Nabaz-e-punjab.com

ਪੰਜਾਬ ਵਿੱਚ ਕੋਈ ਵਿੱਤੀ ਸੰਕਟ ਨਹੀਂ: ਸਾਧੂ ਸਿੰਘ ਧਰਮਸੋਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਦਸੰਬਰ:
ਪੰਜਾਬ ਵਿੱਚ ਕਿਸੇ ਕਿਸਮ ਦਾ ਵਿੱਤੀ ਸੰਕਟ ਨਹੀਂ ਹੈ। ਸੂਬੇ ਦੇ ਵਿੱਤ ਤੇ ਯੋਜਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਮੌਜੂਦਾ ਹਾਲਾਤਾਂ ਬਾਰੇ ਭਲੀਭਾਂਤ ਜਾਣਦੇ ਹਨ ਅਤੇ ਉਹ ਲਗਾਤਾਰ ਵਿੱਤੀ ਸਾਧਨ ਜੁਟਾਉਣ ਅਤੇ ਹੋਰ ਵਧੇਰੇ ਸੁਧਾਰ ਲਿਆਉਣ ਵਿੱਚ ਲੱਗੇ ਹੋਏ ਹਨ। ਇਹ ਪ੍ਰਗਟਾਵਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹ ਅੱਜ ਇੱਥੇ ਪੰਜਾਬ ਰਾਜ ਵਣ ਵਿਕਾਸ ਨਿਗਮ ਦੇ ਨਵ-ਨਿਯੁਕਤ ਚੇਅਰਮੈਨ ਸਾਧੂ ਸਿੰਘ ਸੰਧੂ ਨੂੰ ਅਹੁਦਾ ਸੰਭਾਲਣ ’ਤੇ ਵਧਾਈ ਦੇਣ ਲਈ ਪਹੁੰਚੇ ਸੀ। ਉਨ੍ਹਾਂ ਭਰੋਸਾ ਪ੍ਰਗਟ ਕੀਤਾ ਕਿ ਨਵੇਂ ਚੇਅਰਮੈਨ ਵਿਭਾਗ ਦੀ ਭਲਾਈ ਲਈ ਪੂਰੀ ਲਗਨ ਅਤੇ ਸੇਵਾ ਭਾਵਨਾ ਨਾਲ ਕੰਮ ਕਰਨਗੇ।
ਖਜ਼ਾਨਾ ਭਰਿਆ ਹੋਣ ਦੀ ਗੱਲ ਕਰਦਿਆਂ ਸ੍ਰੀ ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਅਨੇਕਾਂ ਹੀ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਪਹਿਲਾਂ ਤੋਂ ਚੱਲਦੀਆਂ ਭਲਾਈ ਸਕੀਮਾਂ ਵੀ ਜਾਰੀ ਹਨ। ਜੇਕਰ ਵਿੱਤੀ ਸੰਕਟ ਹੁੰਦਾ ਤਾਂ ਹੁਣ ਤੱਕ ਕਦੋਂ ਦੀਵਾਲੀਆਂ ਨਿਕਲ ਚੁੱਕਾ ਹੁੰਦਾ, ਪ੍ਰੰਤੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਹੋਰ ਪੁਲਾਂਘ ਪੁੱਟਦਿਆਂ ਰਾਜ ਦੇ 46 ਲੱਖ ਪਰਿਵਾਰਾਂ ਨੂੰ ਸਰਬੱਤ ਸਿਹਤ ਬੀਮਾ ਸਕੀਮ ਦੇ ਘੇਰੇ ਵਿੱਚ ਲਿਆਂਦਾ ਗਿਆ ਹੈ ਅਤੇ ਹੁਣ ਤੱਕ ਇਸ ਯੋਜਨਾ ਤਹਿਤ 100 ਕਰੋੜ ਰੁਪਏ ਤੱਕ ਦਾ ਮੁਫ਼ਤ ਇਲਾਜ ਕੀਤਾ ਜਾ ਚੁੱਕਾ ਹੈ। ਜੰਗਲਾਤ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰਾਂ ਅਕਾਲੀ ਦਲ ਅਤੇ ਆਪ ਦੇ ਆਗੂਆਂ ਵੱਲੋਂ ਆਪਣੀਆਂ ਪਾਰਟੀਆਂ ਦੀ ਹੋਂਦ ਬਚਾਉਣ ਸੂਬੇ ਵਿੱਚ ਰੋਸ ਧਰਨੇ ਦਿੱਤੇ ਜਾ ਰਹੇ ਹਨ ਅਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਲੇਕਿਨ ਰਾਜ ਦੇ ਲੋਕ ਬਹੁਤ ਹੀ ਸੂਝਵਾਨ ਹਨ, ਜੋ ਇਨ੍ਹਾਂ ਦੇ ਕੂੜ ਪ੍ਰਚਾਰ ਵਿੱਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਜਿੱਥੇ ਆਪ ਵਿੱਚ ਵੱਡੇ ’ਤੇ ਕਲੇਸ਼ ਚੱਲ ਰਿਹਾ ਹੈ, ਉੱਥੇ ਬਾਦਲ ਦਲ ਪਿਛਲੇ 10 ਸਾਲਾਂ ਵਿੱਚ ਕੀਤੀਆਂ ਗਲਤੀਆਂ ’ਤੇ ਪਰਦਾ ਪਾਉਣ ਅਤੇ ਅਸਲ ਮੁੱਦਿਆਂ ਤੋਂ ਲੋਕਾਂ ਧਿਆਨ ਭਟਕਾਉਣ ਲਈ ਧਰਨਿਆਂ ਦਾ ਸਹਾਰਾ ਲੈ ਰਿਹਾ ਹੈ।
ਸ੍ਰੀ ਧਰਮਸੋਤ ਨੇ ਕਿਹਾ ਕਿ ਜੰਗਲਾਤ ਵਿਭਾਗ ਦੀ ਨਾਜਾਇਜ਼ ਕਬਜ਼ੇ ਹੇਠਲੀ ਜ਼ਮੀਨ ਨੂੰ ਛੁਡਾਉਣ ਲਈ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਜੰਗਲਾਤ ਵਿਭਾਗ ਦੀ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਅਤੇ ਲੱਕੜ ਚੋਰੀ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੇ ਹਨ, ਉੱਥੇ ਜੰਗਲਾਤ ਵਿਭਾਗ ਸੂਬੇ ਨੂੰ ਹਰਿਆ ਭਰਿਆ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ ਅਤੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡਾਂ, ਸ਼ਹਿਰਾਂ ਅਤੇ ਸੰਸਥਾਵਾਂ ਨੂੰ 550-550 ਪੌਦੇ ਮੁਹੱਈਆ ਕਰਵਾਏ ਗਏ ਹਨ। ਜਿਸ ਦੇ ਆਉਣ ਵਾਲੇ ਸਮੇਂ ਵਿੱਚ ਚੰਗੇ ਨਤੀਜੇ ਸਾਹਮਣੇ ਆਉਣਗੇ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…