
ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀਆਂ ਮੁਸ਼ਕਲਾਂ ਵਧੀਆਂ, ਲੂਕ ਆਊਟ ਨੋਟਿਸ ਜਾਰੀ
ਪੰਜਾਬ ਵਿਜੀਲੈਂਸ ਬਿਊਰੋ ਨੇ ਦੇਸ਼ ਦੇ ਸਮੂਹ ਕੌਮਾਂਤਰੀ ਹਵਾਈ ਅੱਡਿਆਂ ਨੂੰ ਭੇਜੀ ਸੂਚਨਾ
ਪੰਜਾਬ ਸਰਕਾਰ ਨੇ ਚੰਨੀ ਦੇ ਮੁੜ ਵਿਦੇਸ਼ ਭੱਜਣ ਦਾ ਖ਼ਦਸ਼ਾ ਪ੍ਰਗਟਾਇਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਮਾਰਚ:
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੁੱਖ ਮੰਤਰੀ ਚੰਨੀ ਦੇ ਖ਼ਿਲਾਫ਼ ਲੂਕ ਆਊਟ ਸਰਕੁਲਰ ਜਾਰੀ ਕਰ ਦਿੱਤਾ ਹੈ। ਲੇਕਿਨ ਇਸ ਸਬੰਧੀ ਕੋਈ ਵੀ ਵਿਜੀਲੈਂਸ ਅਧਿਕਾਰੀ ਆਪਣਾ ਮੂੰਹ ਖੋਲ੍ਹਣ ਨੂੰ ਤਿਆਰ ਨਹੀਂ ਹੈ। ਉਧਰ, ਚਰਨਜੀਤ ਚੰਨੀ ਦਾ ਕਹਿਣਾ ਹੈ ਕਿ ਉਹ ਪੰਜਾਬ ਛੱਡ ਕੇ ਕਿਧਰੇ ਨਹੀਂ ਜਾ ਰਹੇ ਹਨ ਅਤੇ ਹਰ ਕਿਸਮ ਦੀ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹਨ।
ਪੰਜਾਬ ਵਿੱਚ ਸੱਤਾ ਪਰਿਵਰਤਨ ਤੋਂ ਬਾਅਦ ਚਰਨਜੀਤ ਚੰਨੀ ਆਪ ਸਰਕਾਰ ਦੇ ਰਾਡਾਰ ’ਤੇ ਹਨ। ਹਾਲਾਂਕਿ ਪਹਿਲਾਂ ਇਹ ਗੱਲ ਬੜੇ ਜ਼ੋਰਾਂ ਸ਼ੋਰਾਂ ਨਾਲ ਪ੍ਰਚਾਰੀ ਗਈ ਸੀ ਕਿ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਚੰਨੀ ਵਿਦੇਸ਼ ਦੌੜ ਗਏ ਹਨ ਪ੍ਰੰਤੂ ਹੁਣ ਚੰਨੀ ਨੂੰ ਵਾਪਸ ਆਇਆ ਨੂੰ ਕਾਫ਼ੀ ਸਮਾਂ ਹੋ ਗਿਆ ਹੈ ਲੇਕਿਨ ਅਜੇ ਤਾਈਂ ਸਰਕਾਰ ਨੇ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਅਤੇ ਉਹ ਲਗਾਤਾਰ ਲੋਕਾਂ ਵਿੱਚ ਵਿਚਰ ਰਹੇ ਹਨ ਅਤੇ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋਏ ਸੀ ਅਤੇ ਇਸ ਤੋਂ ਬਾਅਦ ਵੀ ਉਹ ਚੁੱਪ ਕਰਕੇ ਨਹੀਂ ਬੈਠੇ ਅਤੇ ਪਹਿਲਾਂ ਵਾਂਗ ਪਾਰਟੀ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕਰਦੇ ਆ ਰਹੇ ਹਨ।
ਸੂਤਰ ਦੱਸਦੇ ਹਨ ਕਿ ਵਿਜੀਲੈਂਸ ਬਿਊਰੋ ਵੱਲੋਂ ਚੰਨੀ ਦੇ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਬਜਟ ਸੈਸ਼ਨ ਦੌਰਾਨ ਹਾਊਸ ਵਿੱਚ ਇਹ ਗੱਲ ਆਖੀ ਸੀ ਕਿ ਸੂਬੇ ਦੇ ਕਈ ਸਾਬਕਾ ਕਾਂਗਰਸੀ ਮੰਤਰੀਆਂ ਨੂੰ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਫੜ ਕੇ ਜੇਲ੍ਹ ਵਿੱਚ ਡੱਕਿਆ ਗਿਆ ਹੈ ਅਤੇ ਹੁਣ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਵਾਰੀ ਹੈ। ਉਨ੍ਹਾਂ ਨੂੰ ਵੀ ਫੜ ਕੇ ਹਵਾਲਾਤ ਵਿੱਚ ਬੰਦ ਕੀਤਾ ਜਾਵੇਗਾ। ਹਾਲਾਂਕਿ ਇਸ ਤੋਂ ਪਹਿਲਾਂ ਚੰਨੀ ਦੇ ਭਾਣਜੇ ਨੂੰ ਢਾਲ ਬਣਾ ਕੇ ਚੰਨੀ ਨੂੰ ਭ੍ਰਿਸ਼ਟਾਚਾਰ ਦੇ ਸੰਗਲ ਨਾਲ ਨੂੜਨ ਦੀ ਕੋਸ਼ਿਸ਼ ਕੀਤੀ ਗਈ ਸੀ ਲੇਕਿਨ ਉਸ ਮਾਮਲੇ ਵਿੱਚ ਹੁਣ ਤੱਕ ਸਰਕਾਰ ਚੰਨੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਸਕੀ।
ਮਿਲੀ ਜਾਣਕਾਰੀ ਅਨੁਸਾਰ ਚਰਨਜੀਤ ਚੰਨੀ ਨੇ ਕਾਫੀ ਸਮੇਂ ਤੋਂ ਰੀਅਲ ਅਸਟੇਟ ਦਾ ਕਾਰੋਬਾਰ ਕਰਦੇ ਆ ਰਹੇ ਹਨ। ਉਨ੍ਹਾਂ ਨੇ ਖਰੜ ਵਿੱਚ ਕਲੋਨੀ ਵੀ ਕੱਟੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਸਿਆਸਤ ਵਿੱਚ ਪੱਕੇ ਪੈਰ ਜਮ੍ਹਾ ਲਏ। ਖਰੜ ਨਗਰ ਕੌਂਸਲ ਦੇ ਪ੍ਰਧਾਨ ਬਣਨ ਤੋਂ ਬਾਅਦ ਉਹ ਚਮਕੌਰ ਸਾਹਿਬ ਤੋਂ ਵਿਧਾਇਕ ਬਣੇ ਅਤੇ ਕਾਂਗਰਸ ਹਾਈ ਕਮਾਂਡ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਲਾਂਭੇ ਕਰਕੇ ਚਰਨਜੀਤ ਸਿੰਘ ਚੰਨੀ ਨੂੰ ਸੂਬੇ ਦਾ ਮੁੱਖ ਮੰਤਰੀ ਬਣਾਇਆ ਗਿਆ ਸੀ।
ਲੇਕਿਨ ਹੁਣ ਪੰਜਾਬ ਦੀ ਆਪ ਸਰਕਾਰ ਨੇ ਚੰਨੀ ਦੇ ਪੈਰਾਂ ਵਿੱਚ ਕਾਨੂੰਨ ਦੀਆਂ ਬੇੜੀਆਂ ਪਾਉਣ ਲਈ ਸ਼ਿਕੰਜਾ ਕੱਸ ਦਿੱਤਾ ਹੈ। ਸਰਕਾਰ ਵੱਲੋਂ ਚੰਨੀ ਦੇ ਮੁੜ ਵਿਦੇਸ਼ ਜਾਣ ਦਾ ਖ਼ਦਸ਼ਾ ਪ੍ਰਗਟ ਕੀਤਾ ਹੈ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਸਾਬਕਾ ਮੁੱਖ ਮੰਤਰੀ ਦੇ ਖ਼ਿਲਾਫ਼ ਲੂਕ ਆਊਟ ਸਰਕੁਲਰ ਜਾਰੀ ਕਰਕੇ ਚੰਨੀ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਵਿਜੀਲੈਂਸ ਨੇ ਪੰਜਾਬ ਸਮੇਤ ਦੇਸ਼ ਦੇ ਸਮੂਹ ਕੌਮਾਂਤਰੀ ਏਅਰਪੋਰਟਾਂ ’ਤੇ ਨੋਟਿਸ ਦੀ ਕਾਪੀ ਭੇਜ ਕੇ ਅਪੀਲ ਕੀਤੀ ਗਈ ਹੈ ਕਿ ਜੇਕਰ ਚਰਨਜੀਤ ਚੰਨੀ ਪੰਜਾਬ ਛੱਡ ਕੇ ਵਿਦੇਸ਼ ਜਾਣਾ ਚਾਹੇ ਤਾਂ ਉਸ ਨੂੰ ਰੋਕਿਆ ਜਾਵੇ।
ਉਧਰ, ਦੂਜੇ ਪਾਸੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਕਹਿਣਾ ਹੈ ਕਿ ਉਹ ਪੰਜਾਬ ਛੱਡ ਕੇ ਕਿਧਰੇ ਨਹੀਂ ਜਾ ਰਹੇ ਹਨ ਅਤੇ ਹਰ ਕਿਸਮ ਦੀ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹਨ। ਉਨ੍ਹਾਂ ਮੀਡੀਆ ਨਾਲ ਗੱਲਬਾਤ ਦੌਰਾਨ ਇਹ ਵੀ ਆਖਿਆ ਕਿ ਉਹ ਆਪਣੇ ਘਰ ਵਿੱਚ ਹੀ ਮੌਜੂਦ ਹਨ। ਉਨ੍ਹਾਂ ਕਿਹਾ ਕਿ ਉਹ ਕੈਲੀਫੋਰਨੀਆਂ ਜਾ ਰਹੇ ਸੀ, ਉੱਥੇ ਉਨ੍ਹਾਂ ਨੇ ਨਗਰ ਕੀਰਤਨ ਵਿੱਚ ਸ਼ਾਮਲ ਹੋਣਾ ਸੀ ਪ੍ਰੰਤੂ ਪਿਛਲੇ ਦਿਨੀਂ ਬਜਟ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਇਹ ਕਹਿੰਦੇ ਸੁਣੇ ਗਏ ਕਿ ਹੁਣ ਚੰਨੀ ਨੂੰ ਫੜ ਕੇ ਅੰਦਰ ਦੇਣਾ ਹੈ। ਇਹ ਗੱਲ ਸੁਣਨ ਤੋਂ ਬਾਅਦ ਉਨ੍ਹਾਂ ਨੇ ਵਿਦੇਸ਼ ਜਾਣ ਦਾ ਪ੍ਰੋਗਰਾਮ ਰੱਦ ਕਰ ਦਿੱਤਾ। ਹਾਲਾਂਕਿ ਉਸ ਨੇ ਵਿਦੇਸ਼ ਜਾਣ ਲਈ ਟਿਕਟ ਵੀ ਬੁੱਕ ਕਰਵਾ ਲਈ ਸੀ ਪ੍ਰੰਤੂ ਹੁਣ ਟਿਕਟ ਕੈਂਸਰ ਕਰਵਾਈ ਗਈ ਹੈ ਤਾਂ ਜੋ ਪੰਜਾਬ ਸਰਕਾਰ ਇਹ ਨਾ ਕਹੇ ਉਹ (ਚੰਨੀ) ਕਾਰਵਾਈ ਤੋਂ ਬਚਨ ਲਈ ਦੁਬਾਰਾ ਵਿਦੇਸ਼ ਭੱਜ ਗਏ ਹਨ। ਉਨ੍ਹਾਂ ਕਿਹਾ ਕਿ ਵਿਜੀਲੈਂਸ ਜਦੋਂ ਵੀ ਜਾਂਚ ਲਈ ਸੱਦੇਗੀ, ਉਹ ਹਾਜ਼ਰ ਹੋ ਜਾਣਗੇ, ਬਸ਼ਰਤੇ ਨਿਰਪੱਖ ਜਾਂਚ ਹੋਵੇ। ਚੰਨੀ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਪਹਿਲੇ ਦਿਨ ਤੋਂ ਹੀ ਉਨ੍ਹਾਂ ਦੇ ਪਿੱਛੇ ਪਈ ਹੋਈ ਹੈ ਅਤੇ ਝੂਠੇ ਦੋਸ਼ ਲਗਾ ਕੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।