ਏਡੀਜੀਪੀ ਅਰਪਿਤ ਸ਼ੁਕਲਾ ਦੀ ਅਗਵਾਈ ਹੇਠ ਸ਼ਹਿਰ ਵਿੱਚ ਕੀਤਾ ਫਲੈਗ ਮਾਰਚ

ਪੰਜਾਬ ਪੁਲੀਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਮੁਸਤੈਦ: ਏਡੀਜੀਪੀ ਅਰਪਿਤ ਸ਼ੁਕਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਮਈ:
ਪੰਜਾਬ ਪੁਲੀਸ ਦੇ ਸਪੈਸ਼ਲ ਡੀਜੀਪੀ (ਕਾਨੂੰਨ ਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਕਿਹਾ ਕਿ ਪੰਜਾਬ ਪੁਲੀਸ ਆਮ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਮੁਸਤੈਦ ਹੈ। ਉਨ੍ਹਾਂ ਨੇ ਮੁਹਾਲੀ ਦੇ ਵੱਖ-ਵੱਖ ਹਿੱਸਿਆਂ ਵਿੱਚ ਪੁਲੀਸ ਵੱਲੋਂ ਕੱਢੇ ਗਏ ਫਲੈਗ ਮਾਰਚ ਦੀ ਅਗਵਾਈ ਕੀਤੀ ਅਤੇ ਸੁਰੱਖਿਆ ਇੰਤਜ਼ਾਮਾਂ ਦੀ ਸਮੀਖਿਆ ਕਰਦਿਆਂ ਆਮ ਨਾਗਰਿਕਾਂ ਨਾਲ ਵੀ ਸਿੱਧੀ ਗੱਲ ਕੀਤੀ। ਇਸ ਮੌਕੇ ਮੁਹਾਲੀ ਦੇ ਐੱਸਐੱਸਪੀ ਡਾ. ਸੰਦੀਪ ਗਰਗ, ਐਸਪੀ ਸਿਟੀ ਆਕਾਸ਼ਦੀਪ ਸਿੰਘ ਅੌਲਖ, ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਵੀ ਮੌਜੂਦ ਰਹੇ।
ਮੁਹਾਲੀ ਪੁਲੀਸ ਦਾ ਇਹ ਫਲੈਗ ਮਾਰਚ ਇੱਥੋਂ ਦੇ ਫੇਜ਼-7 ਤੋਂ ਸ਼ੁਰੂ ਹੋਇਆ। ਇੱਥੋਂ ਪੁਲੀਸ ਦਾ ਵੱਡਾ ਕਾਫ਼ਲਾ ਫੇਜ਼-3ਬੀ-2 ਦੀ ਮਾਰਕੀਟ ਵਿੱਚ ਪਹੁੰਚਿਆ। ਇੱਥੇ ਸੀਨੀਅਰ ਪੁਲੀਸ ਅਫ਼ਸਰਾਂ ਅਤੇ ਕਰਮਚਾਰੀਆਂ ਨੇ ਮਾਰਕੀਟ ਵਿੱਚ ਪੈਦਲ ਮਾਰਚ ਕੀਤਾ। ਇਸ ਤੋਂ ਬਾਅਦ ਪੁਲੀਸ ਦਾ ਇਹ ਕਾਫ਼ਲਾ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਤੋਂ ਹੁੰਦਾ ਹੋਇਆ ਮੁਹਾਲੀ ਏਅਰਪੋਰਟ ਰਾਹੀਂ ਫੇਜ਼-11 ਵਿੱਚ ਪਹੁੰਚ ਕੇ ਸਮਾਪਤ ਹੋਇਆ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਏਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਸਮਾਜ ਵਿਰੋਧੀ ਅਨਸਰਾਂ, ਨਸ਼ਿਆਂ ਦੇ ਕਾਰੋਬਾਰੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ ਤਾਂ ਜੋ ਅਪਰਾਧੀਆਂ ਦੀਆਂ ਗਤੀਵਿਧੀਆਂ ਅਤੇ ਜੁਰਮ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਅਪਰੇਸ਼ਨ ਵਿਜਿਲ ਦੇ ਤਹਿਤ ਪੰਜਾਬ ਭਰ ਵਿੱਚ ਫਲੈਗ ਮਾਰਚ ਕੱਢੇ ਜਾ ਰਹੇ ਹਨ ਤਾਂ ਜੋ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕੀਤੀ ਜਾ ਸਕੇ ਅਤੇ ਲੋਕਾਂ ਦਾ ਪੁਲੀਸ ਪ੍ਰਤੀ ਭਰੋਸਾ ਕਾਇਮ ਰਹੇ। ਉਨ੍ਹਾਂ ਦੱਸਿਆ ਕਿ ਇਸ ਅਪਰੇਸ਼ਨ ਦੇ ਹਿੱਸੇ ਵਜੋਂ ਆਮ ਲੋਕਾਂ ਲਈ ਘੱਟੋ-ਘੱਟ ਅਸੁਵਿਧਾ ਯਕੀਨੀ ਬਣਾਉਂਦਿਆਂ ਅੰਤਰਰਾਜੀ ਅਤੇ ਅੰਤਰ-ਜ਼ਿਲ੍ਹਾ ਹਾਈਟੈੱਕ ਨਾਕੇ ਲਗਾਏ ਜਾ ਰਹੇ ਹਨ ਅਤੇ ਬਾਹਰਲੇ ਰਾਜਾਂ ਤੋਂ ਆਉਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਮੁਲਾਜ਼ਮਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਉਹ ਇਸ ਕਾਰਵਾਈ ਦੌਰਾਨ ਹਰੇਕ ਵਿਅਕਤੀ ਦੀ ਤਲਾਸ਼ੀ ਲੈਣ ਜਾਂ ਵਾਹਨਾਂ ਦੀ ਚੈਕਿੰਗ ਸਮੇਂ ਨਿਮਰਤਾ ਨਾਲ ਪੇਸ਼ ਆਉਣ।

Load More Related Articles

Check Also

ਆਮ ਨਾਗਰਿਕਾਂ ਨੂੰ ਸਰੀਰਕ ਅਤੇ ਮਾਨਸਿਕ ਸੰਤੁਸ਼ਟੀ ਦੇ ਰਹੀ ਹੈ ‘ਸੀਐਮ ਦੀ ਯੋਗਸ਼ਾਲਾ’

ਆਮ ਨਾਗਰਿਕਾਂ ਨੂੰ ਸਰੀਰਕ ਅਤੇ ਮਾਨਸਿਕ ਸੰਤੁਸ਼ਟੀ ਦੇ ਰਹੀ ਹੈ ‘ਸੀਐਮ ਦੀ ਯੋਗਸ਼ਾਲਾ’ ਸੀਐਮ ਦੀ ਯੋਗਸ਼ਾਲਾ ਦਾ ਲੋ…