
ਅਕਾਲੀ ਦਲ ਦੀ ਸਾਬਕਾ ਕੌਂਸਲਰ ਮਨਜੀਤ ਕੌਰ ਆਪ ਵਿੱਚ ਸ਼ਾਮਲ, ਕੁਲਵੰਤ ਸਿੰਘ ਨੇ ਕੀਤਾ ਸਵਾਗਤ
ਚੋਣ ਜ਼ਾਬਤਾ ਲੱਗਣ ਤੋਂ ਬਾਅਦ ਭਾਜਪਾ, ਕਾਂਗਰਸੀ, ਅਕਾਲੀ ਹੋਣਗੇ ਆਪ ਵਿੱਚ ਸ਼ਾਮਲ: ਕੁਲਵੰਤ ਸਿੰਘ
ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਾਂਗੀ: ਮਨਜੀਤ ਕੌਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜਨਵਰੀ:
ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆਉਣ ਕਾਰਨ ਰਾਜਸੀ ਪਾਰਟੀਆਂ ਵਿੱਚ ਅਦਲਾ-ਬਦਲੀ ਅਤੇ ਸਿਆਸੀ ਜੋੜ-ਤੋੜ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸਾਬਕਾ ਕੌਂਸਲਰ ਮਨਜੀਤ ਕੌਰ ਨੇ ਅੱਜ ਆਪਣੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਇਸ ਮੌਕੇ ਸਾਬਕਾ ਮੇਅਰ ਤੇ ਆਪ ਉਮੀਦਵਾਰ ਕੁਲਵੰਤ ਸਿੰਘ ਨੇ ਬੀਬੀ ਮਨਜੀਤ ਕੌਰ ਦਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਬੋਲਦਿਆਂ ਕੁਲਵੰਤ ਸਿੰਘ ਨੇ ਆਉਣ ਵਾਲੇ ਦਿਨਾਂ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਭਾਜਪਾ ਆਗੂ, ਕਾਂਗਰਸੀ ਅਤੇ ਅਕਾਲੀ ਦਲ ਦੇ ਆਗੂ ਅਤੇ ਸਰਗਰਮ ਆਪ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਦਾਅਵਾ ਕੀਤਾ ਕਿ ਉਕਤ ਪਾਰਟੀਆਂ ਦੇ ਕਈ ਆਗੂ ਉਨ੍ਹਾਂ ਦੇ ਸੰਪਰਕ ਵਿੱਚ ਹਨ। ਇਸ ਤੋਂ ਇਲਾਵਾ ਸਮਾਜਿਕ ਸੰਗਠਨਾਂ ਅਤੇ ਬੁੱਧੀਜੀਵੀਆਂ ਦਾ ਵੀ ਪੂਰਾ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਅਤੇ ਅਕਾਲੀ ਜਦੋਂ ਵੀ ਸੱਤਾ ਵਿੱਚ ਆਏ ਹਨ, ਤਾਂ ਉਨ੍ਹਾਂ ਨੇ ਹਮੇਸ਼ਾ ਹੀ ਪੰਜਾਬ ਦੇ ਲੋਕਾਂ ਨੂੰ ਲੁੱਟਿਆ ਹੈ। ਜਦੋਂਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਕੇਜਰੀਵਾਲ ਦਾ ਵਿਕਾਸ ਮਾਡਲ ਸਥਾਪਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅੌਰਤਾਂ ਨੂੰ ਸ਼ਸ਼ਕਤੀਕਰਨ, ਸਿਹਤ ਅਤੇ ਸਿੱਖਿਆ ਦੇ ਪੱਖ ਤੋਂ ਪੰਜਾਬ ਨੂੰ ਪਹਿਲੇ ਨੰਬਰ ’ਤੇ ਲਿਆਉਣਾ ਆਮ ਆਦਮੀ ਪਾਰਟੀ ਦਾ ਮੁੱਖ ਏਜੰਡਾ ਹੈ।
ਇਸ ਮੌਕੇ ਆਪ ਵਿੱਚ ਸ਼ਾਮਲ ਹੋਏ ਮਨਜੀਤ ਕੌਰ ਨੇ ਕਿਹਾ ਕਿ ‘ਆਪ’ ਵੱਲੋਂ ਕੁਲਵੰਤ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਨ ਦੇ ਫੈਸਲੇ ਤੋਂ ਖ਼ੁਸ਼ ਹੋ ਕੇ ਉਹ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ ਅਤੇ ਇਲਾਕੇ ਦੇ ਹੋਰਨਾਂ ਲੋਕਾਂ ਨੂੰ ਵੀ ਆਪ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨਗੇ।