nabaz-e-punjab.com

ਪਾਦਰੀ ਦੇ 6.66 ਕਰੋੜ ਗੁੰਮ: ਮੁਹਾਲੀ ਦੇ ਸਟੇਟ ਕਰਾਈਮ ਥਾਣੇ ਵਿੱਚ ਦੋ ਥਾਣੇਦਾਰਾਂ ਸਮੇਤ 3 ਜਣਿਆਂ ਖ਼ਿਲਾਫ਼ ਕੇਸ ਦਰਜ

ਆਈਜੀ ਪਰਵੀਨ ਕੁਮਾਰ ਸਿਨਹਾ ਦੀ ਮੁੱਢਲੀ ਜਾਂਚ ਤੋਂ ਬਾਅਦ ਹੋਈ ਕਾਰਵਾਈ, ਥਾਣੇਦਾਰਾਂ ਖ਼ਿਲਾਫ਼ ਵਿਭਾਗੀ ਕਾਰਵਾਈ ਸ਼ੁਰੂ

ਪੀੜਤ ਪਾਦਰੀ ਐਥਨੀ ਨੇ ਪੁਲੀਸ ਨੂੰ ਦਿੱਤੀ ਸੀ 6 ਕਰੋੜ ਤੋਂ ਵੱਧ ਰਕਮ ਹੜੱਪ ਕਰਨ ਦੀ ਸ਼ਿਕਾਇਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਪਰੈਲ:
ਜਲੰਧਰ ਦੇ ਪਾਦਰੀ ਦੀ 6.66 ਕਰੋੜ ਰੁਪਏ ਦੀ ਰਕਮ ਹੜੱਪ ਕਰਨ ਦੇ ਮਾਮਲੇ ਵਿੱਚ ਪੰਜਾਬ ਪੁਲੀਸ ਦੇ ਮੁਹਾਲੀ ਸਥਿਤ ਸਟੇਟ ਕਰਾਈਮ ਥਾਣਾ ਫੇਜ਼-4 ਵਿੱਚ ਦੋ ਥਾਣੇਦਾਰਾਂ ਸਮੇਤ ਤਿੰਨ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਕੇਸ ਵਿੱਚ ਏਐਸਆਈ ਜੋਗਿੰਦਰ ਸਿੰਘ ਅਤੇ ਏਐਸਆਈ ਰਾਜਪ੍ਰੀਤ ਸਿੰਘ ਅਤੇ ਇੱਕ ਹੋਰ ਵਿਅਕਤੀ ਸੁਰਿੰਦਰ ਸਿੰਘ ਨੂੰ ਬਾਈਨੇਮ ਨਾਮਜ਼ਦ ਕੀਤਾ ਗਿਆ ਹੈ ਜਦੋਂਕਿ ਕਈ ਹੋਰਨਾਂ ਅਣਪਛਾਤੇ ਵਿਅਕਤੀਆਂ ਨੂੰ ਵੀ ਇਸ ਕੇਸ ਵਿੱਚ ਨਾਮਜ਼ਦ ਕਰਨ ਬਾਰੇ ਪਤਾ ਲੱਗਾ ਹੈ। ਇਸ ਗੱਲ ਦੀ ਪੁਸ਼ਟੀ ਸਟੇਟ ਕਰਾਈਮ ਸੈੱਲ ਦੇ ਏਆਈਜੀ ਤੇ ਸਿੱਟ ਦੇ ਮੈਂਬਰ ਰਾਕੇਸ਼ ਕੌਸ਼ਲ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਥਾਣੇਦਾਰਾਂ ਖ਼ਿਲਾਫ਼ ਫੌਜਦਾਰੀ ਕੇਸ ਦਰਜ ਕਰਕੇ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਆਈਜੀ ਪਰਵੀਨ ਕੁਮਾਰ ਸਿਨਹਾ ਦੀ ਮੁੱਢਲੀ ਜਾਂਚ ਨੂੰ ਆਧਾਰ ਬਣਾ ਕੇ ਕੀਤੀ ਗਈ ਹੈ।
ਇਸ ਸਬੰਧੀ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਡੀਜੀਪੀ ਵੱਲੋਂ ਆਈਜੀ (ਕਰਾਈਮ) ਪਰਵੀਨ ਕੁਮਾਰ ਸਿਨਹਾ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (ਸਿੱਟ) ਦਾ ਗਠਨ ਕੀਤਾ ਗਿਆ ਹੈ। ਜਿਸ ਵਿੱਚ ਜਲੰਧਰ ਪੁਲੀਸ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਪਟਿਆਲਾ ਦੇ ਐਸਐਸਪੀ ਮਨਦੀਪ ਸਿੰਘ ਸਿੱਧੂ ਅਤੇ ਏਆਈਜੀ ਰਾਕੇਸ਼ ਕੌਸ਼ਲ ਨੂੰ ਸ਼ਾਮਲ ਕੀਤਾ ਗਿਆ ਹੈ। ਉਂਜ ਐਸਆਈਟੀ ਦੀ ਓਵਰਆਲ ਨਿਗਰਾਨੀ ਬਿਊਰੋ ਆਫ਼ ਇਨਵੇਸਟੀਗੇਸ਼ਨ ਪ੍ਰਬੋਧ ਕੁਮਾਰ ਕਰਨਗੇ। ਪੁਲੀਸ ਨੇ ਮੁਲਜ਼ਮ ਥਾਣੇਦਾਰਾਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਅਤੇ ਪਾਦਰੀ ਦੇ ਪੈਸੇ ਬਰਾਮਦ ਕਰਨ ਲਈ ਕਾਰਵਾਈ ਤੇਜ਼ ਕਰ ਦਿੱਤੀ ਹੈ।
ਉਧਰ, ਇਹ ਵੀ ਜਾਣਕਾਰੀ ਮਿਲੀ ਹੈ ਕਿ ਉਕਤ ਕੇਸ ਵਿੱਚ ਨਾਮਜ਼ਦ ਥਾਣੇਦਾਰ ਅਤੇ ਸਰਕਾਰੀ ਮੁਖ਼ਬਰ ਆਪਣੀ ਗ੍ਰਿਫ਼ਤਾਰੀ ਤੋਂ ਬਚਨ ਲਈ ਰੂਪੋਸ਼ ਹੋ ਗਏ ਹਨ। ਜਿਨ੍ਹਾਂ ਦੀ ਭਾਲ ਵਿੱਚ ਉਨ੍ਹਾਂ ਦੇ ਟਿਕਾਣਿਆਂ ਦੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੇ ਪਰਿਵਾਰਕ ਮੈਂਬਰਾਂ ’ਤੇ ਦਬਾਅ ਬਣਾਇਆ ਜਾ ਰਿਹਾ ਹੈ। ਸੂਤਰ ਦੱਸਦੇ ਹਨ ਕਿ ਇਸ ਮਾਮਲੇ ਵਿੱਚ ਡੀਐਸਪੀ ਰੈਂਕ ਦੇ ਅਧਿਕਾਰੀ ਦਾ ਨਾਂ ਵੀ ਸਾਹਮਣੇ ਆ ਰਿਹਾ ਹੈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਉਕਤ ਅਧਿਕਾਰੀ ਡਿਊਟੀ ਤੋਂ ਕਥਿਤ ਤੌਰ ’ਤੇ ਗ਼ੈਰ ਹਾਜ਼ਰ ਚੱਲ ਰਹੇ ਸੀ। ਉਂਜ ਵੀ ਪਾਦਰੀ ਤੋਂ ਪੈਸਿਆਂ ਦੀ ਬਰਾਮਦਗੀ ਸਬੰਧੀ ਪੁਲੀਸ ਵੱਲੋਂ ਘੜੀ ਗਈ ਕਹਾਣੀ ਵੀ ਕਈ ਪ੍ਰਕਾਰ ਦੇ ਸ਼ੰਕੇ ਖੜੇ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਅਧਿਕਾਰੀ ਨੇ ਇੱਕ ਮੁਖ਼ਬਰ ਖਾਸ ਦੀ ਸੂਚਨਾ ’ਤੇ ਜਲੰਧਰ ਸਥਿਤ ਪਾਦਰੀ ਦੇ ਘਰੋਂ ਸਾਢੇ 15 ਕਰੋੜ ਤੋਂ ਵੱਧ ਰਕਮ ਬਰਾਮਦ ਕੀਤੀ ਗਈ ਸੀ ਪ੍ਰੰਤੂ ਪੁਲੀਸ ਨੇ ਇਸ ਰਾਸ਼ੀ ’ਚੋਂ 6.66 ਕਰੋੜ ਹੜੱਪ ਕਰਦਿਆਂ ਸਾਢੇ 9 ਕਰੋੜ ਰੁਪਏ ਦੀ ਬਰਾਮਦਗੀ ਦਿਖਾਈ ਗਈ। ਇਸ ਸਬੰਧੀ ਪੁਲੀਸ ਦੀ ਛਾਪਾਮਾਰ ਟੀਮ ਜਲੰਧਰ ਪੁਲੀਸ ਅਤੇ ਆਮਦਨ ਕਰ ਵਿਭਾਗ ਨੂੰ ਵੀ ਇਤਲਾਹ ਦੇਣ ਦੀ ਲੋੜ ਨਹੀਂ ਸਮਝੀ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…