Nabaz-e-punjab.com

ਜ਼ਿਲ੍ਹਾ ਮੁਹਾਲੀ ਵਿੱਚ ਏਡੀਸੀ ਸ੍ਰੀਮਤੀ ਸਾਕਸ਼ੀ ਸਾਹਨੀ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਦੀ ਸਮੀਖਿਆ

ਬਰਸਾਤੀ ਪਾਣੀ ਦੀ ਲਗਾਤਾਰ ਨਿਕਾਸੀ ਅਤੇ ਡਰੇਨਾਂ ਦੀ ਸਮੇਂ ਸਿਰ ਸਫ਼ਾਈ ਯਕੀਨੀ ਬਣਾਉਣ ਦੇ ਹੁਕਮ

ਅਧਿਕਾਰੀਆਂ ਦੀ ਕਿਸੇ ਵੀ ਕਿਸਮ ਦੀ ਅਣਗਹਿਲੀ ਅਤੇ ਢਿੱਲਮੱਠ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਸ੍ਰੀਮਤੀ ਸਾਹਨੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਪਰੈਲ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਬਰਸਾਤ ਦੇ ਮੌਸਮ ਵਿੱਚ ਮੀਂਹ ਕਾਰਨ ਪੈਦਾ ਹੋਣ ਵਾਲੀ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ ਅਤੇ ਇਸ ਸਬੰਧੀ ਸਾਰੇ ਸਰਕਾਰੀ ਵਿਭਾਗਾਂ ਨੂੰ ਆਪੋ ਆਪਣੇ ਨੋਡਲ ਅਫ਼ਸਰ ਨਿਯੁਕਤ ਕਰਨ ਦੇ ਆਦੇਸ਼ ਦਿੱਤੇ ਗਏ ਤਾਂ ਜੋ ਐਮਰਜੈਂਸੀ ਵੇਲੇ ਲੋੜ ਪੈਣ ’ਤੇ ਨੋਡਲ ਅਫ਼ਸਰਾਂ ਨਾਲ ਤਾਲਮੇਲ ਕੀਤਾ ਜਾ ਸਕੇ। ਇਹ ਹਦਾਇਤਾਂ ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਸਾਕਸ਼ੀ ਸਾਹਨੀ ਨੇ ਵੀਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੜ੍ਹ ਰੋਕੂ ਪ੍ਰਬੰਧਾਂ ਦੀ ਸਮੀਖਿਆ ਸਬੰਧੀ ਸੱਦੀ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਾਲਾਤ ਉੱਤੇ ਲਗਾਤਾਰ ਨਜ਼ਰ ਰੱਖੀ ਜਾਵੇਗੀ ਅਤੇ ਆਮ ਲੋਕਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਸ੍ਰੀਮਤੀ ਸਾਕਸ਼ੀ ਸਾਹਨੀ ਨੇ ਕਿਹਾ ਕਿ ਮੌਨਸੂਨ ਦੌਰਾਨ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਜਿਹੜੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਡਿਊਟੀ ਲਗਾਈ ਜਾਵੇਗੀ, ਉਹ ਅਗੇਤੀ ਪ੍ਰਵਾਨਗੀ ਤੋਂ ਬਿਨ੍ਹਾਂ ਕੋਈ ਛੁੱਟੀ ਨਹੀਂ ਕਰਨਗੇ ਅਤੇ ਨਾ ਹੀ ਆਪਣਾ ਸਟੇਸ਼ਨ ਛੱਡਣਗੇ। ਜਦੋਂ ਕਿਸੇ ਥਾਂ ਕੋਈ ਮੁਸ਼ਕਲ ਖੜੀ ਹੁੰਦੀ ਤਾਂ ਅਧਿਕਾਰੀ ਫੌਰੀ ਤੌਰ ’ਤੇ ਕਾਰਵਾਈ ਕਰਨ ਤਾਂ ਜੋ ਲੋਕਾਂ ਨੂੰ ਮੁਸ਼ਕਲਾਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਕਿਸਮ ਦੀ ਅਣਗਹਿਲੀ ਅਤੇ ਢਿੱਲਮੱਠ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਸ੍ਰੀਮਤੀ ਸਾਹਨੀ ਨੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਜ਼ਿਲ੍ਹੇ ’ਚੋਂ ਲੰਘਦੇ ਦਰਿਆ, ਨਦੀਆਂ ਅਤੇ ਨਾਲਿਆਂ ਦੀ ਸਫ਼ਾਈ ਕਰਵਾਈ ਜਾਵੇ ਅਤੇ ਬਰਸਾਤ ਦੌਰਾਨ ਲੋੜ ਪੈਣ ਉਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਲਿਜਾਉਣ ਦੇ ਪ੍ਰਬੰਧ ਵੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿੱਚ ਡਾਕਟਰੀ ਸਹੂਲਤਾਂ ਤੇ ਦਵਾਈਆਂ ਵਗੈਰਾ ਦਾ ਪ੍ਰਬੰਧ ਰੱਖਿਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿਚਲੇ ਸਾਰੇ ਪੁਲਾਂ ਦੀ ਲਗਾਤਾਰ ਚੈਕਿੰਗ ਕੀਤੀ ਜਾਵੇ ਅਤੇ ਇਹ ਗੱਲ ਯਕੀਨੀ ਬਣਾਈ ਜਾਵੇ ਕਿ ਸਫਾਈ ਦੀ ਅਣਹੋਂਦ ਕਾਰਨ ਡਾਫ ਲੱਗ ਕੇ ਹੜ੍ਹ ਵਾਲੀ ਸÎਥਿਤੀ ਪੈਦਾ ਨਾ ਹੋਵੇ। ਇਸ ਤੋਂ ਇਲਾਵਾ ਉਨ੍ਹਾਂ ਵਣ ਵਿਭਾਗ ਦੇ ਅਧਿਕਾਰੀਆਂ ਸਮੇਤ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਕਿਸੇ ਵੀ ਥਾਂ ਦਰਖ਼ਤ ਆਦਿ ਡਿੱਗਣ ਉਤੇ ਉਸ ਨੂੰ ਫੌਰੀ ਹਟਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਮੌਨਸੂਨ ਦੌਰਾਨ ਕਿਸ਼ਤੀਆਂ, ਕਰੇਨਾਂ, ਟੈਂਕਰਾਂ ਸਮੇਤ ਹਰ ਤਰ੍ਹਾਂ ਦੀ ਲੋੜੀਂਦੀ ਮਸ਼ੀਨਰੀ ਤਿਆਰ ਰੱਖੀ ਜਾਵੇ ਅਤੇ ਅੰਡਰਪਾਸਾਂ ਸਮੇਤ ਜਿੱਥੇ ਕਿਤੇ ਵੀ ਪਾਣੀ ਖੜ੍ਹਾ ਹੁੰਦਾ ਹੈ, ਉਸ ਨੂੰ ਪੰਪਾਂ ਦੀ ਮਦਦ ਨਾਲ ਫੌਰੀ ਬਾਹਰ ਕੱਢਿਆ ਜਾਵੇ।
ਮੀਟਿੰਗ ਵਿੱਚ ਏਡੀਸੀ (ਵਿਕਾਸ) ਅਮਰਦੀਪ ਸਿੰਘ ਬੈਂਸ, ਡੀਡੀਪੀਓ ਡੀਕੇ ਸਾਲਦੀ, ਜ਼ਿਲ੍ਹਾ ਵਣ ਮੰਡਲ ਅਫ਼ਸਰ ਗੁਰਅਮਨਪ੍ਰੀਤ ਸਿੰਘ, ਆਰਟੀਏ ਦੇ ਸਕੱਤਰ ਸੁਖਵਿੰਦਰ ਕੁਮਾਰ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਤੋਂ ਇੰਜਨੀਅਰ ਸਿਮਰਨ ਕੌਰ, ਜ਼ਿਲ੍ਹਾ ਪ੍ਰੀਸ਼ਦ ਤੋਂ ਗੁਰਵੰਤ ਕੌਰ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਤੋਂ ਹੇਮ ਰਾਜ, ਨਗਰ ਨਿਗਮ ਦੇ ਐਕਸੀਅਨ ਨਰਿੰਦਰ ਸਿੰਘ ਦਾਲਮ, ਪਸ਼ੂ ਪਾਲਣ ਵਿਭਾਗ ਤੋਂ ਗੁਰਇਕਬਾਲ ਗਰੋਵਰ, ਗਮਾਡਾ ਤੋਂ ਭਗਵਾਨ ਦਾਸ, ਕਾਰਜਸਾਧਕ ਅਫ਼ਸਰ ਜਗਜੀਤ ਸਿੰਘ, ਰਾਜੇਸ਼ ਸ਼ਰਮਾ, ਅਸ਼ੋਕ ਕੁਮਾਰ, ਬੀਡੀਪੀਓ ਡੇਰਾਬੱਸੀ ਬਲਜਿੰਦਰ ਸਿੰਘ ਗਰੇਵਾਲ ਅਤੇ ਰਣਦੀਪ ਸਿੰਘ ਸ਼ੇਰਗਿੱਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ ਜਾਅਲੀ ਖਣਨ ਰਸੀਦਾਂ ਤਿਆਰ…