੀਆਂ ਗਈਆਂ ਯੋਜਨਾਵਾਂ ਦਾ ਹੀ ਲਾਹਾ ਖੱਟ ਰਹੀ ਹੈ ਜਦੋਂਕਿ ਪਿਛਲੇ ਤਿੰਨ ਸਾਲਾਂ ਵਿੱਚ ਸਰਕਾਰ ਨੇ ਮੁਹਾਲੀ ਵਿੱਚ ਕੋਈ ਨਵਾਂ ਪ੍ਰਾਜੈਕਟ ਨਹੀਂ ਲਿਆਂਦਾ ਗਿਆ ਅਤੇ ਨਾ ਹੀ ਨਵੀਂ ਯੋਜਨਾ ਉਲੀਕੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਹਰੇਕ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਹੁਕਮਰਾਨਾਂ ਨੇ ਵਿਧਾਨ ਸਭਾ ਚੋਣਾਂ ਵਿੱਚ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਅਤੇ ‘ਆਪ’ ਸਰਕਾਰ ਬਣਨ ਵੇਲੇ ਤੋਂ ਹੀ ਮੁਲਾਜ਼ਮ ਧਰਨਿਆਂ ’ਤੇ ਬੈਠੇ ਹਨ। ਬਜਟ ਸੈਸ਼ਨ ਦੌਰਾਨ ਵੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਮੁਹਾਲੀ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ ਹਨ।
ਪਰਵਿੰਦਰ ਸੋਹਾਣਾ ਨੇ ਕਿਹਾ ਕਿ ਪੰਜਾਬ ਦੇ ਲੋਕ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਬਾਹਰ ਦਾ ਰਸਤਾ ਦਿਖਾਉਣਗੇ। ਉਨ੍ਹਾਂ ਕਿਹਾ ਕਿ ਮੁਹਾਲੀ ਜਿੱਥੇ ਪਹਿਲਾਂ ਆਈਟੀ, ਸਿੱਖਿਆ, ਸਿਹਤ ਅਤੇ ਉਦਯੋਗਿਕ ਹੱਬ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਸੀ ਉੱਥੇ ਹੁਣ ਆਪ ਦੀਆਂ ਨੀਤੀ ਕਾਰਨ ਇਹ ਸ਼ਹਿਰ ਵਿਕਾਸ ਪੱਖੋਂ ਲਗਾਤਾਰ ਪਛੜਦਾ ਜਾ ਰਿਹਾ ਹੈ।

Load More Related Articles

Check Also

ਮੈਗਾ ਮਾਪੇ-ਅਧਿਆਪਕ ਮਿਲਣੀ ਵਿੱਚ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਬੈਂਸ

ਮੈਗਾ ਮਾਪੇ-ਅਧਿਆਪਕ ਮਿਲਣੀ ਵਿੱਚ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਬੈਂਸ ਹਰਜੋਤ ਬੈਂਸ ਨੇ ਫੇਜ਼-11 ਸਕੂਲ ਵਿੱਚ …