
ਸਾਬਕਾ ਅਕਾਲੀ ਵਿਧਾਇਕ ਗੋਬਿੰਦ ਸਿੰਘ ਲੌਂਗੋਵਾਲ ਬਣੇ ਸ਼੍ਰੋਮਣੀ ਕਮੇਟੀ ਦੇ 42ਵੇਂ ਪ੍ਰਧਾਨ
ਪੰਥਕ ਫਰੰਟ ਦੇ ਉਮੀਦਵਾਰ ਅਮਰੀਕ ਸਿੰਘ ਸ਼ਾਹਪੁਰ ਨੂੰ ਮਿਲੀਆਂ ਸਿਰਫ਼ 15 ਵੋਟਾਂ
ਨਬਜ਼-ਏ-ਪੰਜਾਬ ਬਿਊਰੋ, ਅੰਮ੍ਰਿਤਸਰ, 29 ਨਵੰਬਰ:
ਸਿੱਖਾਂ ਦੀ ਮਿਨੀ ਪਾਰਲੀਮੈਂਟ ਮੰਨੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਦੀ ਅੱਜ ਇੱਥੇ ਹੋਈ ਚੋਣ ਵਿੱਚ ਸਾਬਕਾ ਵਿਧਾਇਕ ਗੋਬਿੰਦ ਸਿੰਘ ਲੌਂਗੋਵਾਲ ਨੂੰ ਪ੍ਰਧਾਨ ਚੁਣ ਲਿਆ ਗਿਆ। ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਵੋਟਾਂ ਪਾ ਕੇ ਹੋਈ। ਮੀਟਿੰਗ ਵਿੱਚ ਚੋਣ ਅਮਲ ਦੀ ਸ਼ੁਰੂਆਤ ਵੇਲੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਾਗੀਰ ਕੌਰ ਵੱਲੋਂ ਸਾਬਕਾ ਵਿਧਾਇਕ ਅਤੇ ਸੰਤ ਹਰਚੰਦ ਸਿੰਘ ਦੇ ਡਰਾਈਵਰ ਰਹੇ ਗੋਬਿੰਦ ਸਿੰਘ ਲੌਂਗੋਵਾਲ ਦਾ ਨਾਮ ਪ੍ਰਧਾਨਗੀ ਲਈ ਪੇਸ਼ ਕੀਤਾ ਅਤੇ ਭਾਈ ਮਨਜੀਤ ਸਿੰਘ ਵੱਲੋਂ ਉਹਨਾਂ ਦਾ ਸਮਰਥਨ ਕੀਤਾ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ (ਹੁਣ ਸਾਬਕਾ ਪ੍ਰਧਾਨ) ਸਮੇਤ ਹੋਰ ਸਿੱਖ ਆਗੂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ ਵੱਲੋਂ ਬਣਾਏ ਪੰਥਕ ਫਰੰਟ ਵੱਲੋਂ ਜਸਵੰਤ ਸਿੰਘ ਪੁੜੈਣ ਨੇ ਪ੍ਰਧਾਨਗੀ ਦੇ ਅਹੁਦੇ ਲਈ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਸ਼ਾਹਪੁਰ ਦਾ ਨਾਮ ਪੇਸ਼ ਕੀਤਾ। ਜਿਸ ਤੋਂ ਬਾਅਦ ਇਸ ਅਹੁਦੇ ਦੀ ਚੋਣ ਲਈ ਵੋਟਾਂ ਪਾਉਣ ਦੀ ਸਥਿਤੀ ਬਣ ਗਈ। ਇਸ ਮੌਕੇ ਹਾਜਿਰ ਮੈਂਬਰਾਂ ’ਚੋਂ ਮੁਹਾਲੀ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਹਰਦੀਪ ਸਿੰਘ ਨੇ ਉਹਨਾਂ ਵੱਲੋਂ ਲਿਖਤੀ ਦਿੱਤੇ ਗਏ ਪੰਥਕ ਮੁੱਦਿਆਂ ਬਾਰੇ ਉਹਨਾਂ ਨੂੰ ਬੋਲਣ ਲਈ ਸਮਾਂ ਨਾ ਦੇਣ ਦੇ ਵਿਰੋਧ ਵਿੱਚ ਵੋਟਿੰਗ ਵਿੱਚ ਭਾਗ ਨਹੀਂ ਲਿਆ। ਜਦੋਂ ਕਿ 169 ਮੈਂਬਰਾਂ ਵੱਲੋਂ ਪਾਈਆਂ ਵੋਟਾਂ ਵਿੱਚ ਗੋਬਿੰਦ ਸਿੰਘ ਲੌਂਗੋਵਾਲ ਨੂੰ 154 ਅਤੇ ਅਮਰੀਕ ਸਿੰਘ ਸ਼ਾਹਪੁਰ ਨੂੰ ਸਿਰਫ਼ 15 ਵੋਟਾਂ ਹੀ ਮਿਲੀਆਂ। ਜਿਸ ਤੋਂ ਬਾਅਦ ਸ੍ਰੀ ਲੌਂਗੋਵਾਲ ਨੂੰ ਜੇਤੂ ਐਲਾਨਦਿਆਂ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਘੋਸ਼ਿਤ ਕੀਤਾ ਗਿਆ। ਇਸ ਮੌਕੇ ਰਘੁਜੀਤ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਹਰਪਾਲ ਸਿੰਘ ਜੱਲ੍ਹਾ ਨੂੰ ਮੀਤ ਪ੍ਰਧਾਨ ਅਤੇ ਗੁਰਬਚਨ ਸਿੰਘ ਕਰਮੂਵਾਲ ਨੂੰ ਸਕੱਤਰ ਨਿਯੁਕਤ ਕੀਤਾ ਗਿਆ।