
ਡੀਐਸਪੀ ਗੁਰਸ਼ੇਰ ਸਿੰਘ ਸੰਧੂ ਦੀ ਅਗਵਾਈ ਹੇਠ ਵੱਖ-ਵੱਖ ਮਾਰਕੀਟਾਂ ਵਿੱਚ ਫਲੈਗ ਮਾਰਚ
ਮੁਹਾਲੀ ਵਿੱਚ ਜਨਤਕ ਥਾਵਾਂ ’ਤੇ ਸ਼ਰਾਬ ਪੀਣ ਤੇ ਹੁੱਲੜਬਾਜ਼ੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਦਸੰਬਰ:
ਮੁਹਾਲੀ ਵਿੱਚ ਜਨਤਕ ਥਾਵਾਂ ’ਤੇ ਸ਼ਰ੍ਹੇਆਮ ਸ਼ਰਾਬ ਪੀਣ ਅਤੇ ਬਾਜ਼ਾਰਾਂ ਵਿੱਚ ਹੁੱਲੜਬਾਜ਼ੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ ਹੈ। ਮੁਹਾਲੀ ਪੁਲੀਸ ਨੇ ਸ਼ਰਾਰਤ ਅਨਸਰਾਂ ਖ਼ਿਲਾਫ਼ ਸਖ਼ਤ ਸ਼ਿਕੰਜਾ ਕੱਸਦਿਆਂ ਬੀਤੇ ਦਿਨੀਂ ਮਾਰਕੀਟਾਂ ਦੀਆਂ ਪਾਰਕਿੰਗਾਂ ਅਤੇ ਖਾਣ ਪੀਣ ਵਾਲੀਆਂ ਦੁਕਾਨਾਂ ਨੇੜੇ ਵਾਹਨ ਖੜ੍ਹੇ ਕਰਕੇ ਸ਼ਰ੍ਹੇਆਮ ਸ਼ਰਾਬ ਪੀਣ ਵਾਲੇ ਵਿਅਕਤੀਆਂ ਦੇ ਖ਼ਿਲਾਫ਼ ਪਰਚਾ ਕੀਤਾ ਗਿਆ। ਇਸ ਦੌਰਾਨ ਦੇਰ ਸ਼ਾਮ ਨੂੰ ਮੁਹਾਲੀ ਦੇ ਡੀਐਸਪੀ (ਸਿਟੀ-1) ਗੁਰਸ਼ੇਰ ਸਿੰਘ ਸੰਧੂ ਦੀ ਅਗਵਾਈ ਹੇਠ ਪੁਲੀਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਇੱਥੋਂ ਦੇ ਫੇਜ਼-7, ਫੇਜ਼-3ਬੀ2, ਫੇਜ਼-5 ਅਤੇ ਫੇਜ਼-4 ਵਿੱਚ ਪੈਦਲ ਮਾਰਚ ਕੀਤਾ ਗਿਆ। ਜਦੋਂਕਿ ਕੁਝ ਪੁਲੀਸ ਕਰਮਚਾਰੀ ਗੱਡੀਆਂ ਅਤੇ ਮੋਟਰ ਸਾਈਕਲਾਂ ’ਤੇ ਹੂਟਰ ਵਜਾਉਂਦੇ ਹੋਏ ਉਨ੍ਹਾਂ ਦੇ ਨਾਲ-ਨਾਲ ਚੱਲ ਰਹੇ ਸੀ।
ਇਸ ਮੌਕੇ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਨੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਵੱਲੋਂ ਮਾਰਕੀਟਾਂ ਦੀਆਂ ਪਾਰਕਿੰਗਾਂ ਵਿੱਚ ਵਾਹਨ ਖੜੇ ਕਰਕੇ ਸ਼ਰਾਬ ਪੀਣ ਬਾਰੇ ਸ਼ਿਕਾਇਤਾਂ ਮਿਲ ਰਹੀਆਂ ਸਨ। ਸੂਚਨਾ ਮਿਲਣ ’ਤੇ ਉਨ੍ਹਾਂ ਨੇ ਫੇਜ਼-1 ਥਾਣਾ ਮਟੌਰ ਥਾਣੇ ਦੇ ਪੁਲੀਸ ਕਰਮਚਾਰੀਆਂ ਨੂੰ ਆਪਣੇ ਨਾਲ ਲੈ ਕੇ ਵੱਖ-ਵੱਖ ਮਾਰਕੀਟਾਂ ਵਿੱਚ ਇਹ ਪੈਦਲ ਫਲੈਗ ਮਾਰਚ ਕੀਤਾ ਗਿਆ ਹੈ ਤਾਂ ਜੋ ਆਮ ਸ਼ਹਿਰੀਆਂ ਵਿੱਚ ਇਹ ਭਰੋਸਾ ਪੈਦਾ ਹੋਵੇ ਕਿ ਮੁਹਾਲੀ ਇੱਕ ਸੁਰੱਖਿਅਤ ਸ਼ਹਿਰ ਹੈ ਅਤੇ ਪੁਲੀਸ ਉਨ੍ਹਾਂ ਦੀ ਸੁਰੱਖਿਆ ਲਈ ਹਰ ਵੇਲੇ ਮੌਜੂਦ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵਿੱਚ ਮਾਰਕੀਟਾਂ ਦੀਆਂ ਪਾਰਕਿੰਗਾਂ ਵਿੱਚ ਹੱੁਲੜਬਾਜ਼ੀ ਕਰਨ ਵਾਲੇ ਨੌਜਵਾਨਾਂ ਨੂੰ ਕਾਨੂੰਨ ਦਾ ਪਾਠ ਪੜ੍ਹਾਉਂਦਿਆਂ ਜੇਲ੍ਹ ਵਿੱਚ ਬੰਦ ਕੀਤਾ ਗਿਆ ਸੀ।
ਡੀਐਸਪੀ ਨੇ ਦੱਸਿਆ ਕਿ ਲੋਕਾਂ ਨੂੰ ਇਹ ਆਮ ਸ਼ਿਕਾਇਤ ਸੀ ਕਿ ਸ਼ਹਿਰ ਦੀਆਂ ਮਾਰਕੀਟਾਂ ਵਿੱਚ ਕੁਝ ਨੌਜਵਾਨਾਂ ਦੇ ਟੋਲੀਆਂ ਬੰਨ੍ਹ ਕੇ ਹੁੱਲੜਬਾਜ਼ੀ ਕਰਦੇ ਹਨ। ਉਨ੍ਹਾਂ ਕਿਹਾ ਕਿ ਹੁਣ ਸ਼ਹਿਰ ਵਿੱਚ ਨਗਰ ਨਿਗਮ ਦੀਆਂ ਚੋਣਾਂ ਲਈ ਵੀ ਮਾਹੌਲ ਭਖਣਾ ਸ਼ੁਰੂ ਹੋ ਗਿਆ ਹੈ। ਲਿਹਾਜ਼ਾ ਇਨ੍ਹਾਂ ਸਾਰੇ ਪਹਿਲੂਆਂ ਨੂੰ ਮੁੱਖ ਰੱਖਦਿਆਂ ਪੁਲੀਸ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਵੀ ਵਿਅਕਤੀ ਨੂੰ ਸ਼ਹਿਰ ਦਾ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀਆਂ ਗਤੀਵਿਧੀਆਂ ’ਤੇ ਪੂਰੀ ਨਜ਼ਰ ਰੱਖਣ ਅਤੇ ਸ਼ਹਿਰ ਵਿੱਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਪੁਲੀਸ ਨੂੰ ਸਹਿਯੋਗ ਦਿੱਤਾ ਜਾਵੇ।