ਪਲੇਠੀ ਮੀਟਿੰਗ: ਨਵੇਂ ਡੀਸੀ ਵੱਲੋਂ ਨਸ਼ਿਆਂ ਵਿਰੁੱਧ ਵਿਆਪਕ ਜਾਗਰੂਕਤਾ ਮੁਹਿੰਮ ਦਾ ਸੱਦਾ

ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਖਾਣੇ ਦੇ ਖ਼ਰਚੇ ਵਧਾਉਣ ਤੇ ਕੰਟੀਨ ਖੋਲ੍ਹਣ ਦੀ ਮਨਜ਼ੂਰੀ

ਜ਼ਿਲ੍ਹਾ ਨਸ਼ਾ ਛੁਡਾਊ ਤੇ ਮੁੜ ਵਸੇਬਾ ਸੁਸਾਇਟੀ ਦੀ ਮੀਟਿੰਗ ਵਿੱਚ ਕੀਤੀ ਸਮੀਖਿਆ

ਨਬਜ਼-ਏ-ਪੰਜਾਬ, ਮੁਹਾਲੀ, 27 ਫਰਵਰੀ:
ਮੁਹਾਲੀ ਦੀ ਨਵੀਂ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਪਲੇਠੀ ਮੀਟਿੰਗ ਵਿੱਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ’ਤੇ ਜ਼ੋਰ ਦਿੱਤਾ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਕੌਂਸਲਰਾਂ ਅਤੇ ਨਸ਼ਾ ਛੱਡ ਚੁੱਕੇ ਲੋਕਾਂ ਦੇ ਸਹਿਯੋਗ ਨਾਲ ਵਿੱਦਿਅਕ ਅਦਾਰਿਆਂ ਵਿੱਚ ਸੈਮੀਨਾਰ ਕਰਵਾਉਣ ਅਤੇ ਸ਼ਹਿਰਾਂ ਅਤੇ ਪਿੰਡਾਂ ਦੀਆਂ ਸੱਥਾਂ ਵਿੱਚ ਨਸ਼ਿਆਂ ਖ਼ਿਲਾਫ਼ ਵੱਡੇ ਪੱਧਰ ’ਤੇ ਜਾਗਰੂਕਤਾ ਦਾ ਹੋਕਾ ਦੇਣ ਦੀ ਗੱਲ ਆਖੀ।
ਅੱਜ ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਸੁਸਾਇਟੀ ਦੀ ਮੀਟਿੰਗ ਦੌਰਾਨ ਸ੍ਰੀਮਤੀ ਕੋਮਲ ਮਿੱਤਲ ਨੇ ਮੁਹਾਲੀ ਜ਼ਿਲ੍ਹੇ ਵਿੱਚ ਚੱਲ ਰਹੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੇ ਕੰਮਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਨਿੱਜੀ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ’ਤੇ ਨਜ਼ਰ ਰੱਖਣ ਲਈ ਸਮੇਂ-ਸਮੇਂ ’ਤੇ ਸਬੰਧਤ ਕੇਂਦਰਾਂ ਦੀ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਇਨ੍ਹਾਂ ਓ.ਓ.ਏ.ਟੀ ਕੇਂਦਰਾਂ, ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੇ ਕੰਮ ਦੀ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣ ਲਈ ਹੋਰ ਸੁਧਾਰ ਕੀਤੇ ਜਾ ਸਕਣ।
ਡੀਸੀ ਸ੍ਰੀਮਤੀ ਮਿੱਤਲ ਨੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਖਾਣੇ ਦੇ ਖ਼ਰਚਿਆਂ ਵਿੱਚ ਵਾਧੇ ਨੂੰ ਪ੍ਰਵਾਨਗੀ ਦਿੰਦਿਆਂ ਸਰਕਾਰੀ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਸੈਕਟਰ-66 ਵਿਖੇ ਇੱਕ ਕੰਟੀਨ ਸਥਾਪਿਤ ਕਰਨ ਨੂੰ ਮਨਜ਼ੂਰ ਦਿੱਤੀ ਗਈ। ਉਨ੍ਹਾਂ ਸਾਰੇ ਐਸਐਮਓਜ਼, ਮਨੋਰੋਗ ਮਾਹਰਾਂ ਅਤੇ ਗੈਰ-ਸਰਕਾਰੀ ਸੰਗਠਨਾਂ ਤੋਂ ਫੀਡਬੈਕ ਲੈਂਦਿਆਂ ਇਸ ਸਬੰਧੀ ਆਉਣ ਵਾਲੇ ਦਿਨਾਂ ਵਿੱਚ ਠੋਸ ਕਦਮ ਚੁੱਕਣ ਦਾ ਭਰੋਸਾ ਦਿੱਤਾ।
ਉਨ੍ਹਾਂ ਸਕੂਲ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਸੁਚੇਤ ਰੱਖਣ ਲਈ ਰੋਕਥਾਮ ਉਪਾਅ ਵਜੋਂ ਵੱਧ ਤੋਂ ਵੱਧ ਜਾਗਰੂਕਤਾ ਦੀ ਲੋੜ ’ਤੇ ਜ਼ੋਰ ਦਿੱਤਾ। ਮੀਟਿੰਗ ਵਿੱਚ ਏਡੀਸੀ ਸ੍ਰੀਮਤੀ ਸੋਨਮ ਚੌਧਰੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਪਰਵਿੰਦਰ ਪਾਲ ਕੌਰ, ਸਹਾਇਕ ਸਿਵਲ ਡਾ. ਗਿਰੀਸ਼ ਡੋਗਰਾ, ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਕੁਮਾਰ ਅਤੇ ਸਰਕਾਰੀ ਹਸਪਤਾਲਾਂ ਦੇ ਐਸਐਮਓਜ਼ ਅਤੇ ਮਨੋਵਿਗਿਆਨੀ ਵੀ ਹਾਜ਼ਰ ਸਨ।

Load More Related Articles

Check Also

ਮੈਗਾ ਮਾਪੇ-ਅਧਿਆਪਕ ਮਿਲਣੀ ਵਿੱਚ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਬੈਂਸ

ਮੈਗਾ ਮਾਪੇ-ਅਧਿਆਪਕ ਮਿਲਣੀ ਵਿੱਚ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਬੈਂਸ ਹਰਜੋਤ ਬੈਂਸ ਨੇ ਫੇਜ਼-11 ਸਕੂਲ ਵਿੱਚ …