Share on Facebook Share on Twitter Share on Google+ Share on Pinterest Share on Linkedin ਸਿੱਖਿਆ ਬੋਰਡ ’ਤੇ ਵਿੱਤੀ ਸੰਕਟ: ਕਰਮਚਾਰੀਆਂ ਨੇ ਕਾਲੇ ਬਿੱਲੇ ਲਗਾ ਕੇ ਕੀਤਾ ਰੋਸ ਪ੍ਰਦਰਸ਼ਨ ਨਬਜ਼-ਏ-ਪੰਜਾਬ, ਮੁਹਾਲੀ, 6 ਨਵੰਬਰ: ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਵੱਲੋਂ ਪੰਜਵੀਂ ਤੇ ਅੱਠਵੀਂ ਜਮਾਤ ਦੀ ਪ੍ਰੀਖਿਆ ਫੀਸ ਅਤੇ ਕਿਤਾਬਾਂ ਦੀ ਬਕਾਇਆ ਰਾਸ਼ੀ ਲੈਣ ਲਈ ਅੱਜ ਕਾਲੇ ਬਿੱਲੇ ਲਗਾ ਕੇ ਰੋਸ ਰੈਲੀ ਕੀਤੀ ਗਈ। ਮੁਲਾਜ਼ਮ ਜਥੇਬੰਦੀ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਅਤੇ ਜਨਰਲ ਸਕੱਤਰ ਸੁਖਚੈਨ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਵੀਂ ਅਤੇ ਅੱਠਵੀਂ ਜਮਾਤ ਦੀ ਰਜਿਸਟਰੇਸ਼ਨ ਲਈ ਪੋਰਟਲ ਖੋਲ੍ਹਣ ਸਬੰਧੀ ਅੰਦਰਖਾਤੇ ਬੋਰਡ ਮੈਨੇਜਮੈਂਟ ’ਤੇ ਦਬਾਅ ਪਾਇਆ ਜਾ ਰਿਹਾ ਹੈ। ਹਾਲਾਂਕਿ ਬੋਰਡ ਦੇ ਕਰਮਚਾਰੀ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਨੂੰ ਕੋਸਦੇ ਆ ਰਹੇ ਹਨ ਅਤੇ ਪ੍ਰੰਤੂ ਸਰਕਾਰ ਵੱਲੋਂ ਬੋਰਡ ਪ੍ਰਤੀ ਨਾਂਹ ਪੱਖੀ ਰਵੱਈਆ ਅਪਣਾਉਣ ਕਾਰਨ ਬੋਰਡ ਦੀ ਵਿੱਤੀ ਹਾਲਤ ਡਾਵਾਂਡੋਲ ਹੁੰਦੀ ਜਾ ਰਹੀ ਹੈ। ਇਸ ਦੇ ਰੋਸ ਵਜੋਂ ਅੱਜ ਬੋਰਡ ਦੇ ਸਮੂਹ ਮੁਲਾਜ਼ਮਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਰੈਲੀ ਕੀਤੀ। ਬੁਲਾਰਿਆਂ ਨੇ ਕਿਹਾ ਕਿ ਮੁਲਾਜ਼ਮ ਜਥੇਬੰਦੀ ਵੱਲੋਂ ਲਗਾਤਾਰ ਵਿੱਤ ਵਿਭਾਗ ਅਤੇ ਭਲਾਈ ਵਿਭਾਗ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ ਪ੍ਰੰਤੂ ਦੋਵੇਂ ਵਿਭਾਗਾਂ ਵੱਲੋਂ ਬੋਰਡ ਨੂੰ ਬਕਾਇਆ ਰਾਸ਼ੀ ਜਾਰੀ ਨਹੀਂ ਕੀਤੀ ਜਾ ਰਹੀ। ਪੰਜਾਬ ਦੇ ਖ਼ਜ਼ਾਨਾ ਮੰਤਰੀ, ਸਿੱਖਿਆ ਮੰਤਰੀ ਅਤੇ ਭਲਾਈ ਵਿਭਾਗ ਦੇ ਮੰਤਰੀ ਨਾਲ ਵੀ ਅਨੇਕਾਂ ਵਾਰ ਸੰਪਰਕ ਕੀਤਾ ਜਾ ਚੁੱਕਾ ਹੈ ਪ੍ਰੰਤੂ ਹੁਣ ਤੱਕ ਕਰੋੜਾਂ ਰੁਪਏ ਦੀ ਬਕਾਇਆ ਰਾਸ਼ੀ ’ਚੋਂ ਬੋਰਡ ਨੂੰ ਇੱਕ ਧੇਲਾ ਵੀ ਨਹੀਂ ਦਿੱਤਾ। ਉਲਟਾ ਸਰਕਾਰ ਵੱਲੋਂ ਬੋਰਡ ਮੈਨੇਜਮੈਂਟ ’ਤੇ ਪੋਰਟਲ ਖੋਲ੍ਹਣ ਸਬੰਧੀ ਦਬਾਅ ਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਹਰ ਸਾਲ ਲਗਪਗ 25-30 ਕਰੋੜ ਰੁਪਏ ਦੀ ਰਾਸ਼ੀ ਪ੍ਰੀਖਿਆਵਾਂ ਕਰਵਾਉਣ ’ਤੇ ਬੋਰਡ ਵੱਲੋਂ ਖ਼ਰਚ ਕੀਤੀ ਜਾਂਦੀ ਹੈ ਪ੍ਰੰਤੂ ਐਸਸੀਈਆਰਟੀ ਵੱਲੋਂ ਕੇਵਲ 3 ਕਰੋੜ ਰੁਪਏ ਦੀ ਰਾਸ਼ੀ ਹੀ ਇਸ ਕਾਰਜ ਲਈ ਜਾਰੀ ਕੀਤੀ ਜਾਂਦੀ ਹੈ, ਜਿਸ ਨਾਲ ਲਗਪਗ 120 ਕਰੋੜ ਰੁਪਏ ਦੀ ਰਾਸ਼ੀ ਸਰਕਾਰ ਵੱਲ ਪੈਂਡਿੰਗ ਹੈ। ਇਹੀ ਨਹੀਂ ਵੱਖ-ਵੱਖ ਸਕੀਮਾਂ ਤਹਿਤ ਸਪਲਾਈ ਕੀਤੀਆਂ ਕਿਤਾਬਾਂ ਦੀ ਬਕਾਇਆ ਰਾਸ਼ੀ ਵੱਧ ਕੇ 400 ਕਰੋੜ ਰੁਪਏ ਹੋ ਗਈ ਹੈ। ਜਿਸ ਬੋਰਡ ਵਿੱਤੀ ਸੰਕਟ ’ਚੋਂ ਗੁਜ਼ਰ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਮੁਲਾਜ਼ਮਾਂ ਨੂੰ ਤਨਖ਼ਾਹਾਂ ਅਤੇ ਸੇਵਾਮੁਕਤ ਕਰਮਚਾਰੀਆਂ ਨੂੰ ਪੈਨਸ਼ਨ ਦੇਣੀ ਵੀ ਅੌਖੀ ਹੋ ਗਈ ਹੈ। ਮੁਲਾਜ਼ਮ ਜਥੇਬੰਦੀ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਬਕਾਇਆ ਰਾਸ਼ੀ ਜਾਰੀ ਨਹੀਂ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਪ੍ਰੈਸ ਸਕੱਤਰ ਜਸਪ੍ਰੀਤ ਸਿੰਘ ਗਿੱਲ, ਬਲਜਿੰਦਰ ਸਿੰਘ ਬਰਾੜ, ਮਲਕੀਤ ਸਿੰਘ ਗੱਗੜ, ਹਰਦੀਪ ਸਿੰਘ ਗਿੱਲ, ਪ੍ਰਭਦੀਪ ਸਿੰਘ ਬੋਪਾਰਾਏ, ਸੁਨੀਲ ਅਰੋੜਾ, ਗੁਰਇਕਬਾਲ ਸਿੰਘ ਸੋਢੀ, ਰਾਜ ਕੁਮਾਰ ਭਗਤ, ਜਸਵੀਰ ਸਿੰਘ ਚੋਟੀਆਂ, ਜਸਪਾਲ ਸਿੰਘ ਟਹਿਣਾ, ਮਨਜਿੰਦਰ ਸਿੰਘ ਹੁਲਕਾ, ਬਲਜਿੰਦਰ ਸਿੰਘ ਮਾਂਗਟ, ਮਨਜੀਤ ਸਿੰਘ ਲਹਿਰਾਗਾਗਾ ਅਤੇ ਸੁਰਿੰਦਰ ਸਿੰਘ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ