Sangat Singh Gilzian

ਜੰਗਲਾਤ ਘੁਟਾਲਾ: ਮੁਹਾਲੀ ਅਦਾਲਤ ਵੱਲੋਂ ਵਿਜੀਲੈਂਸ ਬਿਊਰੋ ਦੀ ਅਰਜ਼ੀ ਰੱਦ

ਵਿਜੀਲੈਂਸ ਨੇ ਸਾਬਕਾ ਮੰਤਰੀ ਗਿਲਜੀਆ ਦੇ ਵਿਦੇਸ਼ ਭੱਜਣ ਦਾ ਜਤਾਇਆ ਸੀ ਖ਼ਦਸ਼ਾ

ਗਿਲਜੀਆ ਦੀ ਅਰਜ਼ੀ ’ਤੇ ਵੈਬ ਚੈਨਲ ਦੇ ਮੁੱਖ ਸੰਪਾਦਕ ਨੂੰ ਸ਼ੋਅਕਾਜ ਨੋਟਿਸ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ:
ਮੁਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਪੰਜਾਬ ਦੀ ਪਿਛਲੀ ਕਾਂਗਰਸ ਸਮੇਂ ਵਿੱਚ ਜੰਗਲਾਤ ਵਿਭਾਗ ਵਿੱਚ ਹੋਏ ਕਥਿਤ ਘੁਟਾਲੇ ਦੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਦੀ ਉਸ ਅਰਜ਼ੀ ਨੂੰ ਮੁੱਢੋਂ ਰੱਦ ਕਰ ਦਿੱਤਾ ਹੈ। ਜਿਸ ਵਿੱਚ ਵਿਜੀਲੈਂਸ ਨੇ ਇਸ ਮਾਮਲੇ ਵਿੱਚ ਨਾਮਜ਼ਦ ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆ ਗਿਲਜੀਆ ਦੇ ਵਿਦੇਸ਼ ਭੱਜਣ ਦਾ ਖ਼ਦਸ਼ਾ ਪ੍ਰਗਟ ਕਰਦਿਆਂ ਉਸ ਦਾ ਪਾਸਪੋਰਟ ਜ਼ਬਤ ਕਰਨ ਦੀ ਮੰਗ ਕੀਤੀ ਸੀ। ਅਦਾਲਤ ਦੇ ਤਾਜ਼ਾ ਫ਼ੈਸਲੇ ਨਾਲ ਗਿਲਜੀਆ ਨੂੰ ਵੱਡੀ ਰਾਹਤ ਮਿਲੀ ਹੈ।
ਇਸੇ ਸਾਲ ਜੂਨ ਮਹੀਨੇ ਵਿੱਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਦੀ ਵਜ਼ਾਰਤ ਸਮੇਂ ਜੰਗਲਾਤ ਵਿਭਾਗ ਦੇ ਕੈਬਨਿਟ ਮੰਤਰੀ ਰਹੇ ਸੰਗਤ ਸਿੰਘ ਗਿਲਜੀਆ ਸਮੇਤ ਹੋਰਨਾਂ ਨੂੰ ਨਾਮਜ਼ਦ ਕੀਤਾ ਗਿਆ ਸੀ। ਵਿਜੀਲੈਂਸ ਦੀ ਜਾਂਚ ਟੀਮ ਨੇ ਇਹ ਖ਼ਦਸ਼ਾ ਪ੍ਰਗਟ ਕੀਤਾ ਸੀ ਕਿ ਗਿਲਜੀਆ ਕਾਨੂੰਨੀ ਕਾਰਵਾਈ ਤੋਂ ਬਚਨ ਲਈ ਵਿਦੇਸ਼ ਭੱਜਣ ਦੇ ਚੱਕਰ ਵਿੱਚ ਹੈ। ਵਿਜੀਲੈਂਸ ਅਨੁਸਾਰ ਗਿਲਜੀਆ ਅਮਰੀਕਾ ਜਾਣ ਲਈ ਟਿਕਟ ਬੁੱਕ ਕਰਵਾ ਚੁੱਕੇ ਹਨ। ਲਿਹਾਜ਼ਾ ਸਾਬਕਾ ਮੰਤਰੀ ਦਾ ਪਾਸਪੋਰਟ ਜ਼ਬਤ ਕੀਤਾ ਜਾਵੇ ਤਾਂ ਜੋ ਵਿਦੇਸ਼ ਨਾ ਭੱਜ ਸਕੇ। ਸੁਣਵਾਈ ਦੌਰਾਨ ਅਦਾਲਤ ਨੇ ਵਿਜੀਲੈਂਸ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਉਪਰੋਕਤ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾਈ ਹੋਈ ਹੈ। ਉਸ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਵਿਜੀਲੈਂਸ ਨੂੰ ਘੱਟੋ-ਘੱਟ ਇੱਕ ਹਫ਼ਤੇ ਦਾ ਨੋਟਿਸ ਦੇਣਾ ਪਵੇਗਾ।
ਗਿਲਜੀਆ ਅਤੇ ਧਰਮਸੋਤ ਉੱਤੇ ਜੰਗਲਾਤ ਵਿਭਾਗ ਵਿੱਚ ਠੇਕੇਦਾਰਾਂ ਤੋਂ ਪੈਸੇ ਲੈ ਕੇ ਖੈਰ ਦੇ ਦਰੱਖਤਾਂ ਦੀ ਕਟਾਈ ਦਾ ਠੇਕਾ ਦੇਣ ਅਤੇ ਜੰਗਲਾਤ ਅਫ਼ਸਰਾਂ ਨੂੰ ਉਨ੍ਹਾਂ ਦੇ ਮਨਪਸੰਦ ਸਟੇਸ਼ਨਾਂ ’ਤੇ ਤਾਇਨਾਤ ਕਰਨ ਲਈ ਵੱਢੀ ਲੈਣ ਦਾ ਕਥਿਤ ਦੋਸ਼ ਹੈ। ਧਰਮਸੋਤ ਸਮੇਤ ਉਸ ਦਾ ਓਐਸਡੀ ਚਮਕੌਰ ਸਿੰਘ ਅਤੇ ਮੀਡੀਆ ਸਲਾਹਕਾਰ ਕਮਲਜੀਤ ਸਿੰਘ ਇਸ ਸਮੇਂ ਨਿਆਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਹਨ ਜਦੋਂਕਿ ਗਿਲਜੀਆ ਦੀ ਗ੍ਰਿਫ਼ਤਾਰੀ ’ਤੇ ਰੋਕ ਲੱਗੀ ਹੋਈ ਹੈ।
ਵਿਜੀਲੈਂਸ ਦੇ ਤੱਥਾਂ ਅਨੁਸਾਰ ਠੇਕੇਦਾਰ ਨੇ ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆ ਨੂੰ ਮੁਹਾਲੀ ਨੇੜਲੇ ਪਿੰਡ ਨਾਡਾ ਵਿੱਚ ਖੈਰ ਦੇ ਦਰਖ਼ਤਾਂ ਦੀ ਕਟਾਈ ਦਾ ਪਰਮਿਟ ਜਾਰੀ ਕਰਵਾਉਣ ਲਈ ਪੀਏ ਕੁਲਵਿੰਦਰ ਸਿੰਘ ਰਾਹੀਂ 5 ਲੱਖ ਰੁਪਏ ਰਿਸ਼ਵਤ ਦਿੱਤੀ ਸੀ। ਉਸ ਨੇ ਰੇਂਜ ਅਫ਼ਸਰ, ਬਲਾਕ ਅਫ਼ਸਰ ਅਤੇ ਵਣ ਗਾਰਡ ਨੂੰ ਵੀ ਰਿਸ਼ਵਤ ਦਿੱਤੀ ਸੀ। ਗਿਲਜੀਆ ਨੇ ਆਪਣੇ ਕਾਰਜਕਾਲ ਦੌਰਾਨ ਠੇਕੇਦਾਰ ਹਰਮੋਹਿੰਦਰ ਦੀ ਪੰਜਾਬ ਦੇ ਡੀਐਫਓਜ਼ ਨਾਲ ਮੀਟਿੰਗ ਕਰਵਾਈ ਸੀ ਅਤੇ ਹਦਾਇਤ ਕੀਤੀ ਸੀ ਕਿ ਪੌਦਿਆਂ ਦੀ ਸੁਰੱਖਿਆ ਲਈ ਟ੍ਰੀ-ਗਾਰਡਾਂ ਦੀ ਖ਼ਰੀਦ ਸਿਰਫ਼ ਸਚਿਨ ਕੁਮਾਰ ਤੋਂ ਹੀ ਕੀਤੀ ਜਾਵੇਗੀ। ਇੱਕ ਟ੍ਰੀ-ਗਾਰਡ ਦੀ ਕੀਮਤ 2800 ਸੀ, ਜਿਸ ’ਚੋਂ ਗਿਲਜੀਆ ਦਾ ਹਿੱਸਾ ਰਿਸ਼ਵਤ ਵਜੋਂ 800 ਪ੍ਰਤੀ ਰੁੱਖ ਸੀ। ਉਸ ਸਮੇਂ ਕੁੱਲ 80 ਹਜ਼ਾਰ ਟਰੀ-ਗਾਰਡ ਖ਼ਰੀਦੇ ਗਏ ਸਨ ਅਤੇ ਗਿਲਜੀਆ ਨੇ 6,40,00,000 ਰੁਪਏ ਰਿਸ਼ਵਤ ਵਜੋਂ ਇਕੱਠੇ ਕੀਤੇ ਸਨ।
ਪਿੰਡ ਨਾਡਾ ਵਿੱਚ ਵਣ ਗਾਰਡ ਦਿਲਪ੍ਰੀਤ ਸਿੰਘ ਅਤੇ ਹੋਰ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਪੱਕੀ ਸੜਕ ਬਣਾਉਣ ਲਈ ਪਹਾੜੀ ਨੂੰ ਪੱਧਰ ਕੀਤਾ ਗਿਆ ਸੀ। ਗਿਲਜੀਆ ਦੇ ਕਾਰਜਕਾਲ ਦੌਰਾਨ ਅਮਿਤ ਚੌਹਾਨ ਨੂੰ ਡੀਐਫ਼ਓ ਰੂਪਨਗਰ ਨਿਯੁਕਤ ਕੀਤਾ ਗਿਆ ਸੀ। ਉਸ ਸਮੇਂ ਬੇਲਾ ਨੇੜਲੇ ਪਿੰਡ ਜ਼ਿੰਦਾ ਵਿੱਚ 486 ਏਕੜ ਜ਼ਮੀਨ ’ਚੋਂ ਇੱਕ ਮਹੀਨੇ ਵਿੱਚ ਨਾਜਾਇਜ਼ ਮਾਈਨਿੰਗ ਕੀਤੀ ਗਈ। ਪਿੰਡ ਵਿੱਚ ਕਰੀਬ 50 ਫੁੱਟ ਡੂੰਘੇ ਟੋਏ ਪੁੱਟ ਦਿੱਤੇ ਗਏ। ਸਰਪੰਚਾਂ ਦੀ ਮਿਲੀਭੁਗਤ ਨਾਲ 40-50 ਕਰੋੜ ਰੁਪਏ ਦੀ ਗੈਰ-ਕਾਨੂੰਨੀ ਮਾਈਨਿੰਗ ਕੀਤੀ ਗਈ ਸੀ।
ਉਧਰ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆ ਦੀ ਅਰਜ਼ੀ ’ਤੇ ਮੁਹਾਲੀ ਅਦਾਲਤ ਨੇ ਇੱਕ ਵੈਬ ਚੈਨਲ ਦੇ ਮੁੱਖ ਸੰਪਾਦਕ ਨੂੰ ਝੂਠੀ ਖ਼ਬਰ ਚਲਾਉਣ ਦੇ ਦੋਸ਼ ਹੇਠ ਸ਼ੋਅਕਾਜ ਨੋਟਿਸ ਜਾਰੀ ਕਰਕੇ 10 ਜਨਵਰੀ 2023 ਤੱਕ ਆਪਣਾ ਪੱਖ ਰੱਖਣ ਲਈ ਕਿਹਾ ਹੈ। ਵੈਬ ਚੈਨਲ ਨੇ ਅਦਾਲਤੀ ਹੁਕਮਾਂ ਦਾ ਹਵਾਲਾ ਦਿੰਦੇ ਹੋਏ ਗਿਲਜੀਆ ਬਾਰੇ ਝੂਠੀ ਖ਼ਬਰ ਚਲਾਈ ਗਈ ਸੀ। ਜਿਸ ਦਾ ਬੁਰਾ ਮਨਾਉਂਦੇ ਹੋਏ ਗਿਲਜੀਆ ਨੇ ਅਦਾਲਤ ਨੂੰ ਦੱਸਿਆ ਕਿ ਇਹ ਖ਼ਬਰ ਚੱਲਣ ਨਾਲ ਉਸ ਦੀ ਕਾਫ਼ੀ ਬਦਨਾਮੀ ਹੋਈ ਹੈ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…