ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਵਿਜੀਲੈਂਸ ਅੱਗੇ ਨਹੀਂ ਹੋਏ ਪੇਸ਼, ਹਫ਼ਤੇ ਦੀ ਮੋਹਲਤ ਮੰਗੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਪਰੈਲ:
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸ ਆਗੂ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਵਿਜੀਲੈਂਸ ਬਿਊਰੋ ਤੋਂ ਮੁੜ ਜਾਂਚ ਵਿੱਚ ਸ਼ਾਮਲ ਹੋਣ ਅਤੇ ਜਾਇਦਾਦਾਂ ਬਾਰੇ ਲੋੜੀਂਦੇ ਦਸਤਾਵੇਜ਼ ਪੇਸ਼ ਕਰਨ ਸਬੰਧੀ ਇੱਕ ਹਫ਼ਤੇ ਦੀ ਮੋਹਲਤ ਮੰਗੀ ਗਈ ਹੈ। ਵਿਜੀਲੈਂਸ ਦੇ ਐੱਸਐੱਸਪੀ ਦਲਜੀਤ ਸਿੰਘ ਰਾਣਾ ਨੇ ਇਸ ਗੱਲ ਦੀ ਪੁਸ਼ਟੀ ਜ਼ਰੂਰ ਕੀਤੀ ਹੈ ਪਰ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਸਾਬਕਾ ਮੁੱਖ ਮੰਤਰੀ ਨੂੰ ਹਫ਼ਤੇ ਦੀ ਮੋਹਲਤ ਦੇਣ ਜਾਂ ਨਾ ਦੇਣ ਬਾਰੇ ਵਿਜੀਲੈਂਸ ਮੁਖੀ ਹੀ ਕੁੱਝ ਦੱਸ ਸਕਦੇ ਹਨ।
ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਅੱਜ (21 ਅਪਰੈਲ ਨੂੰ) ਮੁਹਾਲੀ ਸਥਿਤ ਵਿਜੀਲੈਂਸ ਭਵਨ ਵਿੱਚ ਸੱਦਿਆ ਗਿਆ ਸੀ। ਉਂਜ ਇਸ ਤੋਂ ਪਹਿਲਾਂ ਚੰਨੀ ਬੀਤੀ 14 ਅਪਰੈਲ ਨੂੰ ਵਿਜੀਲੈਂਸ ਦੀ ਜਾਂਚ ਵਿੱਚ ਸ਼ਾਮਲ ਹੋ ਚੁੱਕੇ ਹਨ। ਉਸ ਦਿਨ ਵਿਜੀਲੈਂਸ ਨੇ ਉਨ੍ਹਾਂ ਤੋਂ ਦੇਰ ਸ਼ਾਮ ਤੱਕ ਲਗਪਗ ਸੱਤ ਘੰਟੇ ਤੱਕ ਲੰਬੀ ਪੁੱਛਗਿੱਛ ਕੀਤੀ ਗਈ ਸੀ। ਵਿਜੀਲੈਂਸ ਉਸ ਕੋਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਸਮੇਤ ਨਾਜਾਇਜ਼ ਖਣਨ ਬਾਰੇ ਪੁੱਛਗਿੱਛ ਕਰ ਚੁੱਕੀ ਹੈ।
ਚਰਨਜੀਤ ਚੰਨੀ ਨੇ ਹਫ਼ਤੇ ਦੀ ਮੋਹਲਤ ਮੰਗਣ ਲਈ ਵਿਜੀਲੈਂਸ ਨੂੰ ਇਹ ਤਰਕ ਦਿੱਤਾ ਹੈ ਕਿ ਪਿਛਲੇ ਦਿਨੀਂ ਜਦੋਂ ਵਿਜੀਲੈਂਸ ਨੇ ਉਸ ਤੋਂ ਕੀਤੀ ਪੁੱਛਗਿੱਛ ਦੌਰਾਨ ਆਮਦਨ ਸਰੋਤਾਂ ਅਤੇ ਉਸ ਦੀ ਜਾਇਦਾਦਾਂ ਬਾਰੇ ਅਹਿਮ ਦਸਤਾਵੇਜ਼ ਪੇਸ਼ ਕਰਨ ਲਈ ਕਿਹਾ ਗਿਆ ਸੀ। ਸਾਬਕਾ ਮੁੱਖ ਮੰਤਰੀ ਚੰਨੀ ਨੇ ਵਿਜੀਲੈਂਸ ਨੂੰ ਕਿਹਾ ਕਿ ਉਪਰੋਕਤ ਸਾਰੇ ਦਸਤਾਵੇਜ਼ ਇਕੱਠੇ ਕਰਨ ਲਈ ਉਸ ਨੂੰ ਘੱਟੋ-ਘੱਟ ਇੱਕ ਹਫ਼ਤੇ ਦੀ ਮੋਹਲਤ ਦਿੱਤੀ ਜਾਵੇ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਸੱਤਾ ਪਰਿਵਰਤਨ ਤੋਂ ਬਾਅਦ ਚਰਨਜੀਤ ਚੰਨੀ ਆਪ ਸਰਕਾਰ ਦੇ ਰਾਡਾਰ ’ਤੇ ਹਨ। ਹਾਲਾਂਕਿ ਪਹਿਲਾਂ ਸਰਕਾਰੀ ਪੱਧਰ ’ਤੇ ਇਹ ਗੱਲ ਬੜੇ ਜ਼ੋਰਾਂ ਸ਼ੋਰਾਂ ਨਾਲ ਪ੍ਰਚਾਰੀ ਗਈ ਸੀ ਕਿ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਚੰਨੀ ਵਿਦੇਸ਼ ਦੌੜ ਗਏ ਹਨ ਪ੍ਰੰਤੂ ਹੁਣ ਚੰਨੀ ਨੂੰ ਵਾਪਸ ਆਇਆ ਨੂੰ ਕਾਫ਼ੀ ਸਮਾਂ ਹੋ ਗਿਆ ਹੈ ਅਤੇ ਉਹ ਲਗਾਤਾਰ ਲੋਕਾਂ ਵਿੱਚ ਵਿਚਰ ਰਹੇ ਹਨ। ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੁੰਦੇ ਰਹੇ ਹਨ। ਇਸ ਤੋਂ ਬਾਅਦ ਵੀ ਉਹ ਚੁੱਪ ਕਰਕੇ ਨਹੀਂ ਬੈਠੇ ਅਤੇ ਪਹਿਲਾਂ ਵਾਂਗ ਪਾਰਟੀ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕਰਦੇ ਆ ਰਹੇ ਹਨ ਅਤੇ ਹੁਣ ਵੀ ਜਲੰਧਰ ਜ਼ਿਮਨੀ ਚੋਣ ਵਿੱਚ ਚੋਣ ਪ੍ਰਚਾਰ ਕਰਨ ਵਿੱਚ ਡਟੇ ਹੋਏ ਹਨ।
ਹਾਲਾਂਕਿ ਵਿਜੀਲੈਂਸ ਬਿਊਰੋ ਨੇ ਸਾਲ ਪਹਿਲਾਂ ਹੀ ਚੰਨੀ ਦੇ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ ਪ੍ਰੰਤੂ ਕੁੱਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਜਟ ਸੈਸ਼ਨ ਦੌਰਾਨ ਹਾਊਸ ਵਿੱਚ ਇਹ ਗੱਲ ਆਖੇ ਜਾਣ ਕਿ ਸੂਬੇ ਦੇ ਕਈ ਸਾਬਕਾ ਕਾਂਗਰਸੀ ਮੰਤਰੀਆਂ ਨੂੰ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਫੜ ਕੇ ਜੇਲ੍ਹ ਵਿੱਚ ਡੱਕਿਆ ਗਿਆ ਹੈ ਅਤੇ ਹੁਣ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਵਾਰੀ ਹੈ। ਉਨ੍ਹਾਂ ਨੂੰ ਵੀ ਫੜ ਕੇ ਛੇਤੀ ਹਵਾਲਾਤ ਵਿੱਚ ਬੰਦ ਕੀਤਾ ਜਾਵੇਗਾ। ਉਸ ਦਿਨ ਤੋਂ ਵਿਜੀਲੈਂਸ ਨੇ ਆਪਣੀ ਜਾਂਚ ਤੇਜ਼ ਕਰ ਦਿੱਤੀ ਹੈ ਅਤੇ ਹੁਣ ਤੱਕ ਚੰਨੀ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਦੋ ਵਾਰ ਤਲਬ ਕੀਤਾ ਜਾ ਚੁੱਕਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਵੀ ਚੰਨੀ ਦੇ ਭਾਣਜੇ ਨੂੰ ਢਾਲ ਬਣਾ ਕੇ ਸਾਬਕਾ ਮੁੱਖ ਮੰਤਰੀ ਨੂੰ ਭ੍ਰਿਸ਼ਟਾਚਾਰ ਦੇ ਸੰਗਲ ਨਾਲ ਨੂੜਨ ਦੀ ਕੋਸ਼ਿਸ਼ ਕੀਤੀ ਜਾ ਚੁੱਕੀ ਹੈ ਲੇਕਿਨ ਉਸ ਮਾਮਲੇ ਵਿੱਚ ਹੁਣ ਤੱਕ ਸਰਕਾਰ ਚੰਨੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ।
ਪ੍ਰਾਪਤ ਜਾਣਕਾਰੀ ਅਨੁਸਾਰ ਚਰਨਜੀਤ ਚੰਨੀ ਨੇ ਕਾਫ਼ੀ ਸਮੇਂ ਤੋਂ ਰੀਅਲ ਅਸਟੇਟ ਦਾ ਕਾਰੋਬਾਰ ਕਰਦੇ ਆ ਰਹੇ ਹਨ। ਉਨ੍ਹਾਂ ਨੇ ਖਰੜ ਵਿੱਚ ਕਲੋਨੀ ਵੀ ਕੱਟੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਸਿਆਸਤ ਵਿੱਚ ਪੱਕੇ ਪੈਰ ਜਮ੍ਹਾ ਲਏ। ਖਰੜ ਨਗਰ ਕੌਂਸਲ ਦੇ ਪ੍ਰਧਾਨ ਬਣਨ ਤੋਂ ਬਾਅਦ ਉਹ ਚਮਕੌਰ ਸਾਹਿਬ ਤੋਂ ਵਿਧਾਇਕ ਬਣੇ ਅਤੇ ਕਾਂਗਰਸ ਹਾਈ ਕਮਾਂਡ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਲਾਂਭੇ ਕਰਕੇ ਉਨ੍ਹਾਂ ਨੂੰ ਸੂਬੇ ਦਾ ਮੁੱਖ ਮੰਤਰੀ ਬਣਾਇਆ ਗਿਆ। ਲੇਕਿਨ ਹੁਣ ਪੰਜਾਬ ਦੀ ਆਪ ਸਰਕਾਰ ਨੇ ਚੰਨੀ ਦੇ ਪੈਰਾਂ ਵਿੱਚ ਕਾਨੂੰਨ ਦੀਆਂ ਬੇੜੀਆਂ ਪਾਉਣ ਲਈ ਸ਼ਿਕੰਜਾ ਕੱਸ ਦਿੱਤਾ ਹੈ।