ਪੰਜਾਬ ਸਰਕਾਰ ਵੱਲੋਂ ਸਿੱਖਿਆ ਸੁਧਾਰਾਂ ਲਈ ਉੱਚ ਸਿੱਖਿਆ ਸੰਸਥਾਵਾਂ ਲਈ ਰੈਗੂਲੇਟਰੀ ਅਥਾਰਟੀ ਬਣਾਉਣ ਲਈ ਪਲੇਠੀ ਮੀਟਿੰਗ

ਮੈਡੀਕਲ, ਤਕਨੀਕੀ ਤੇ ਸਿੱਖਿਆ ਮੰਤਰੀਆਂ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਯੂਨੀਵਰਸਿਟੀ ਦੇ ਕੁਲਪਤੀ ਤੇ ਉਪ ਕੁਲਪਤੀਆਂ ਨਾਲ ਚਰਚਾ

ਸਾਰੀਆਂ ਧਿਰਾਂ ਦੇ ਸੁਝਾਅ ਸੁਣਨ ਉਪਰੰਤ ਹੀ ਕੀਤਾ ਜਾਵੇਗਾ ਫੈਸਲਾ: ਬ੍ਰਹਮ ਮਹਿੰਦਰਾ

ਉਚੇਰੀ ਸਿੱਖਿਆ ’ਚ ਸੁਧਾਰਾਂ ਲਈ ਰੈਗੂਲੇਟਰੀ ਅਥਾਰਟੀ ਬਣਾਉਣ ਦੇ ਵਾਅਦੇ ਨੂੰ ਹਰ ਹੀਲੇ ਪੂਰਾ ਕੀਤਾ ਜਾਵੇਗਾ: ਚੰਨੀ

ਵਿਦਿਆਰਥੀਆਂ ਦੇ ਹਿੱਤਾਂ ਨੂੰ ਸਰਵੋਤਮ ਪਹਿਲ ਦਿੱਤੀ ਜਾਵੇਗੀ: ਅਰੁਣਾ ਚੌਧਰੀ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 6 ਸਤੰਬਰ:
ਪੰਜਾਬ ਸਰਕਾਰ ਵੱਲੋਂ ਉਚੇਰੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੱਕਣ, ਉਚੇਰੀ ਸਿੱਖਿਆ ਦੇ ਸਾਰੇ ਸਰਕਾਰੀ ਅਤੇ ਨਿੱਜੀ ਅਦਾਰਿਆਂ ਦੇ ਕੰਮ ਕਾਜ ਵਿਚ ਪਾਰਦਰਸ਼ਤਾ ਲਿਆਉਣ ਅਤੇ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਰੈਗੂਲੇਟਰੀ ਅਥਾਰਟੀ ਬਣਾਉਣ ਦੀ ਦਿਸ਼ਾਂ ਵਿੱਚ ਅੱਜ ਪਲੇਠੀ ਮੀਟਿੰਗ ਕੀਤੀ ਗਈ। ਮੈਡੀਕਲ ਸਿੱਖਿਆ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਦੀ ਪ੍ਰਧਾਨਗੀ ਹੇਠ ਬਣੀ ਤਿੰਨ ਮੰਤਰੀਆਂ ਦੀ ਕਮੇਟੀ ਜਿਸ ਵਿੱਚ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਤੇ ਉਚੇਰੀ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਵੀ ਸ਼ਾਮਲ ਸਨ, ਨੇ ਅੱਜ ਸੂਬੇ ਦੀਆਂ ਸਾਰੀਆਂ ਸਰਕਾਰੀ ਤੇ ਪ੍ਰਾਈਵੇਟ ਯੂਨੀਵਰਸਿਟੀਆਂ ਦੇ ਕੁਲਪਤੀਆਂ ਤੇ ਉਪ ਕੁਲਪਤੀਆਂ ਨਾਲ ਮੀਟਿੰਗ ਕਰ ਕੇ ਡੰੂਘੀਆਂ ਵਿਚਾਰਾਂ ਕੀਤੀਆਂ।
ਉਚੇਰੀ ਸਿੱਖਿਆ ਦੇ ਵਧੀਕ ਮੁੱਖ ਸਕੱਤਰ ਸ੍ਰੀ ਐਸ.ਕੇ.ਸੰਧੂ, ਤਕਨੀਕੀ ਸਿੱਖਿਆ ਦੇ ਵਧੀਕ ਮੁੱਖ ਸਕੱਤਰ ਸ੍ਰੀ ਜੀ.ਵਜਰਾਲਿੰਗਮ ਤੇ ਮੈਡੀਕਲ ਸਿੱਖਿਆ ਦੇ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਵੀ ਮੀਟਿੰਗ ਵਿੱਚ ਹਾਜ਼ਰ ਹੋਏ। ਅੱਜ ਇੱਥੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੀ ਸ਼ੁਰੂਆਤ ਵਿੱਚ ਬੋਲਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਣੀ ਇਸ ਕਮੇਟੀ ਦੀ ਅੱਜ ਪਹਿਲੀ ਮੀਟਿੰਗ ਹੈ।
ਉਨ੍ਹਾਂ ਕਿਹਾ ਕਿ ਰੈਗੂਲੇਟਰੀ ਅਥਾਰਟੀ ਨੂੰ ਬਣਾਉਣ ਦਾ ਮੁੱਖ ਮਕਸਦ ਕੇਂਦਰ ਸਰਕਾਰ, ਸੂਬਾ ਸਰਕਾਰ ਅਤੇ ਉਚੇਰੀ ਸਿੱਖਿਆ ਨਾਲ ਸਬੰਧਤ ਸਰਕਾਰੀ ਸੰਸਥਾਵਾਂ ਵਲੋਂ ਤੈਅ ਕੀਤੇ ਨਿਯਮਾਂ ਨੂੰ ਲਾਗੂ ਕਰਵਾਉਣਾ ਹੈ ਅਤੇ ਇਸ ਨੂੰ ਬਣਾਉਣ ਤੋਂ ਪਹਿਲਾਂ ਸਾਰੀਆਂ ਧਿਰਾਂ ਨਾਲ ਮੀਟਿੰਗ ਕਰ ਕੇ ਸੁਝਾਅ ਲੈਣ ਲਈ ਇਹ ਮੀਟਿੰਗ ਸੱਦੀ ਗਈ ਹੈ। ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚੰਨੀ ਨੇ ਕਿਹਾ ਕਿ ਉਚੇਰੀ ਸਿੱਖਿਆ ਦੇ ਖੇਤਰ ਵਿਚ ਸਰਕਾਰੀ ਅਤੇ ਨਿੱਜੀ ਸੰਸਥਾਵਾਂ ਵਿਚ ਸਿੱਖਿਆ ਦੇ ਮਿਆਰ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਵੱਡੇ ਸੁਧਾਰਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇਹ ਵੱਡੀ ਮੰਗ ਸੀ ਕਿ ਉਚੇਰੀ ਸਿੱਖਿਆ ਉਚੇਰੀ ਸਿੱਖਿਆ ਦੇ ਖੇਤਰ ਵਿਚ ਸੁਧਾਰਾਂ ਲਈ ਕੋਈ ਸਰਕਾਰੀ ਅਥਾਰਟੀ ਦੀ ਸਥਾਪਨਾ ਕੀਤੀ ਜਾਵੇ, ਜਿਸ ਬਾਰੇ ਮੈਨੀਫੈਸਟੋ ਵਿਚ ਵੀ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਗਿਆ ਸੀ।
ਸ੍ਰੀ ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਲੋਂ ਰੈਗੂਲੇਟਰੀ ਅਥਾਰਟੀ ਦਾ ਖਰੜਾ ਤਿਆਰ ਕਰਨ ਲਈ ਮੈਡੀਕਲ ਸਿੱਖਿਆ ਮੰਤਰੀ ਦੀ ਅਗਵਾਈ ਵਿਚ ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਮੰਤਰੀਆਂ ਦੀ ਇਕ ਕਮੇਟੀ ਬਣਾਈ ਗਈ ਹੈ। ਸ੍ਰੀ ਚੰਨੀ ਨੇ ਦੱਸਿਆ ਕਿ ਇਸ ਕਮੇਟੀ ਵਲੋਂ ਅੱਜ ਰੈਗੂਲੇਟਰੀ ਅਥਾਰਟੀ ਦੇ ਗਠਨ ਸਬੰਧੀ ਸਰਕਾਰ ਵੱਲੋਂ ਉਠਾਏ ਜਾਣ ਵਾਲੇ ਕਦਮਾਂ ਬਾਰੇ ਸਰਕਾਰੀ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਦੇ ਨੁਮਾਇੰਦਿਆਂ ਨਾਲ ਵਿਚਾਰ ਸਾਂਝੇ ਕੀਤੇ ਗਏ। ਇਸ ਦੇ ਨਾਲ ਹੀ ਸਰਕਾਰੀ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਦੇ ਰੈਗੂਲੇਟਰੀ ਅਥਾਰਟੀ ਦੇ ਗਠਨ ਬਾਰੇ ਉਨ੍ਹਾਂ ਦੇ ਸੁਝਾਅ ਲਏ ਗਏ। ਇਸ ਦੇ ਨਾਲ ਹੀ ਸ੍ਰੀ ਚੰਨੀ ਨੇ ਦੱਸਿਆ ਕਿ ਸਾਰੀਆਂ ਸੰਸਥਾਵਾਂ ਦੇ ਮੁੱਖੀਆਂ ਨੂੰ ਮੀਟਿੰਗ ਦੌਰਾਨ ਇਹ ਵੀ ਕਿਹਾ ਗਿਆ ਹੈ ਕਿ ਉਹ ਲਿਖਤੀ ਤੌਰ ’ਤੇ ਵੀ ਆਪਣੇ ਸੁਝਾਅ ਭੇਜ ਸਕਦੇ ਹਨ।
ਉਚੇਰੀ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਕਿ ਵਿਦਿਆਰਥੀਆਂ ਦੇ ਹਿੱਤਾਂ ਨੂੰ ਸਰਵੋਤਮ ਪਹਿਲ ਦਿੱਤੀ ਜਾਵੇਗੀ ਅਤੇ ਇਨ੍ਹਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਕੋਈ ਫੈਸਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰੈਗੂਲੇਟਰੀ ਅਥਾਰਟੀ ਬਣਾਉਣ ਦਾ ਮਕਸਦ ਕਿਸੇ ਸਿੱਖਿਆ ਸੰਸਥਾ ਉਪਰ ਸਖਤੀ ਨਹੀਂ ਕਰਨੀ ਬਲਕਿ ਮਿਆਰੀ ਸਿੱਖਿਆ ਦੇ ਟੀਚਿਆਂ ਨੂੰ ਪੂਰਾ ਕਰਨਾ ਹੈ ਅਤੇ ਸਿੱਖਿਆ ਸੰਸਥਾਵਾਂ ਲਈ ਬਣਾਏ ਨਿਯਮਾਂ ਨੂੰ ਲਾਗੂ ਕਰਨਾ ਹੈ। ਇਸ ਮੀਟਿੰਗ ਉਪਰੰਤ ਪ੍ਰਾਈਵੇਟ ਕਾਲਜਾਂ ਦੀਆਂ ਐਸੋਸੀਏਸ਼ਨ ਦੇ ਵਫਦ ਵੱਲੋਂ ਵੀ ਕੈਬਨਿਟ ਮੰਤਰੀਆਂ ਦੀ ਕਮੇਟੀ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਸਾਬਕਾ ਮੰਤਰੀ ਸ. ਇੰਦਰਜੀਤ ਸਿੰਘ ਜ਼ੀਰਾ ਤੇ ਸਾਬਕਾ ਵਿਧਾਇਕ ਸ੍ਰੀ ਅਸ਼ਵਨੀ ਸੇਖੜੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…