
ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਨੇ ਲਈ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਪਰੈਲ:
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਕੋਵਿਡ-19 ਟੀਕਾਕਰਨ ਦੇ ਚੱਲਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਇਸ ਚੇਅਰਮੈਨ ਡਾ. ਵਰਿੰਦਰ ਭਾਟੀਆ ਨੇ ਵੀ ਕੋਵਿਡ-19 ਵੈਕਸੀਨ ਦੀ ਪਹਿਲੀ ਡੋਜ ਲਗਵਾਈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਨਾਲ ਜੁੜੇ ਹਰ ਇੱਕ ਅਦਾਰੇ ਦੇ ਸਾਰੇ ਅਹੁਦੇਦਾਰਾਂ ਨੂੰ ਵੀ ਕੋਵਿਡ-19 ਵੈਕਸੀਨ ਜ਼ਰੂਰ ਲਗਵਾਉਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਕਰੋਨਾ ਇੱਕ ਬਹੁਤ ਹੀ ਭਿਆਨਕ ਬਿਮਾਰੀ ਹੈ। ਜਿਸ ਦੇ ਬਚਾਅ ਲਈ ਸਾਰੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਇਹ ਟੀਕਾ ਲਗਾਉਣਾ ਜ਼ਰੂਰੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਕੋਵਿਡ-19 ਵੈਕਸੀਨ ਸਬੰਧੀ ਫੈਲਾਈਆਂ ਜਾ ਰਹੀ ਝੂਠੀਆਂ ਅਫ਼ਵਾਹਾਂ ਤੋਂ ਬਚਣ ਦੀ ਲੋੜ ਹੈ। ਉਨ੍ਹਾਂ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਸਰਕਾਰ ਵੱਲੋਂ ਹਰੇਕ ਅਦਾਰੇ ਵਿੱਚ ਜਾ ਕੇ ਟੀਕਾਕਰਨ ਦੀ ਪ੍ਰਸੰਸਾ ਵੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਵੈਕਸਿਨ ਲਗਵਾਉਣ ਤੋਂ ਬਾਅਦ ਸਾਨੂੰ ਕੋਵਿਡ-19 ਦੀਆਂ ਹਦਾਇਤਾਂ ਦੀ ਪੂਰੀ ਪਾਲਣਾ ਵੀ ਕਰਦੇ ਰਹਿਣਾ ਹੈ, ਤਾਂ ਹੀ ਇੱਕ ਵਧੀਆ ਸਿਹਤਮੰਦ ਅਤੇ ਨਿਰੋਗ ਸਮਾਜ ਬਣਿਆ ਰਹਿ ਸਕਦਾ ਹੈ। ਉਨ੍ਹਾਂ ਕਿਹਾ ਕਿ ਬੋਰਡ ਮੈਨੇਜਮੈਂਟ ਅਤੇ ਮੁਲਾਜ਼ਮ ਜਥੇਬੰਦੀ ਵੱਲੋਂ ਸ਼ੁੱਕਰਵਾਰ ਨੂੰ ਮੁੱਖ ਦਫ਼ਤਰ ਵਿੱਚ ਕੋਵਿਡ ਟੀਕਾਕਰਨ ਕੈਂਪ ਲਗਾਇਆ ਗਿਆ ਸੀ ਅਤੇ ਜੇਕਰ ਲੋੜ ਪਈ ਤਾਂ ਅਜਿਹੇ ਹੋਰ ਉਪਰਾਲੇ ਕੀਤੇ ਜਾਣਗੇ ਅਤੇ ਬੋਰਡ ਅਧਿਕਾਰੀਆਂ ਅਤੇ ਦਫ਼ਤਰੀ ਸਟਾਫ਼ ਨੂੰ ਕਰੋਨਾ ਤੋਂ ਬਚਾਅ ਲਈ ਹਰ ਸੰਭਵ ਯਤਨ ਕੀਤੇ ਜਾਣਗੇ।