nabaz-e-punjab.com

ਜੰਗਲਾਤ ਘੁਟਾਲਾ: ਵਿਜੀਲੈਂਸ ਬਿਊਰੋ ਵੱਲੋਂ ਧਰਮਸੋਤ ਤੇ ਹੋਰਨਾਂ ਖ਼ਿਲਾਫ਼ 900 ਪੰਨਿਆਂ ਦਾ ਚਲਾਨ ਪੇਸ਼

ਕੇਸ ਦੀ ਅਗਲੀ ਸੁਣਵਾਈ ਲਈ ਸੋਮਵਾਰ ਦਾ ਦਿਨ ਨਿਰਧਾਰਿਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਗਸਤ:
ਕਾਂਗਰਸ ਵਜ਼ਾਰਤ ਸਮੇਂ ਜੰਗਲਾਤ ਵਿਭਾਗ ਵਿੱਚ ਫੈਲੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਅੱਜ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਸਮੇਤ ਹੋਰਨਾਂ ਖ਼ਿਲਾਫ਼ ਚਲਾਨ ਕੀਤਾ ਗਿਆ। ਵਿਜੀਲੈਂਸ ਨੇ ਮਿੱਥੇ ਸਮੇਂ ਅੰਦਰ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ। ਜਿਸ ਨੂੰ ਰੈਗੂਲਰ ਸੁਣਵਾਈ ਲਈ ਸੈਸ਼ਨ ਕੋਰਟ ਵਿੱਚ ਭੇਜ ਦਿੱਤਾ ਹੈ। ਵਿਜੀਲੈਂਸ ਨੇ ਕਰੀਬ 900 ਪੰਨਿਆਂ ਦੇ ਚਲਾਨ ਵਿੱਚ ਧਰਮਸੋਤ ਸਮੇਤ ਹੋਰਨਾਂ ਖ਼ਿਲਾਫ਼ ਲੱਗੇ ਗੰਭੀਰ ਦੋਸ਼ਾਂ ਬਾਰੇ ਹਰ ਪਹਿਲੂ ਨੂੰ ਛੂਹਿਆ ਗਿਆ ਹੈ ਅਤੇ ਸ਼ਿਕਾਇਤ ਕਰਤਾ ਸਮੇਤ ਕਈ ਗਵਾਹਾਂ ਦੇ ਨਾਵਾਂ ਦਾ ਵੀ ਵੇਰਵਾ ਸ਼ਾਮਲ ਹੈ।
ਫਿਲਹਾਲ ਇਸ ਮਾਮਲੇ ਵਿੱਚ ਵਿਜੀਲੈਂਸ ਨੇ ਧਰਮਸੋਤ ਸਮੇਤ ਦੇ ਮੀਡੀਆ ਸਲਾਹਕਾਰ ਕਮਲਪ੍ਰੀਤ ਸਿੰਘ ਖੰਨਾ ਅਤੇ ਜ਼ਿਲ੍ਹਾ ਜੰਗਲਾਤ ਅਫ਼ਸਰ (ਡੀਐਫ਼ਓ) ਗੁਰਅਮਨਪ੍ਰੀਤ ਸਿੰਘ ਬੈਂਸ ਖ਼ਿਲਾਫ਼ ਚਲਾਨ ਪੇਸ਼ ਕੀਤਾ ਹੈ। ਜਦੋਂਕਿ ਇਸ ਮਾਮਲੇ ਵਿੱਚ ਧਰਮਸੋਤ ਦੇ ਓਐਸਡੀ ਰਹੇ ਚਮਕੌਰ ਸਿੰਘ ਸਮੇਤ ਠੇਕੇਦਾਰ ਹਰਮੋਹਿੰਦਰ ਸਿੰਘ, ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜੀਆਂ ਅਤੇ ਵਣ ਮੰਡਲ ਅਫ਼ਸਰ ਅਮਿਤ ਚੌਹਾਨ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਇਹ ਸਾਰੇ ਮੁਲਜ਼ਮ ਗ੍ਰਿਫ਼ਤਾਰੀ ਸਮੇਂ ਤੋਂ ਨਿਆਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਹਨ। ਇਨ੍ਹਾਂ ਵਿਰੁੱਧ ਬਾਅਦ ਵਿੱਚ ਸਪਲੀਮੈਂਟਰੀ ਚਲਾਨ ਕੀਤਾ ਜਾਵੇਗਾ। ਸੰਗਤ ਸਿੰਘ ਗਿਲਜੀਆਂ ਅਤੇ ਉਸ ਦਾ ਪੀਏ ਕੁਲਵਿੰਦਰ ਸਿੰਘ ਸ਼ੇਰਗਿੱਲ ਅਜੇ ਤਾਈਂ ਵਿਜੀਲੈਂਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਕੋਰਟ ਵੱਲੋਂ ਗਿਲਜੀਆਂ ਦੀ ਗ੍ਰਿਫ਼ਤਾਰੀ ’ਤੇ ਆਰਜ਼ੀ ਰੋਕ ਲਗਾਈ ਹੋਈ ਹੈ। ਇਸ ਕੇਸ ਦੀ ਅਗਲੀ ਸੁਣਵਾਈ ਸੋਮਵਾਰ ਨੂੰ ਹੋਵੇਗੀ।
ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ 6 ਜੁਲਾਈ 2022 ਨੂੰ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਦੀ ਸੁਣਵਾਈ ਮੁਹਾਲੀ ਅਦਾਲਤ ਵਿੱਚ ਚੱਲ ਰਹੀ ਹੈ। ਧਰਮਸੋਤ ਸਮੇਤ ਦਲਜੀਤ ਗਿਲਜੀਆਂ ਤੇ ਡੀਐਫ਼ਓ ਬੈਂਸ ਦੀ ਰੈਗੂਲਰ ਜ਼ਮਾਨਤ ਦੀਆਂ ਅਰਜ਼ੀਆਂ ਵੀ ਰੱਦ ਕੀਤੀਆਂ ਜਾ ਚੁੱਕੀਆਂ ਹਨ।
ਵਿਜੀਲੈਂਸ ਦੀ ਰਿਪੋਰਟ ਅਨੁਸਾਰ ਸਾਧੂ ਸਿੰਘ ਧਰਮਸੋਤ ਅਤੇ ਗਿਲਜੀਆਂ ’ਤੇ ਕਾਂਗਰਸ ਵਜ਼ਾਰਤ ਸਮੇਂ ਜੰਗਲਾਤ ਮੰਤਰੀ ਹੁੰਦਿਆਂ ਜੰਗਲਾਤ ਅਫ਼ਸਰਾਂ ਤੋਂ ਪੈਸੇ ਦੇ ਕੇ ਉਨ੍ਹਾਂ ਨੂੰ ਮਨਪਸੰਦ ਸਟੇਸ਼ਨਾਂ ’ਤੇ ਤਾਇਨਾਤ ਕਰਨ ਅਤੇ ਠੇਕੇਦਾਰਾਂ ਨੂੰ ਖੈਰ ਦੇ ਰੁੱਖਾਂ ਦੀ ਕਟਾਈ ਦਾ ਠੇਕਾ ਦੇਣ ਅਤੇ ਟ੍ਰੀ ਗਾਰਡਾਂ ਖ਼ਰੀਦ ਵਿੱਚ ਵੱਡੇ ਪੱਧਰ ’ਤੇ ਘਪਲਾ ਕਰਨ ਦਾ ਦੋਸ਼ ਹੈ। ਜੰਗਲਾਤ ਘੁਟਾਲੇ ਵਿੱਚ ਵੱਖ-ਵੱਖ ਮੁਲਜ਼ਮਾਂ ਤੋਂ ਮਿਲੇ ਦਸਤਾਵੇਜ਼ੀ ਸਬੂਤਾਂ ਅਤੇ ਜ਼ੁਬਾਨੀ ਖ਼ੁਲਾਸਿਆਂ ਦੇ ਆਧਾਰ ’ਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਉਪਰੰਤ ਵਿਜੀਲੈਂਸ ਬਿਊਰੋ ਨੇ ਦੋਵੇਂ ਸਾਬਕਾ ਮੰਤਰੀਆਂ ਸਮੇਤ ਹੋਰਨਾਂ ਵਿਅਕਤੀਆਂ ਅਤੇ ਜੰਗਲਾਤ ਅਫ਼ਸਰਾਂ ਵਿਰੁੱਧ ਭ੍ਰਿਸ਼ਟਾਚਾਰ ਦਾ ਪਰਚਾ ਦਰਜ ਕੀਤਾ ਗਿਆ ਸੀ। ਵਿਜੀਲੈਂਸ ਵੱਲੋਂ ਇਸ ਮਾਮਲੇ ਵਿੱਚ ਜਾਂਚ ਜਾਰੀ ਹੈ। ਜ਼ਿਕਰਯੋਗ ਹੈ ਕਿ ਗਰੀਬ ਵਰਗ ਦੇ ਬੱਚਿਆਂ ਨੂੰ ਮੁਫ਼ਤ ਉੱਚ ਸਿੱਖਿਆ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ਕੇਂਦਰ ਅਤੇ ਪੰਜਾਬ ਸਰਕਾਰ ਦੀ ਹਿੱਸੇਦਾਰੀ ਵਾਲੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਮਾਮਲੇ ਵਿੱਚ ਬਹੁਕਰੋੜੀ ਘੁਟਾਲੇ ਵਿੱਚ ਵੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਗੰਭੀਰ ਦੋਸ਼ ਲੱਗੇ ਸੀ। ਜੰਗਲਾਤ ਘੁਟਾਲੇ ਤੋਂ ਬਾਅਦ ਵਜ਼ੀਫ਼ਾ ਘੁਟਾਲੇ ਦੀਆਂ ਗੰਢਾਂ ਵੀ ਖੁੱਲ੍ਹਣ ਦੇ ਆਸਾਰ ਬਣਦੇ ਜਾ ਰਹੇ ਹਨ। ਆਪ ਸਰਕਾਰ ਨੇ ਧਰਮਸੋਤ ਦੇ ਪੈਰਾਂ ਵਿੱਚ ਕਾਨੂੰਨ ਦੀਆਂ ਬੇੜੀਆਂ ਪਾਉਣ ਲਈ ਪਿਛਲੇ ਦਿਨੀਂ ਇਸ ਮਾਮਲੇ ਦੀ ਵਿਜਲੈਂਸ ਨੂੰ ਡੂੰਘਾਈ ਨਾਲ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਦੀ ਹਰੀ ਝੰਡੀ ਮਿਲਣ ਤੋਂ ਬਾਅਦ ਵਿਜੀਲੈਂਸ ਨੇ ਹੁਣ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੀਆਂ ਫਾਈਲਾਂ ਤੋਂ ਵੀ ਮਿੱਟੀ ਝਾੜਨੀ ਸ਼ੁਰੂ ਕਰ ਦਿੱਤੀ ਹੈ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …