
ਮੁਹਾਲੀ ਜ਼ਿਲ੍ਹੇ ਵਿੱਚ ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਦੀ ਰਸਮੀ ਸ਼ੁਰੂਆਤ
ਮੁਹਾਲੀ ਦੇ 341 ਪਿੰਡਾਂ ਦੇ ਵਿਕਾਸ ਲਈ 102.85 ਕਰੋੜ ਰੁਪਏ ਖਰਚੇ ਜਾਣਗੇ: ਮਨਪ੍ਰੀਤ ਬਾਦਲ
ਗਰਾਮ ਪੰਚਾਇਤਾਂ ਨੇ ਵੱਖ-ਵੱਖ 39 ਥਾਵਾਂ ਤੋਂ ਕੀਤੀ ਮੁਹਿੰਮ ਦੀ ਸ਼ੁਰੂਆਤ ਵਿੱਚ ਵਰਚੂਅਲ ਤਰੀਕੇ ਨਾਲ ਸ਼ਿਰਕਤ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਕਤੂਬਰ:
ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਦੇ ਉਦਘਾਟਨ ਕਰਨ ਨਾਲ ਪੰਜਾਬ ਸਰਕਾਰ ਦੇ ਪ੍ਰਮੁੱਖ ਪ੍ਰਾਜੈਕਟ ਰੂਰਲ ਟਰਾਂਸਫ਼ਾਰਮੇਸ਼ਨ ਪ੍ਰੋਗਰਾਮ ‘ਸਮਾਰਟ ਵਿਲੇਜ ਮੁਹਿੰਮ’ ਦੇ ਦੂਜੇ ਪੜਾਅ ਦੀ ਅੱਜ ਮੁਹਾਲੀ ਜ਼ਿਲ੍ਹੇ ਵਿੱਚ ਵੀ ਰਸਮੀ ਸ਼ੁਰੂਆਤ ਹੋ ਗਈ ਹੈ। ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਤਹਿਤ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਸਾਰੇ 341 ਪਿੰਡਾਂ ਦੇ ਸਰਬਪੱਖੀ ਵਿਕਾਸ ਲਈ 102.85 ਕਰੋੜ ਰੁਪਏ ਰੱਖੇ ਗਏ ਹਨ ਤਾਂ ਜੋ ਪਿੰਡਾਂ ਦੇ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਂਦਾ ਜਾ ਸਕੇ।
ਇਹ ਗੱਲ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਇੱਥੋਂ ਦੇ ਸੈਕਟਰ-76 ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਪੰਚਾਇਤਾਂ ਨੂੰ ਸੰਬੋਧਨ ਕਰਦਿਆਂ ਆਖੀ। ਉਨ੍ਹਾਂ ਗਰਾਮ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਲੋਕਾਂ ਦੀ ਮਿਹਨਤ ਦੀ ਕਮਾਈ ਨੂੰ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਵਿਕਾਸ ਕੰਮਾਂ ’ਤੇ ਖ਼ਰਚਣ। ਇਸ ਦੌਰਾਨ ਪਿੰਡ ਬਾਕਰਪੁਰ ਦੇ ਸਰਪੰਚ ਜਗਤਾਰ ਸਿੰਘ ਅਤੇ ਪਿੰਡ ਪੱਤੋਂ ਦੀ ਸਰਪੰਚ ਰੁਪਿੰਦਰ ਕੌਰ ਨੂੰ ਵਿਸ਼ੇਸ਼ ਤੌਰ ’ਤੇ ਇਸ ਸਮਾਗਮ ਦੌਰਾਨ ਮੁੱਖ ਮੰਤਰੀ ਨਾਲ ਸ਼ਿਰਕਤ ਕਰਨ ਲਈ ਉਨ੍ਹਾਂ ਦੇ ਦਫ਼ਤਰ ਵਿੱਚ ਬੁਲਾਇਆ ਗਿਆ।
ਸ੍ਰੀ ਬਾਦਲ ਨੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਪਿੰਡਾਂ ਨੂੰ ਸਮਾਰਟ ਸ਼ਹਿਰਾਂ ਦੀ ਤਰਜ਼ ’ਤੇ ‘ਸਮਾਰਟ’ ਬਣਾਇਆ ਜਾਵੇਗਾ। ਜਿਸ ਨਾਲ ਪਿੰਡਾਂ ਨੂੰ ਆਤਮ-ਨਿਰਭਰ, ਸਾਫ਼ ਅਤੇ ਸਵੱਛ ਬਣਨ ਵਿੱਚ ਸਹਾਇਤਾ ਮਿਲੇਗੀ। ਵਿਕਾਸ ਕਾਰਜਾਂ ਵਿੱਚ ਕਮਿਊਨਿਟੀ ਸੈਂਟਰਾਂ, ਧਰਮਸ਼ਾਲਾਵਾਂ ਦਾ ਨਿਰਮਾਣ, ਪੀਣ ਵਾਲੇ ਪਾਣੀ ਦੀ ਸਪਲਾਈ, ਰੇਨ ਵਾਟਰ ਹਾਰਵੈਸਟਿੰਗ, ਰਹਿੰਦ-ਖੂੰਹਦ ਪ੍ਰਬੰਧਨ, ਛੱਪੜਾਂ ਦਾ ਨਵੀਨੀਕਰਨ, ਗੰਦੇ ਪਾਣੀ ਦੀ ਨਿਕਾਸੀ, ਗਲੀਆਂ, ਨਾਲੀਆਂ, ਖੇਡ ਮੈਦਾਨ, ਸਟੇਡੀਅਮਾਂ, ਜਿਮਨੇਜ਼ੀਅਮਾਂ ਦੀ ਉਸਾਰੀ, ਸੋਲਰ ਸਟਰੀਟ ਲਾਈਟਾਂ, ਬੱਸ ਸ਼ੈਲਟਰਾਂ ਦੀ ਉਸਾਰੀ, ਸ਼ਮਸ਼ਾਨਘਾਟ/ ਕਬਰਿਸਤਾਨਾਂ, ਕਮਿਊਨਿਟੀ ਲਾਇਬਰੇਰੀ, ਸਕੂਲ ਅਤੇ ਆਂਗਨਵਾੜੀਆਂ ਦਾ ਵਿਕਾਸ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਵਰਚੂਅਲ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਲਈ ਪੰਜਾਬ ਭਰ ਵਿੱਚ 1500 ਥਾਵਾਂ ਦੀ ਚੋਣ ਕੀਤੀ ਗਈ ਸੀ। ਜਿਨ੍ਹਾਂ ’ਚੋਂ ਮੁਹਾਲੀ ਜ਼ਿਲ੍ਹੇ ਦੇ 39 ਪਿੰਡਾਂ ਦੀਆਂ ਪੰਚਾਇਤਾਂ ਨੇ ਵੀ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਪ੍ਰੋਗਰਾਮ ਨੂੰ ਵੱਡੀਆਂ ਸਕਰੀਨਾਂ ਅਤੇ ਪ੍ਰੋਜੈਕਟਰਾਂ ਰਾਹੀਂ ਦਿਖਾਇਆ ਗਿਆ। ਉਨ੍ਹਾਂ ਦੱਸਿਆ ਕਿ ਸਮਾਰਟ ਵਿਲੇਜ ਮੁਹਿੰਮ ਪਹਿਲੇ ਪੜਾਅ ਦੌਰਾਨ ਮੁਹਾਲੀ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ 16.96 ਕਰੋੜ ਰੁਪਏ ਦੀ ਰਕਮ ਖਰਚੀ ਗਈ ਸੀ ਅਤੇ ਹੁਣ ਦੂਜੇ ਪੜਾਅ ਵਿੱਚ ਵਿਕਾਸ ਪ੍ਰਾਜੈਕਟਾਂ ਵਿੱਚ ਨਿਵੇਸ਼ ਬਹੁਤ ਵੱਡੇ ਪੱਧਰ ’ਤੇ ਵਧਾ ਦਿੱਤਾ ਗਿਆ ਹੈ।
ਇਸ ਪ੍ਰੋਗਰਾਮ ਵਿੱਚ ਸਾਰੇ ਰਾਜ ਕੈਬਨਿਟ ਮੰਤਰੀਆਂ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਮੁੱਖ ਸਕੱਤਰ ਵਿਨੀ ਮਹਾਜਨ ਸਮੇਤ ਪ੍ਰਮੁੱਖ ਅਧਿਕਾਰੀਆਂ ਨੇ ਵੱਖ-ਵੱਖ ਥਾਵਾਂ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਿਰਕਤ ਕੀਤੀ। ਪ੍ਰੋਗਰਾਮ ਵਿੱਚ ਪੰਜਾਬ ਦੇ ਸਾਰੇ ਕਾਂਗਰਸੀ ਵਿਧਾਇਕਾਂ ਨੇ ਵੀ ਭਾਗ ਲਿਆ। ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ, ਐਸਐਸਪੀ ਸਤਿੰਦਰ ਸਿੰਘ ਅਤੇ ਏਡੀਸੀ ਰਾਜੀਵ ਗੁਪਤਾ ਵੀਡੀਓ ਕਾਨਫਰੰਸਿੰਗ ਰਾਹੀਂ ਸਮਾਗਮ ਦੌਰਾਨ ਵਿੱਤ ਮੰਤਰੀ ਨਾਲ ਸ਼ਾਮਲ ਹੋਏ।