ਹੜ੍ਹਾਂ ਦੀ ਤਬਾਹੀ: ਪੀੜਤ ਲੋਕਾਂ ਦੇ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ ਸਰਕਾਰ: ਮੁੱਖ ਮੰਤਰੀ

ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਖੇਤ ਮਜ਼ਦੂਰਾਂ ਨੂੰ ਰਾਹਤ ਦੇਣ ਲਈ ਨੀਤੀ ਬਣਾਈ

ਰਵਾਇਤੀ ਪਾਰਟੀਆਂ ਦੇ ਭ੍ਰਿਸ਼ਟ ਆਗੂਆਂ ਤੋਂ ਇਕ-ਇਕ ਪੈਸਾ ਵਸੂਲਿਆ ਜਾਵੇਗਾ: ਭਗਵੰਤ ਮਾਨ

ਨਬਜ਼-ਏ-ਪੰਜਾਬ, ਮੁਹਾਲੀ, 30 ਜੁਲਾਈ:
ਪੰਜਾਬ ਵਿੱਚ ਪਿਛਲੇ ਦਿਨਾਂ ਦੌਰਾਨ ਹੜ੍ਹਾਂ ਕਾਰਨ ਹੋਏ ਨੁਕਸਾਨ ’ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਫ਼ਸਲਾਂ, ਘਰਾਂ, ਪਸ਼ੂਆਂ ਅਤੇ ਹੋਰ ਨੁਕਸਾਨ ਦਾ ਪਤਾ ਲਗਾਉਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ ਅਤੇ ਅਧਿਕਾਰੀਆਂ ਨੂੰ 15 ਅਗਸਤ ਤੱਕ ਸਰਵੇ ਦਾ ਕੰਮ ਮੁਕੰਮਲ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਲੋਕਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕੁਦਰਤੀ ਆਫ਼ਤ ਦੀ ਸਥਿਤੀ ਵਿੱਚ ਫ਼ਸਲਾਂ ਦੇ ਨੁਕਸਾਨ ਕਾਰਨ ਖੇਤ ਮਜ਼ਦੂਰਾਂ ਨੂੰ ਰਾਹਤ ਦੇਣ ਲਈ ਨੀਤੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਫ਼ਸਲਾਂ ਦੇ ਨੁਕਸਾਨ ਦੀ ਭਰਪਾਈ ਲਈ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਰਾਹਤ ਰਾਸ਼ੀ ਜਾਰੀ ਕੀਤੀ ਜਾਂਦੀ ਹੈ। ਇਸ ਨੀਤੀ ਤਹਿਤ ਰਾਹਤ ਰਾਸ਼ੀ ਦਾ 10 ਫੀਸਦੀ ਸੂਬੇ ਦੇ ਬਜਟ ’ਚੋਂ ਪ੍ਰਦਾਨ ਕੀਤਾ ਜਾਵੇਗਾ ਤਾਂ ਜੋ ਖੇਤ ਮਜ਼ਦੂਰ ਆਪਣੇ ਪੈਰਾਂ ’ਤੇ ਖੜੇ ਹੋ ਸਕਣ। ਉਨ੍ਹਾਂ ਕਿਹਾ ਕਿ ਇਹ ਨੀਤੀ 1 ਮਈ 2023 ਤੋਂ ਲਾਗੂ ਹੋਵੇਗੀ ਅਤੇ ਸਾਰੇ ਖੇਤ ਮਜ਼ਦੂਰ ਪਰਿਵਾਰ ਜਿਨ੍ਹਾਂ ਕੋਲ ਕੋਈ ਜ਼ਮੀਨ ਨਹੀਂ ਹੈ (ਰਿਹਾਇਸ਼ੀ ਪਲਾਟ ਨੂੰ ਛੱਡ ਕੇ) ਜਾਂ ਜਿਨ੍ਹਾਂ ਕੋਲ ਇੱਕ ਏਕੜ ਤੋਂ ਘੱਟ ਜ਼ਮੀਨ (ਲੀਜ਼/ਠੇਕੇ/ਕਾਸ਼ਤ ਵਾਲੀ) ਹੈ, ਉਹ ਇਸ ਨੀਤੀ ਦਾ ਲਾਭ ਲੈ ਸਕਣਗੇ।
ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਬਿਆਨ ਬਾਰੇ ਪੁੱਛੇ ਜਾਣ ’ਤੇ ਭਗਵੰਤ ਮਾਨ ਨੇ ਭਾਜਪਾ ਆਗੂ ਨੂੰ ਇਹ ਯਾਦ ਦਿਵਾਇਆ ਗਿਆ ਹੈ ਕਿ ਅਦਾਕਾਰੀ ਉਨ੍ਹਾਂ ਦਾ ਪੇਸ਼ਾ ਹੈ, ਜਿਸ ਨੇ ਉਨ੍ਹਾਂ ਨੂੰ ਲੋਕਾਂ ਵਿੱਚ ਹਰਮਨ ਪਿਆਰਾ ਬਣਾਇਆ ਹੈ। ਜਦੋਂ ਉਹ ਆਪਣੇ ਕਰੀਅਰ ਦੇ ਸਿਖਰ ਉੱਤੇ ਸੂਬੇ ਦੀ ਸੇਵਾ ਲਈ ਪੀਪੀਪੀ ਵਿੱਚ ਸ਼ਾਮਲ ਹੋਏ ਸਨ ਤਾਂ ਮਨਪ੍ਰੀਤ ਨੇ ਉਨ੍ਹਾਂ ਦੀ ਇੱਕ ‘ਮਹਾਨ ਸ਼ਖ਼ਸੀਅਤ’ ਵਜੋਂ ਪ੍ਰਸ਼ੰਸਾ ਕੀਤੀ ਸੀ। ਮਾਨ ਨੇ ਵਿਅੰਗ ਕਰਦਿਆਂ ਕਿਹਾ ਕਿ ਅੱਜ ਜਦੋਂ ਮਨਪ੍ਰੀਤ ਨੂੰ ਉਸ ਦੇ ਮੌਕਾਪ੍ਰਸਤ ਪੈਂਤੜਿਆਂ ਕਾਰਨ ਲੋਕਾਂ ਨੇ ਨਕਾਰ ਦਿੱਤਾ ਹੈ ਤਾਂ ਹੁਣ ਉਹ, ਉਨ੍ਹਾਂ ਵਿੱਚ ਨੁਕਸ ਕੱਢ ਰਹੇ ਹਨ।
ਮੁੱਖ ਮੰਤਰੀ ਨੇ ਮੁੜ ਦੁਹਰਾਇਆ ਕਿ ਉਹ ਸਾਬਕਾ ਮੰਤਰੀ ਵੱਲੋਂ ਵਾਹਨ ਖ਼ੁਦ ਚਲਾਉਣ ਅਤੇ ਟੋਲ ਟੈਕਸ ਅਦਾ ਕਰਨ ਦੀਆਂ ਚਾਲਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ ਜਦਕਿ ਅਸਲ ਵਿੱਚ ਉਨ੍ਹਾਂ ਨੇ ਲੋਕਾਂ ਦੀ ਭਲਾਈ ਲਈ ਡੱਕਾ ਨਹੀਂ ਤੋੜਿਆਂ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸਰਕਾਰੀ ਖ਼ਜ਼ਾਨੇ ਨੂੰ ਅੰਨ੍ਹੇਵਾਹ ਲੁੱਟਣ ਵਾਲੇ ਰਵਾਇਤੀ ਪਾਰਟੀਆਂ ਦੇ ਆਗੂਆਂ ਤੋਂ ਇੱਕ-ਇੱਕ ਪੈਸਾ ਵਸੂਲਿਆ ਜਾਵੇਗਾ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ, ਵਿਧਾਇਕ ਕੁਲਵੰਤ ਸਿੰਘ ਤੇ ਕੁਲਜੀਤ ਸਿੰਘ ਰੰਧਾਵਾ, ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਪ੍ਰਭਜੋਤ ਕੌਰ, ਡੈਸੀ ਮੁਹਾਲੀ ਆਸ਼ਿਕਾ ਜੈਨ ਅਤੇ ਹੋਰ ਅਧਿਕਾਰੀ ਮੌਜੂਦ ਸਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਹੱਦੋਂ ਪਾਰ ਡਰੋਨਾਂ ਦੀ ਵਰਤੋਂ ਹੁਣ ਹਥਿਆਰਾਂ/ਹੈਰੋਇਨ/ਵਿਸਫੋਟਕਾਂ ਦੀ ਤਸਕਰੀ ਲਈ ਕਰਨਾ ਬਹੁਤ ਗੰਭੀਰ ਚਿੰਤਾ ਵਾਲੀ ਗੱਲ ਹੈ। ਇਸ ਸਬੰਧੀ ਉਹ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਡਰੋਨਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਬਣਾਉਣ ਦੀ ਅਪੀਲ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਾਹਨਾਂ ਦੀ ਰਜਿਸਟ੍ਰੇਸ਼ਨ ਵਾਂਗ ਇਸ ਨੂੰ ਵੀ ਲਾਜ਼ਮੀ ਬਣਾਇਆ ਜਾਵੇ ਤਾਂ ਜੋ ਸਰਹੱਦੋਂ ਪਾਰ ਨਸ਼ਾ ਤਸਕਰੀ ਨੂੰ ਠੱਲ੍ਹ ਪਾਈ ਜਾ ਸਕੇ।
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ ਅਤੇ ਠੇਕਾ ਪ੍ਰਣਾਲੀ ਅਧੀਨ ਕੰਮ ਕਰਦੇ 700 ਤੋਂ ਵੱਧ ਕਰਮਚਾਰੀਆਂ ਨੂੰ ਪੱਕੇ ਕਰਨ ਬਾਰੇ ਪੁੱਛੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਕੱਚੇ ਅਧਿਆਪਕਾਂ ਅਤੇ ਹੋਰਨਾਂ ਵਿਭਾਗਾਂ ਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਗਈਆਂ ਹਨ, ਠੀਕ ਉਸੇ ਤਰ੍ਹਾਂ ਇਨ੍ਹਾਂ ਕਰਮਚਾਰੀਆਂ ਨੂੰ ਵੀ ਰੈਗੂਲਰ ਕੀਤਾ ਜਾਵੇਗਾ। ਬੱਸ, ਉਹ ਥੋੜ੍ਹਾ ਧੀਰਜ ਰੱਖਣ ਅਤੇ ਵਿਰੋਧੀ ਧਿਰਾਂ ਦੇ ਬਹਿਕਾਵੇ ਵਿੱਚ ਨਾ ਆ ਕੇ ਪਹਿਲਾਂ ਵਾਂਗ ਆਪਣੀ ਡਿਊਟੀ ਸੇਵਾ ਭਾਵਨਾ ਕਰਨ। ਉਂਜ ਮੁੱਖ ਮੰਤਰੀ ਦੀ ਫੇਰੀ ਦੌਰਾਨ ਬੋਰਡ ਦੀਆਂ ਕੁੱਝ ਡੇਲੀਵੇਜ ਅੌਰਤਾਂ ਨੂੰ ਸਮਾਗਮ ਵਾਲੀ ਥਾਂ ਤੋਂ ਇਸ ਕਰਕੇ ਪਾਸੇ ਹਟਾਇਆ ਗਿਆ, ਕਿਤੇ ਉਹ ਵਿਰੋਧ ਪ੍ਰਦਰਸ਼ਨ ਨਾ ਕਰ ਦੇਣ, ਜਦੋਂਕਿ ਇਹ ਅੌਰਤਾਂ ਮੁੱਖ ਮੰਤਰੀ ਨੂੰ ਮੰਗ ਪੱਤਰ ਦੇਣਾ ਚਾਹੁੰਦੀਆਂ ਸਨ।
ਮੁਹਾਲੀ-ਚੰਡੀਗੜ੍ਹੀ ਦੀ ਸਾਂਝੀ ਹੱਦ ’ਤੇ ਵਾਈਵੀਐਸ ਚੌਂਕ ਨੇੜੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੱਕਾ ਮੋਰਚਾ ਲਗਾ ਕੇ ਬੈਠੇ ਸਿੱਖ ਆਗੂਆਂ ਨੂੰ ਮੁਹਾਲੀ ਪੁਲੀਸ ਨੇ ਅੱਜ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਨੇੜਿਓਂ ਗ੍ਰਿਫ਼ਤਾਰ ਕਰ ਲਿਆ। ਬਾਪੂ ਗੁਰਚਰਨ ਸਿੰਘ ਦੀ ਅਗਵਾਈ ਹੇਠ ਸਿੱਖਾਂ ਦਾ ਇੱਕ ਜਥਾ ਮੁੱਖ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾਉਣ ਲਈ ਅੱਗੇ ਵਧਣ ਦੀ ਕੋਸ਼ਿਸ਼ ਕਰ ਰਿਹਾ ਸੀ ਪ੍ਰੰਤੂ ਪੁਲੀਸ ਨੇ ਪਹਿਲਾਂ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ।

Load More Related Articles

Check Also

Punjab To Launch ‘Sikhya Kranti’ to Mark Completion of ₹2,000-Cr Infrastructure Projects in 12K schools

Punjab To Launch ‘Sikhya Kranti’ to Mark Completion of ₹2,000-Cr Infrastructur…