Nabaz-e-punjab.com

ਫਲਾਈਓਵਰ: ਡੀਸੀ ਗਿਰੀਸ਼ ਦਿਆਲਨ ਨੇ ਨੈਸ਼ਨਲ ਹਾਈਵੇਅ ਅਥਾਰਟੀ ਤੇ ਨਿਰਮਾਣ ਕੰਪਨੀ ਨਾਲ ਕੀਤੀ ਮੀਟਿੰਗ

ਮੁਹਾਲੀ-ਖਰੜ ਫਲਾਈਓਵਰ ਤੇ ਐਲੀਵੇਟਿਡ ਸੜਕ ਦੀ ਉਸਾਰੀ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਗਸਤ:
ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਮੁਹਾਲੀ ਦੀ ਜੂਹ ਨੇੜਿਓਂ ਬਲੌਂਗੀ ਤੋਂ ਖਾਨਪੁਰ ਟੀ ਪੁਆਇੰਟ ਤੱਕ ਬਣਾਏ ਜਾਣ ਵਾਲੇ ਫਲਾਈਓਵਰ ਅਤੇ ਐਲੀਵੇਟਿਡ ਸੜਕ ਦੀ ਉਸਾਰੀ ਦੇ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਉਸਾਰੀ ਕਾਰਜਾਂ ਵਿੱਚ ਆ ਰਹੀਆਂ ਦਿੱਕਤਾ ਦੇ ਹੱਲ ਲਈ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਸ਼ਾਮ ਨੂੰ ਜ਼ਿਲ੍ਹਾ ਪ੍ਰਸ਼ਾਸਨਿਕ ਨੈਸ਼ਨਲ ਹਾਈਵੇਅ ਅਥਾਰਟੀ ਅਤੇ ਨਿਰਮਾਣ ਕੰਪਨੀ ਐਲ ਐਂਡ ਟੀ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ, ਜੋ ਦੇਰ ਸ਼ਾਮ ਤੱਕ ਚਲੀ।
ਇਸ ਮੌਕੇ ਡੀਸੀ ਨੇ ਨੈਸ਼ਨਲ ਹਾਈਵੇਅ ਅਥਾਰਟੀ ਅਤੇ ਨਿਰਮਾਣ ਕੰਪਨੀ ਐਲ ਐਂਡ ਟੀ ਦੇ ਨੁਮਾਇੰਦਿਆਂ ਨੂੰ ਜ਼ੋਰ ਦੇ ਕੇ ਆਖਿਆ ਕਿ ਫਲਾਈਓਵਰ ਅਤੇ ਐਲੀਵੇਟਿਡ ਸੜਕ ਦੀ ਉਸਾਰੀ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ 15 ਦਿਨਾਂ ਦੇ ਅੰਦਰ ਅੰਦਰ ਦੋਵੇਂ ਪਾਸੇ ਹੇਠਲੀ ਖਸਤਾ ਹਾਲਤ ਸੜਕ ਦੀ ਮੁਰੰਮਤ ਕੀਤੀ ਜਾਵੇ ਅਤੇ ਲੋੜ ਅਨੁਸਾਰ ਨਵੀਂ ਉਸਾਰੀ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਰਾਹਗੀਰਾਂ ਅਤੇ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਲਈ ਕੋਈ ਮੁਸ਼ਕਲ ਪੇਸ਼ ਨਾ ਆਵੇ। ਡੀਸੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਜ਼ਮੀਨ ਐਕਵਾਇਰ ਕਰਨ ਅਤੇ ਮਕਾਨ ਅਤੇ ਦੁਕਾਨਾਂ ਤੋੜਨ ਸਬੰਧੀ ਕੋਈ ਮੁਆਵਜ਼ਾ ਦੇਣਾ ਬਣਦਾ ਹੈ ਤਾਂ ਉਨ੍ਹਾਂ ਨੂੰ ਤੁਰੰਤ ਅਦਾਇਗੀ ਕੀਤੀ ਜਾਵੇ। ਉਨ੍ਹਾਂ ਸਪੱਸ਼ਟ ਆਖਿਆ ਕਿ ਫਲਾਈਓਵਰ ਅਤੇ ਐਲੀਵੇਟਿਡ ਸੜਕ ਦੀ ਉਸਾਰੀ ਦੇ ਕੰਮ ਵਿੱਚ ਢਿੱਲ-ਮੱਠ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਜਾਣਕਾਰੀ ਅਨੁਸਾਰ ਇਹ ਪ੍ਰਾਜੈਕਟ ਲਗਾਤਾਰ ਲਮਕ ਕਾਰਨ ਰਾਹਗੀਰਾਂ ਅਤੇ ਇਲਾਕੇ ਦੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਪ੍ਰਾਜੈਕਟ ਦੀ ਉਸਾਰੀ ਦਾ ਕੰਮ ਨਵੰਬਰ 2015 ਵਿੱਚ ਜੰਗੀ ਪੱਧਰ ’ਤੇ ਸ਼ੁਰੂ ਕੀਤਾ ਗਿਆ ਸੀ। ਸੜਕ ਦੇ ਦੋਵੇਂ ਪਾਸਿਓਂ 900 ਤੋਂ ਵੱਧ ਹਰੇ ਭਰੇ ਰੁੱਖ ਵੀ ਕੱਟੇ ਜਾ ਚੁੱਕੇ ਹਨ ਅਤੇ ਹੁਣ ਕਾਫੀ ਮਕਾਨ ਤੇ ਦੁਕਾਨਾਂ ਵੀ ਢਾਹ ਦਿੱਤੀਆਂ ਗਈਆਂ ਹਨ ਪ੍ਰੰਤੂ 44 ਹੋਰ ਦੁਕਾਨਾਂ ਹਾਲੇ ਤੋੜਨ ਤੋਂ ਰਹਿੰਦੀਆਂ ਹਨ। ਜਿਸ ਕਾਰਨ ਇਹ ਪ੍ਰਾਜੈਕਟ ਲਗਾਤਾਰ ਪਛੜਦਾ ਜਾ ਰਿਹਾ ਹੈ।
ਉਧਰ, ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਪ੍ਰਾਜੈਕਟ ਡਾਇਰੈਕਟਰ ਕ੍ਰਿਸ਼ਨਨ ਸਚਦੇਵਾ ਨੇ ਡੀਸੀ ਦੇ ਧਿਆਨ ਵਿੱਚ ਲਿਆਂਦਾ ਕਿ ਬਰਸਾਤ ਦੇ ਮੌਸਮ ਕਾਰਨ ਫਲਾਈਓਵਰ ਦੇ ਨਿਰਮਾਣ ਕਾਰਜਾਂ ਵਿੱਚ ਖੜੋਤ ਆਈ ਹੈ। ਉਨ੍ਹਾਂ ਕਿਹਾ ਕਿ ਜੁਲਾਈ ਦੇ ਪਹਿਲੇ ਹਫ਼ਤੇ ਹੀ ਪ੍ਰਾਈਵੇਟ ਕੰਪਨੀ ਨੂੰ ਨਵੇਂ ਸਿਰਿਓਂ ਕੰਮ ਕਰਨ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜਲ ਨਿਕਾਸੀ ਦਾ ਯੋਗ ਪ੍ਰਬੰਧ ਨਾ ਹੋਣ ਕਾਰਨ ਸੜਕ ਨੇੜਲੇ ਘਰਾਂ ਅਤੇ ਦੁਕਾਨਾਂ ਦਾ ਸਾਰਾ ਪਾਣੀ ਸੜਕ ’ਤੇ ਆ ਕੇ ਜਮ੍ਹਾਂ ਹੋ ਜਾਂਦਾ ਹੈ। ਉਨ੍ਹਾਂ ਡੀਸੀ ਨੂੰ ਦੱਸਿਆ ਕਿ ਜਦੋਂ ਤੱਕ ਟਰੈਫ਼ਿਕ ਨੂੰ ਇਧਰ ਆਉਣ ਤੋਂ ਨਹੀਂ ਰੋਕਿਆ ਜਾਂਦਾ ਉਦੋਂ ਤੱਕ ਇਸ ਕੰਮ ਵਿੱਚ ਤੇਜ਼ੀ ਨਹੀਂ ਆ ਸਕਦੀ ਹੈ। ਡੀਸੀ ਨੇ ਟਰੈਫ਼ਿਕ ਰੂਟ ਚੇਂਜ ਕਰਨ ਦਾ ਭਰੋਸਾ ਦਿੱਤਾ ਹੇ। ਉਨ੍ਹਾਂ ਦੱਸਿਆ ਕਿ ਮੌਸਮ ਸਾਫ਼ ਹੋਣ ਤੋਂ ਬਾਅਦ ਫਲਾਈਓਵਰ ਅਤੇ ਐਲੀਵੇਟਿਡ ਸੜਕ ਦੇ ਨਿਰਮਾਣ ਵਿੱਚ ਤੇਜ਼ੀ ਲਿਆਂਦੀ ਜਾਵੇਗੀ ਅਤੇ ਅਗਲੇ ਇਕ ਸਾਲ ਵਿੱਚ ਇਹ ਪ੍ਰਾਜੈਕਟ ਮੁਕੰਮਲ ਕਰਕੇ ਆਵਾਜਾਈ ਲਈ ਖੋਲ੍ਹ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਬੀਤੀ 2 ਅਗਸਤ ਨੂੰ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਫਲਾਈਓਵਰ ਤੇ ਐਲੀਵੇਟਿਡ ਸੜਕ ਦੇ ਨਿਰਮਾਣ ਦਾ ਕੰਮ ਸੁਸਤ ਚਾਲ ਵਿੱਚ ਚੱਲਣ ਦਾ ਗੰਭੀਰ ਨੋਟਿਸ ਲਿਆ ਸੀ। ਡੀਸੀ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਪ੍ਰਾਜੈਕਟ ਡਾਇਰੈਕਟਰ ਨੂੰ ਪੱਤਰ ਲਿਖ ਕੇ ਉਕਤ ਪ੍ਰਾਜੈਕਟ ਦਾ ਕੰਮ ਜਲਦੀ ਮੁਕੰਮਲ ਕਰਨ ਲਈ ਆਖਿਆ ਸੀ। ਅਧਿਕਾਰੀ ਨੇ ਤਿੰਨ ਪੰਨਿਆਂ ਦੇ ਇਸ ਪੱਤਰ ਦਾ ਉਤਾਰਾ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਤੇਜਵੀਰ ਸਿੰਘ, ਲੋਕ ਨਿਰਮਾਣ ਵਿਭਾਗ ਦੇ ਸਕੱਤਰ ਹੁਸਨ ਲਾਲ ਅਤੇ ਅਥਾਰਟੀ ਦੇ ਨਵੀਂ ਦਿੱਲੀ ਸਥਿਤ ਮੈਂਬਰ ਅਸੀਸ ਸ਼ਰਮਾ ਨੂੰ ਵੀ ਭੇਜਿਆ ਗਿਆ ਹੈ। ਪੱਤਰ ਅਨੁਸਾਰ ਇਸ ਸੜਕ ’ਤੇ ਬਹੁਤ ਜ਼ਿਆਦਾ ਖੱਡੇ ਬਣੇ ਹੋਏ ਅਤੇ ਰੋਜ਼ਾਨਾ ਲੰਮੇ ਲੰਮੇ ਜਾਮ ਲਗਦੇ ਹਨ। ਜਿਸ ਕਾਰਨ ਰਾਹਗੀਰਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …