
ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਤਲਬ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਪਰੈਲ:
ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਸਰੋਤਾਂ ਰਾਹੀਂ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਸੂਬੇ ਦੇ ਸਾਬਕਾ ਮੁੱਖ ਮੰਤਰੀ ਅਤੇ ਦਲਿਤ ਆਗੂ ਚਰਨਜੀਤ ਸਿੰਘ ਚੰਨੀ ਨੂੰ ਪੁੱਛਗਿੱਛ ਕਰਨ ਲਈ ਤਲਬ ਕੀਤਾ ਹੈ। ਵਿਜੀਲੈਂਸ ਨੇ ਚੰਨੀ ਨੂੰ ਭਲਕੇ 12 ਅਪਰੈਲ ਨੂੰ ਸਵੇਰੇ 10 ਵਜੇ ਵਿਜੀਲੈਂਸ ਭਵਨ ਵਿੱਚ ਪੇਸ਼ ਹੋਣ ਲਈ ਸੰਮਨ ਭੇਜੇ ਹਨ। ਸਾਬਕਾ ਮੁੱਖ ਮੰਤਰੀ ’ਤੇ ਆਮਦਨ ਤੋਂ ਵੱਧ ਸਰੋਤਾਂ ਰਾਹੀਂ ਜਾਇਦਾਦ ਬਣਾਉਣ ਦਾ ਕਥਿਤ ਦੋਸ਼ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਸੱਤਾ ਪਰਿਵਰਤਨ ਤੋਂ ਬਾਅਦ ਵਿਜੀਲੈਂਸ ਨੇ ਸਾਬਕਾ ਕਾਂਗਰਸੀ ਮੰਤਰੀ ਅਤੇ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਖ਼ਿਲਾਫ਼ ਸ਼ਿਕੰਜਾ ਕਸਿਆ ਗਿਆ ਹੈ। ਵਿਜੀਲੈਂਸ ਵੱਲੋਂ ਪਿਛਲੀ ਕਾਂਗਰਸ ਵਜ਼ਾਰਤ ਸਮੇਂ ਕੈਬਨਿਟ ਰਹੇ ਸਾਧੂ ਸਿੰਘ ਧਰਮਸੋਤ, ਸ਼ਾਮ ਸੁੰਦਰ ਅਰੋੜਾ, ਭਾਰਤ ਭੂਸ਼ਣ ਆਸ਼ੂ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਹੁਣ ਇਹ ਸਾਰੇ ਜ਼ਮਾਨਤ ’ਤੇ ਚੱਲ ਰਹੇ ਹਨ। ਜਦੋਂਕਿ ਸਾਬਕਾ ਕੈਬਨਿਟ ਬ੍ਰਹਮ ਮਹਿੰਦਰਾ, ਗੁਰਪ੍ਰੀਤ ਸਿੰਘ ਕਾਂਗੜ, ਸਾਬਕਾ ਵਿਧਾਇਕ ਕਿੱਕੀ ਢਿੱਲੋਂ ਤੇ ਹੋਰ ਕਈ ਕਾਂਗਰਸੀ ਆਗੂ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਹਨ।
ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਖ਼ਿਲਾਫ਼ ਪਹਿਲਾਂ ਹੀ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਹੋਇਆ ਹੈ। ਵਿਜੀਲੈਂਸ ਨੂੰ ਉਨ੍ਹਾਂ ਦੇ ਮੁੜ ਵਿਦੇਸ਼ ਭੱਜ ਜਾਣ ਦਾ ਖ਼ਦਸ਼ਾ ਹੈ ਪ੍ਰੰਤੂ ਚੰਨੀ ਪਹਿਲਾਂ ਹੀ ਇਹ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਮੈਦਾਨ ਛੱਡ ਕੇ ਭੱਜਣ ਵਾਲੇ ਨਹੀਂ ਹਨ ਬਲਕਿ ਵਿਜੀਲੈਂਸ ਦੀ ਜਾਂਚ ਦਾ ਡਟ ਕੇ ਸਾਹਮਣਾ ਕਰਨਗੇ। ਉਹ ਵਿਦੇਸ਼ ਤੋਂ ਵਾਪਸ ਆਉਣ ਤੋਂ ਬਾਅਦ ਸਿਆਸੀ ਸਰਗਰਮੀਆਂ ਵਿੱਚ ਹਿੱਸਾ ਲੈ ਰਹੇ ਹਨ, ਪਾਰਟੀ ਵਰਕਰਾਂ ਅਤੇ ਆਪਣੇ ਸਮਰਥਕਾਂ ਨੂੰ ਆਮ ਵਾਂਗ ਮਿਲ ਰਹੇ ਹਨ। ਇਸ ਲਈ ਪੰਜਾਬ ਛੱਡ ਕੇ ਫਰਾਰ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਬਸ਼ਰਤੇ ਵਿਜੀਲੈਂਸ ਨਿਰਪੱਖ ਜਾਂਚ ਕਰੇ।