ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਵਿੱਚ ਮਾਜਰੀ ਥਾਣੇ ਵਿੱਚ ਐਫ਼ਆਈਆਰ ਦਰਜ
ਡੀਸੀ ਆਸ਼ਿਕਾ ਜੈਨ ਵੱਲੋਂ ਸਮਾਂਬੱਧ ਜਾਂਚ ਤੇ ਮੁਲਜ਼ਮਾਂ ਨੂੰ ਫੌਰੀ ਗ੍ਰਿਫ਼ਤਾਰ ਕਰਨ ਦੇ ਆਦੇਸ਼
ਨਬਜ਼-ਏ-ਪੰਜਾਬ, ਮੁਹਾਲੀ, 9 ਫਰਵਰੀ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਦੇ ਦੋਸ਼ੀਆਂ ਨੂੰ ਕਾਬੂ ਕਰਨ ਲਈ, ਪੁਲੀਸ ਨੇ ਮਾਜਰੀ ਥਾਣੇ ਵਿੱਚ ਮਾਈਨਜ਼ ਐਂਡ ਮਿਨਰਲਜ਼ (ਰੈਗੂਲੇਸ਼ਨ ਆਫ਼ ਡਿਵੈਲਪਮੈਂਟ) ਐਕਟ 1957 ਦੀਆਂ ਧਾਰਾਵਾਂ 21 (1) ਅਤੇ 4 (1) ਦੇ ਤਹਿਤ ਅਣਪਛਾਤੇ ਵਿਅਕਤੀਆਂ ਵਿਰੁੱਧ ਐਫਆਈਆਰ ਦਰਜ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਮੁਹਾਲੀ ਦੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਪ੍ਰਤੀ ਜ਼ੀਰੋ ਟੋਲਰੈਂਸ ਦੀ ਨੀਤੀ ਹੈ। ਜੇਕਰ ਕੋਈ ਵੀ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
ਡੀਸੀ ਆਸ਼ਿਕਾ ਜੈਨ ਨੇ ਦੱਸਿਆ ਕਿ ਮੀਆਂਪੁਰ ਚੰਗਰ ਵਿਖੇ ਗੈਰ-ਕਾਨੂੰਨੀ ਮਾਈਨਿੰਗ ਵਾਲੀ ਥਾਂ ਦੀ ਸੂਚਨਾ ਮਿਲਦਿਆਂ ਹੀ ਸਨਿੱਚਰਵਾਰ ਨੂੰ ਖਰੜ ਦੇ ਐਸਡੀਐਮ ਗੁਰਮੰਦਰ ਸਿੰਘ ਦੀ ਅਗਵਾਈ ਹੇਠ ਇਕ ਪ੍ਰਸ਼ਾਸਨਿਕ ਟੀਮ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਤੱਥਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਦੀ ਪੁਸ਼ਟੀ ਤੋਂ ਬਾਅਦ ਤੁਰੰਤ ਮੁਲਜ਼ਮਾਂ ਖ਼ਿਲਾਫ਼ ਐਫ਼ਆਈਆਰ ਦਰਜ ਕਰਨ ਦੀ ਸਿਫ਼ਾਰਿਸ਼ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਮੁੱਢਲੇ ਤੌਰ ’ਤੇ ਇਸ ਜਗ੍ਹਾ ਦੇ ਨੇੜੇ ਇੱਕ ਭਾਰੀ ਖੁਦਾਈ ਕਰਨ ਵਾਲੀ ਮਸ਼ੀਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਨੂੰ ਜ਼ਮੀਨ ਦੀ ਮਾਲਕੀ ਦਾ ਪਤਾ ਲਗਾਉਣ ਲਈ ਕਿਹਾ ਗਿਆ ਹੈ। ਡੀਸੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਨੂੰ ਇਸ ਮਾਮਲੇ ਦੀ ਸਮਾਂਬੱਧ ਜਾਂਚ ਕਰਨ ਅਤੇ ਇਸ ਗੈਰ-ਕਾਨੂੰਨੀ ਮਾਈਨਿੰਗ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੇ ਆਦੇਸ਼ ਦਿੱਤੇ ਗਏ।