Nabaz-e-punjab.com

17ਵੀਂ ਲੋਕ ਸਭਾ ਚੋਣਾਂ ਲਈ ਜ਼ਿਲ੍ਹਾ ਮੁਹਾਲੀ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ

ਜ਼ਿਲ੍ਹਾ ਮੁਹਾਲੀ 749 ਪੋਲਿੰਗ ਬੂਥਾਂ ’ਤੇ ਤਾਇਨਾਤ ਰਹਿਣਗੇ 6 ਹਜ਼ਾਰ ਸਿਵਲ ਤੇ ਪੁਲੀਸ ਕਰਮਚਾਰੀ

ਨਿਰਪੱਖ ਤੇ ਆਜ਼ਾਦਾਨਾ ਤਰੀਕੇ ਨਾਲ ਚੋਣਾਂ ਦਾ ਕੰਮ ਨੇਪਰੇ ਚਾੜ੍ਹਨ ਲਈ 24 ਘੰਟੇ ਚੱਪੇ ਚੱਪੇ ’ਤੇ ਰੱਖੀ ਜਾਵੇਗੀ ਤਿੱਖੀ ਨਜ਼ਰ

ਮੁਹਾਲੀ ਨਾਲ ਲਗਦੇ ਗੁਆਂਢੀ ਸੂਬਿਆਂ ਦੀਆਂ ਸਾਂਝੀ ਹੱਦਾਂ ’ਤੇ ਪੁਲੀਸ ਵੱਲੋਂ ਕੀਤੀ ਜਾਵੇਗੀ ਸਪੈਸ਼ਲ ਨਾਕਾਬੰਦੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮਈ:
ਪੰਜਾਬ ਵਿੱਚ ਭਲਕੇ 19 ਮਈ ਨੂੰ ਹੋਣ ਵਾਲੀਆਂ 17ਵੀਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਸ੍ਰੀ ਆਨੰਦਪੁਰ ਸਾਹਿਬ ਹਲਕੇ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਮੁਹਾਲੀ, ਖਰੜ ਅਤੇ ਡੇਰਾਬੱਸੀ ਵਿੱਚ ਕੁੱਲ 749 ਪੋਲਿੰਗ ਬੂਥਾਂ ’ਤੇ ਬਣਾਏ ਗਏ ਹਨ। ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਅਤੇ ਐਸਐਸਪੀ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਚੋਣਾਂ ਨੂੰ ਨਿਰਪੱਖ ਤੇ ਆਜ਼ਾਦਾਨਾ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਅਗਲੇ 24 ਘੰਟੇ ਚੱਪੇ ਚੱਪੇ ’ਤੇ ਤਿੱਖੀ ਨਜ਼ਰ ਰੱਖੀ ਜਾਵੇਗੀ। ਜਮਹੂਰੀਅਤ ਦੇ ਇਸ ਮਹਾਂ ਤਿਉਹਾਰ ਲਈ ਪੋਲਿੰਗ ਬੂਥਾਂ ’ਤੇ 2996 ਮੁਲਾਜ਼ਮ (20 ਫੀਸਦੀ ਵਾਧੂ ਰਿਜ਼ਰਵ ਸਟਾਫ਼) ਅਤੇ 2900 ਪੁਲੀਸ ਜਵਾਨ ਤਾਇਨਾਤ ਕੀਤੇ ਗਏ ਹਨ। ਐਸਡੀਐਮ-ਕਮ-ਸਹਾਇਕ ਰਿਟਰਨਿੰਗ ਅਫ਼ਸਰ ਜਗਦੀਪ ਸਹਿਗਲ ਨੇ ਅੱਜ ਇੱਥੋਂ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ1 ’ਚੋਂ ਮੁਹਾਲੀ ਹਲਕੇ ਵਿੱਚ ਪੋਲਿੰਗ ਸਟਾਫ਼ ਨੂੰ ਚੋਣ ਸਮੱਗਰੀ ਦੇ ਕੇ ਪੋਲਿੰਗ ਬੂਥਾਂ ਲਈ ਰਵਾਨਾ ਕੀਤਾ।
ਸ੍ਰੀਮਤੀ ਸਪਰਾ ਨੇ ਦੱਸਿਆ ਕਿ ਜ਼ਿਲ੍ਹਾ ਮੁਹਾਲੀ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 7,26,482 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣਗੇ। ਜਿਨ੍ਹਾਂ ’ਚ 12 ਹਜ਼ਾਰ 842 ਨਵੇਂ ਵੋਟਰ ਪਹਿਲੀ ਵਾਰ ਵੋਟ ਪਾਉਣਗੇ। ਜ਼ਿਲ੍ਹਾ ਪ੍ਰਸ਼ਾਸਨ ਨੇ ਨਵੇਂ ਵੋਟਰਾਂ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਕਈ ਕਦਮ ਚੁੱਕੇ ਗਏ ਸਨ। ਜਿਨ੍ਹਾਂ ਵਿੱਚ ਤੋਹਫ਼ੇ ਅਤੇ ਆਈਪੀਐਲ ਮੈਚ ਦੇਖਣ ਲਈ ਟਿਕਟਾਂ ਦੇਣਾ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 749 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਅਤੇ 929 ਈਵੀਐਮਜ ਅਤੇ ਵੀਵੀਪੈਟ ਦੀ ਵਰਤੋਂ ਹੋਵੇਗੀ। ਉਨ੍ਹਾਂ ਦੱਸਿਆ ਕਿ ਐਤਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ ਨੂੰ 6 ਵਜੇ ਤੱਕ ਵੋਟਾਂ ਪੈਣਗੀਆਂ। ਇਸ ਵਾਰ ਜ਼ਿਲ੍ਹੇ ਵਿੱਚ ਸਿਰਫ਼ ਖਰੜ ਦਾ ਇਕ ਕ੍ਰਿਟੀਕਲ ਬੂਥ ਹੈ ਜਦੋਂਕਿ 271 ਵਲਨਰੇਬਲ ਪੋਲਿੰਗ ਬੂਥਾਂ ਦੀ ਸ਼ਨਾਖਤ ਕੀਤੀ ਗਈ ਹੈ, ਜਿਨ੍ਹਾਂ ਵਿੱਚ ਮੁਹਾਲੀ ਦੇ 84, ਖਰੜ ਦੇ 75 ਅਤੇ ਡੇਰਾਬੱਸੀ ਦੇ 112 ਪੋਲਿੰਗ ਬੂਥ ਸ਼ਾਮਲ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ 377 ਪੋਲਿੰਗ ਬੂਥਾਂ ਦੀ ਵੈਲਬਕਾਸਟਿੰਗ ਕਰਵਾਈ ਜਾਵੇਗੀ, ਜਿਨ੍ਹਾਂ ਵਿੱਚ ਮੁਹਾਲੀ ਦੇ 119, ਡੇਰਾਬੱਸੀ 130 ਅਤੇ ਖਰੜ ਦੇ 128 ਬੂਥ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਦਿਵਿਆਂਗ ਵੋਟਰਾਂ ਨੂੰ ਪੋਲਿੰਗ ਬੂਥਾਂ ਤੱਕ ਲਿਆਉਣ ਅਤੇ ਘਰ ਛੱਡਣ ਲਈ ਵਾਹਨਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਆਦੇਸ਼ ਦਿੱਤੇ ਹਨ ਕਿ ਉਹ ਦਿਵਿਆਂਗ ਵੋਟਰਾਂ ਲਈ ਇਹ ਸਹੂਲਤ ਹਰ ਹਾਲਤ ਵਿੱਚ ਯਕੀਨੀ ਬਣਾਉਣ। ਉਨ੍ਹਾਂ ਸਪੱਸ਼ਟ ਆਖਿਆ ਕਿ ਡਿਊਟੀ ਵਿੱਚ ਕੋਤਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਣਗਹਿਲੀ ਵਰਤਨ ਵਾਲੇ ਚੋਣ ਅਮਲੇ ਵਿਰੱੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਕਾਨੂੰਨ ਵਿਵਸਥਾ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ 2900 ਪੁਲੀਸ ਜਵਾਨ ਤਾਇਨਾਤ ਕੀਤੇ ਗਏ ਹਨ। ਜਿਨ੍ਹਾਂ ਵਿੱਚ ਪੈਰਾ ਮਿਲਟਰੀ ਫੋਰਸਜ਼ ਦੀਆਂ 7 ਕੰਪਨੀਆਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਮੁਹਾਲੀ ਸਮੇਤ ਖਰੜ ਅਤੇ ਡੇਰਾਬੱਸੀ ਵਿਧਾਨ ਸਭਾ ਹਲਕਿਆਂ ਦੀ ਸੁਰੱਖਿਆ ਵਿੱਚ ਇਕ ਇਕ ਐਸਪੀ ਰੈਂਕ ਦਾ ਅਫ਼ਸਰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਦੀ ਘੁਸਪੈਠ ਰੋਕਣ ਅਤੇ ਸ਼ਰਾਬ ਦੀ ਤਸਕਰੀ ਰੋਕਣ ਲਈ ਮੁਹਾਲੀ ਨਾਲ ਲੱਗਦੀਆਂ ਗੁਆਂਢੀ ਸੂਬਿਆਂ ਦੀਆਂ ਸਾਂਝੀਆਂ ਸਰਹੱਦਾਂ ’ਤੇ 24 ਘੰਟੇ ਸਪੈਸ਼ਲ ਨਾਕਾਬੰਦੀ ਕੀਤੀ ਜਾਵੇਗੀ। ਇਨ੍ਹਾਂ ਨਾਕਿਆਂ ਉੱਤੇ 353 ਪੁਲੀਸ ਮੁਲਾਜ਼ਮ ਤਾਇਨਾਤ ਹਨ। ਇਸ ਤੋਂ ਇਲਾਵਾ 36 ਸਟੈਟਿਕ ਸਰਵੇਲੈਂਸ ਟੀਮਾਂ ਅਤੇ 18 ਫਲਾਇੰਗ ਸਕੁਐਡ ਟੀਮਾਂ ਦਾ ਪ੍ਰਬੰਧ ਕੀਤਾ ਗਿਆ ਹੈ। ਜਦੋਂਕਿ ਸੱਤ ਟੀਮਾਂ (147 ਪੁਲੀਸ ਮੁਲਾਜ਼ਮ) ਨੂੰ ਐਮਰਜੈਂਸੀ ਡਿਊਟੀ ਲਈ ਰਿਜ਼ਰਵ ਰੱਖਿਆ ਗਿਆ ਹੈ।

Load More Related Articles
Load More By Nabaz-e-Punjab
Load More In Elections

Check Also

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ ਰਾਘਵ ਚੱਡਾ ਦੇ ਰਾਜ ਸਭਾ ਵਿੱਚ ਜਾਣ ਕਾਰਨ ਖਾਲੀ ਹੋਈ ਸੀ ਸੀਟ ਨਬਜ਼-ਏ…