nabaz-e-punjab.com

ਗੁਰਦੁਆਰਾ ਸਾਹਿਬ ਫੇਜ਼-4 ਵਿੱਚ ਸੁਖਾਵਾਂ ਮਾਹੌਲ ਬਣਾਉਣ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜੂਨ:
ਇੱਥੋਂ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼-4 ਦੀ ਮੌਜੂਦਾ ਪ੍ਰਬੰਧਕ ਕਮੇਟੀ ਵੱਲੋਂ ਸੰਵਿਧਾਨ ਅਨੁਸਾਰ ਮਿਲੇ ਅਧਿਕਾਰਾਂ ਅਤੇ ਹੱਕਾਂ ਨੂੰ ਲਾਗੂ ਕਰਨ ਅਤੇ ਗੁਰਦੁਆਰਾ ਸਾਹਿਬ ਦੇ ਮਾਹੌਲ ਨੂੰ ਖ਼ਰਾਬ ਕਰਨ ਤੋਂ ਰੋਕਣ ਲਈ ਗੁਰਦੁਆਰਾ ਸੰਵਿਧਾਨ ਦੀ ਧਾਰਾ 18 ਅਨੁਸਾਰ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਗੁਰਜੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਫੇਜ਼-4 ਦੇ ਪ੍ਰਧਾਨ ਜਤਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿਮ ਕਮੇਟੀ ਦੀ ਮੀਟਿੰਗ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਪੁਰਾਣੀ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਵਾਤਾਵਰਨ ਅਤੇ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਜਿਹੀਆਂ ਕਾਰਵਾਈਆਂ ਨੂੰ ਰੋਕਣ ਅਤੇ ਗੁਰਦੁਆਰਾ ਕੰਪਲੈਕਸ ਅੰਦਰ ਸੁਖਾਵਾਂ ਮਾਹੌਲ ਬਣਾਉਣ ਲਈ ਪੰਜ ਮੈਂਬਰੀ ਕਮੇਟੀ ਕਾਇਮ ਕੀਤੀ ਗਈ ਹੈ। ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਗੁਰਪ੍ਰਤਾਪ ਸਿੰਘ ਰਿਆੜ, ਹਰਕੀਰਤ ਸਿੰਘ, ਬੀਬੀ ਤੇਵਿੰਦਰ ਕੌਰ, ਬੀਬੀ ਪ੍ਰਕਾਸ਼ ਕੌਰ, ਗੁਰਚਰਨ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ।
ਗੁਰਜੀਤ ਸਿੰਘ ਨੇ ਦੱਸਿਆ ਕਿ ਜਨਵਰੀ 2020 ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੁਹਾਲੀ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਹੋਈ ਸਾਲਾਨਾ ਚੋਣ ਵਿੱਚ ਸੰਗਤਾਂ ਨੇ ਭਾਰੀ ਗਿਣਤੀ ਵਿੱਚ ਵੋਟਾਂ ਪਾ ਕੇ ਭਾਈ ਜਤਿੰਦਰਪਾਲ ਸਿੰਘ ਜੇਪੀ ਨੂੰ ਪ੍ਰਧਾਨ ਚੁਣਿਆ ਗਿਆ ਸੀ। ਇਸ ਤੋਂ ਬਾਅਦ ਪ੍ਰਧਾਨ ਅਤੇ ਬਾਕੀ ਮੈਂਬਰਾਂ ਵੱਲੋਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਪ੍ਰੰਤੂ ਪਿਛਲੇ ਦਿਨੀਂ ਚੋਣ ਹਾਰ ਚੁੱਕੀ ਵਿਰੋਧੀ ਧਿਰ ਦੇ ਕੁਝ ਵਿਅਕਤੀਆਂ ਵੱਲੋਂ ਗੁਰਦੁਆਰਾ ਸਾਹਿਬ ਦਾ ਮਾਹੌਲ ਖ਼ਰਾਬ ਕੀਤਾ ਜਾ ਰਿਹਾ ਹੈ ਅਤੇ ਜ਼ਬਰਦਸਤੀ ਝਗੜਾ ਕਰਨ ਵਾਲੇ ਹਾਲਾਤ ਪੈਦਾ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੁਝ ਵਿਅਕਤੀਆਂ ਵੱਲੋਂ ਸ਼ਰਾਰਤੀ ਅਨਸਰਾਂ ਨਾਲ ਮਿਲ ਕੇ ਨਵੀਂ ਕਮੇਟੀ ਨੂੰ ਕੰਮ ਕਰਨ ਤੋਂ ਰੋਕਿਆ ਜਾ ਰਿਹਾ ਹੈ। ਇਸ ਲਈ ਨਵੀਂ ਪੰਜ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ, ਮੁਹਾਲੀ ਦੇ ਡਿਪਟੀ ਕਮਿਸ਼ਨਰ, ਐਸਐਸਪੀ ਅਤੇ ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਨੂੰ ਵੀ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਬੀਤੀ 22 ਮਈ ਨੂੰ ਗੁਰਦੁਆਰਾ ਸਾਹਿਬ ਵਿੱਚ ਦੋ ਧਿਰਾਂ ਦੇ ਆਪਸੀ ਵਿਵਾਦ ਦੌਰਾਨ ਪੱਤਰਕਾਰ ਮੇਜਰ ਸਿੰਘ ਦੀ ਥਾਣੇ ਵਿੱਚ ਕੀਤੀ ਕੁੱਟਮਾਰ ਦਾ ਮਾਮਲਾ ਕਾਫੀ ਭਖਿਆ ਹੋਇਆ ਹੈ। ਇਸ ਸਬੰਧੀ ਦੋ ਥਾਣੇਦਾਰਾਂ ਏਐਸਆਈ ਓਮ ਪ੍ਰਕਾਸ਼ ਅਤੇ ਏਐਸਆਈ ਅਮਰ ਨਾਥ ਨੂੰ ਮੁਅੱਤਲ ਕਰਕੇ ਉਨ੍ਹਾਂ ਦੇ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕੀਤੀ ਗਈ ਹੈ ਅਤੇ ਪ੍ਰਧਾਨ ਸਮੇਤ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਜਿਸ ਵਿੱਚ ਥਾਣੇਦਾਰ ਓਮ ਪ੍ਰਕਾਸ਼ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…