ਫੂਡ ਸੇਫ਼ਟੀ ਟੀਮ ਵੱਲੋਂ ਖਾਣ-ਪੀਣ ਵਾਲੀਆਂ ਚੀਜ਼ਾਂ ਦੀ ਜਾਂਚ

ਮਾਰਕੀਟਾਂ ਵਿੱਚ ਦੁਕਾਨਦਾਰਾਂ ਅਤੇ ਰੇਹੜੀ-ਫੜ੍ਹੀ ਵਾਲਿਆਂ ਨੂੰ ਮਾਸਕ ਤੇ ਦਸਤਾਨੇ ਪਾਉਣ ਦੀ ਹਦਾਇਤ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਮਈ:
ਕਰੋਨਾਵਾਇਰਸ ਦੀ ਮਹਾਮਾਰੀ ਦੌਰਾਨ ਆਮ ਲੋਕਾਂ ਲਈ ਸ਼ੁੱਧ, ਸਾਫ਼-ਸੁਥਰੀਆਂ ਅਤੇ ਮਿਆਰੀ ਖਾਣ-ਪੀਣ ਵਾਲੀਆਂ ਚੀਜ਼ਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਵੱਲੋਂ ਅੱਜ ਮੁਹਾਲੀ ਵਿੱਚ ਵੱਖ-ਵੱਖ ਡਿਪਾਰਟਮੈਂਟਲ ਸਟੋਰਾਂ ਅਤੇ ਸੜਕਾਂ ਕਿਨਾਰੇ ਲਗਦੀਆਂ ਰੇਹੜੀਆਂ ਫੜੀਆਂ ’ਤੇ ਜਾ ਕੇ ਖਾਣ-ਪੀਣ ਦੀਆਂ ਵਸਤੂਆਂ ਦੀ ਬਰੀਕੀ ਨਾਲ ਜਾਂਚ ਕੀਤੀ ਗਈ। ਇਸ ਕਾਰਵਾਈ ਨੂੰ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਸ਼ਰਮਾ ਦੀ ਅਗਵਾਈ ਵਿੱਚ ਅੰਜਾਮ ਦਿੱਤਾ ਗਿਆ।
ਉਨ੍ਹਾਂ ਦੱਸਿਆ ਕਿ ਜਾਂਚ ਟੀਮ ਨੇ ਖਾਣ-ਪੀਣ ਵਾਲੀਆਂ ਚੀਜ਼ਾਂ ਦੀ ਮਿਆਦ ਅਤੇ ਮਿਆਰ ਨੂੰ ਪਰਖਿਆ ਅਤੇ ਦੁਕਾਨਦਾਰਾਂ ਨੂੰ ਮਨੁੱਖਾਂ ਦੀ ਸੁਰੱਖਿਆ ਅਤੇ ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਤੋਂ ਜਾਣੂ ਕਰਾਇਆ। ਨਾਲ ਹੀ ਦੁਕਾਨਦਾਰਾਂ ਅਤੇ ਰੇਹੜੀ-ਫੜ੍ਹੀ ਵਾਲਿਆਂ ਨੂੰ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੁਕਾਨਦਾਰਾਂ ਨੂੰ ਮਾਸਕ, ਕੱਪੜੇ, ਰੁਮਾਲ, ਚੁੰਨੀ ਨਾਲ ਮੂੰਹ ਢੱਕ ਕੇ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਿਯਮ ਦੀ ਉਲੰਘਣਾ ਕਰਨ ਵਾਲੇ ਨੂੰ ਜੁਰਮਾਨਾ ਕੀਤੀ ਜਾਵੇਗਾ।
ਜ਼ਿਲ੍ਹਾ ਸਿਹਤ ਅਫ਼ਸਰ ਨੇ ਦੁਕਾਨਦਾਰਾਂ ਨੂੰ ‘ਫੂਡ ਸੇਫ਼ਟੀ ਸਟੈਂਡਰਡਜ਼ ਐਂਡ ਰੈਗੂਲੇਸ਼ਨ ਐਕਟ’ ਬਾਰੇ ਵੀ ਜਾਣਕਾਰੀ ਦਿੰਦਿਆਂ ਉਨ੍ਹਾਂ ਨੂੰ ਉਕਤ ਕਾਨੂੰਨ ਤਹਿਤ ਰਜਿਸਟਰੇਸ਼ਨ ਕਰਾਉਣ ਅਤੇ ਸ਼ੁੱਧ, ਮਿਲਾਵਟ-ਰਹਿਤ ਤੇ ਪੌਸ਼ਟਿਕ ਚੀਜ਼ਾਂ ਵੇਚਣ ਦੀ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਕਰੋਨਾਵਾਇਰਸ ਦੀ ਰੋਕਥਾਮ ਲਈ ਡਿਊਟੀ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਟੀਮ ਖ਼ੁਰਾਕੀ ਵਸਤਾਂ ਦੀ ਜਾਂਚ ਦਾ ਕੰਮ ਵੀ ਕਰ ਰਹੀ ਹੈ। ਡੀਐਚਓ ਨੇ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਚੈਕਿੰਗ ਦਾ ਮਤਲਬ ਕਿਸੇ ਦੁਕਾਨਦਾਰ ਨੂੰ ਤੰਗ-ਪ੍ਰੇਸ਼ਾਨ ਕਰਨਾ ਨਹੀਂ ਸਗੋਂ ਲੋਕਾਂ ਨੂੰ ਸ਼ੁੱਧ ਤੇ ਮਿਆਰੀ ਦਰਜੇ ਦੇ ਭੋਜਨ ਪਦਾਰਥ ਉਪਲਬਧ ਕਰਾਉਣਾ ਯਕੀਨੀ ਬਣਾਉਣਾ ਹੈ।
ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਸਮਾਜਿਕ ਦੂਰੀ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਹਰ ਸਮੇਂ ਇਕ ਦੂਜੇ ਤੋਂ ਘੱਟੋ-ਘੱਟ 1 ਮੀਟਰ ਦੀ ਦੂਰੀ ਬਣਾ ਕੇ ਰੱਖੀ ਜਾਵੇ। ਗਾਹਕਾਂ ਅਤੇ ਡਲਿਵਰੀ ਸਟਾਫ਼ ਵੱਲੋਂ ਸਮਾਜਿਕ ਦੂਰੀ ਦੇ ਨਿਯਮਾਂ ਜਾਂ ਦੁਕਾਨਦਾਰ ਵੱਲੋਂ ਦੁਕਾਨ ਦੇ ਬਾਹਰ ਲਗਾਏ ਨਿਸ਼ਾਨਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਸਾਰੇ ਆਪੋ ਆਪਣੀ ਵਾਰੀ ਦੀ ਉਡੀਕ ਕਰਨ ਅਤੇ ਕਿਸੇ ਵੀ ਹਾਲਾਤ ਵਿੱਚ ਭੀੜ ਨਾ ਹੋਣ ਦਿੱਤੀ ਜਾਵੇ। ਇਸ ਮੌਕੇ ਫੂਡ ਸੇਫ਼ਟੀ ਅਫ਼ਸਰ ਰਾਜਦੀਪ ਕੌਰ ਵੀ ਹਾਜ਼ਰ ਸੀ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ ਜਾਅਲੀ ਖਣਨ ਰਸੀਦਾਂ ਤਿਆਰ…