ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਸਥਿਰ, ਹਾਲੇ ਵੀ ਆਈਸੀਯੂ ’ਚ ਦਾਖ਼ਲ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡੇ ਬਾਦਲ ਦਾ ਹਾਲ ਚਾਲ ਜਾਣਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਪਰੈਲ:
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਇਲਾਜ ਕਰ ਰਹੇ ਡਾਕਟਰਾਂ ਵੱਲੋਂ ਉਨ੍ਹਾਂ ਦੀ ਸਿਹਤ ਸਥਿਰ ਦੱਸੀ ਜਾ ਰਹੀ ਹੈ। ਬੀਤੇ ਦਿਨੀਂ ਉਨ੍ਹਾਂ ਦੀ ਤਬੀਅਤ ਅਚਾਨਕ ਖ਼ਰਾਬ ਹੋਣ ਸਾਬਕਾ ਮੁੱਖ ਮੰਤਰੀ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਦੀ ਪਹਿਲੀ ਮੰਜ਼ਲ ’ਤੇ ਸਥਿਤ ਆਈਸੀਯੂ ਵਾਰਡ ਵਿੱਚ ਦਾਖ਼ਲ ਕੀਤਾ ਗਿਆ ਸੀ। ਜਿੱਥੇ ਇਲਾਜ ਤੋਂ ਬਾਅਦ ਉਨ੍ਹਾਂ ਦੀ ਤਬੀਅਤ ਪਹਿਲਾਂ ਨਾਲੋਂ ਠੀਕ ਦੱਸੀ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਪ੍ਰਕਾਸ਼ ਸਿੰਘ ਬਾਦਲ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਹੇ ਹਨ ਅਤੇ ਬਾਦਲ ਪਰਿਵਾਰ ਵੱਲੋਂ ਲੰਘੇ ਐਤਵਾਰ ਉਨ੍ਹਾਂ ਨੂੰ ਇਲਾਜ ਲਈ ਫੋਰਟਿਸ ਹਸਪਤਾਲ ਵਿੱਚ ਲਿਆਂਦਾ ਗਿਆ ਸੀ। ਡਾਕਟਰਾਂ ਨੇ ਮੁੱਢਲੀ ਜਾਂਚ ਤੋਂ ਬਾਅਦ ਵੱਡੇ ਬਾਦਲ ਨੂੰ ਦਾਖ਼ਲ ਕਰ ਲਿਆ ਸੀ। ਜਿੱਥੇ ਪਿਛਲੇ ਦਿਨੀਂ ਅਚਾਨਕ ਉਨ੍ਹਾਂ ਦੀ ਤਬੀਅਤ ਵਿਗੜ ਗਈ। ਜਿਸ ਕਾਰਨ ਉਨ੍ਹਾਂ ਨੂੰ ਪ੍ਰਾਈਵੇਟ ਵਾਰਡ ’ਚੋਂ ਆਈਸੀਯੂ ਵਾਰਡ ਵਿੱਚ ਸ਼ਿਫ਼ਟ ਕੀਤਾ ਗਿਆ। ਵੱਡੇ ਬਾਦਲ ਦਾ ਇਲਾਜ ਕਰ ਰਹੇ ਡਾਕਟਰਾਂ ਦਾ ਕਹਿਣਾ ਹੈ ਕਿ ਸਾਬਕਾ ਮੁੱਖ ਮੰਤਰੀ ਦੀ ਸਿਹਤ ਪਹਿਲਾਂ ਨਾਲੋਂ ਬਿਹਤਰ ਹੈ ਅਤੇ ਖ਼ਤਰੇ ਵਾਲੀ ਕੋਈ ਗੱਲ ਨਹੀਂ ਹੈ। ਡਾਕਟਰਾਂ ਦੀ ਇਸ ਟਿੱਪਣੀ ਨਾਲ ਬਾਦਲ ਪਰਿਵਾਰ ਅਤੇ ਪਾਰਟੀ ਲੀਡਰਸ਼ਿਪ ਨੂੰ ਕਾਫ਼ੀ ਹੌਸਲਾ ਮਿਲਿਆ ਹੈ। ਉਧਰ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਨਿਰੰਤਰ ਡਾਕਟਰਾਂ ਦੇ ਸੰਪਰਕ ਵਿੱਚ ਹਨ ਅਤੇ ਉਹ ਸਿਆਸੀ ਰੁਝੇਵਿਆਂ ਦੇ ਬਾਵਜੂਦ ਡਾਕਟਰਾਂ ਤੋਂ ਪਲ-ਪਲ ਦੀ ਖ਼ਬਰ ਲੈ ਰਹੇ ਹਨ। ਅੱਜ ਸ਼ਾਮ ਵੇਲੇ ਸੁਖਬੀਰ ਬਾਦਲ ਮੁੜ ਫੋਰਟਿਸ ਹਸਪਤਾਲ ਵਿੱਚ ਪਹੁੰਚ ਗਏ ਅਤੇ ਦੇਰ ਰਾਤ ਤੱਕ ਆਪਣੇ ਪਿਤਾ ਕੋਲ ਹਸਪਤਾਲ ਵਿੱਚ ਹੀ ਰਹੇ। ਇਸ ਤੋਂ ਇਲਾਵਾ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ, ਸੁਖਬੀਰ ਬਾਦਲ ਨਾਲ ਓਐਸਡੀ ਰਹੇ ਚਰਨਜੀਤ ਸਿੰਘ ਬਰਾੜ ਨੇ ਵੀ ਵੱਡੇ ਬਾਦਲ ਦੀ ਖ਼ਬਰ-ਸਾਰ ਪੁੱਛੀ ਅਤੇ ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਲਈ ਅਰਦਾਸ ਕੀਤੀ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਵੀ ਵੱਡੇ ਬਾਦਲ ਹੂਰਾਂ ਸਖ਼ਤ ਬਿਮਾਰ ਹੋ ਗਏ ਸਨ। ਜਨਵਰੀ ਮਹੀਨੇ ਉਹ ਰੁਟੀਨ ਚੈੱਕਅਪ ਲਈ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਗਏ ਸਨ। ਜਿੱਥੇ ਉਨ੍ਹਾਂ ਦੀ ਕੋਵਿਡ ਟੈੱਸਟ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਅਤੇ ਪੀਜੀਆਈ ਹਸਪਤਾਲ ਚੰਡੀਗੜ੍ਹ ਵਿੱਚ ਦਾਖ਼ਲ ਰਹਿਣਾ ਪਿਆ ਸੀ। ਹਾਲਾਂਕਿ ਬਿਹਤਰ ਇਲਾਜ ਤੋਂ ਬਾਅਦ ਉਹ ਇਸ ਬਿਮਾਰੀ ਤੋਂ ਉੱਭਰ ਗਏ ਸਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਮੁੜ ਵਰਕਰਾਂ ਨੂੰ ਮਿਲਣਾ ਅਤੇ ਲੋਕਾਂ ਵਿੱਚ ਵਿਚਰਨਾ ਸ਼ੁਰੂ ਕਰ ਦਿੱਤਾ ਸੀ ਪ੍ਰੰਤੂ ਕਰੀਬ ਸਵਾ ਸਾਲ ਬਾਅਦ ਹੁਣ ਅਚਾਨਕ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ। ਜਿਸ ਕਾਰਨ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਉਧਰ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਖ਼ਤ ਬਿਮਾਰ ਹੋਣ ਕਾਰਨ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਹੋਣ ਬਾਰੇ ਮੀਡੀਆ ਵਿੱਚ ਖ਼ਬਰ ਪ੍ਰਕਾਸ਼ਿਤ ਹੋਣ ਤੋਂ ਬਾਅਦ ਵੱਡੇ ਬਾਦਲ ਦਾ ਹਾਲ ਚਾਲ ਪੁੱਛਿਆ। ਕੇਂਦਰੀ ਗ੍ਰਹਿ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਫੋਨ ’ਤੇ ਗੱਲ ਕੀਤੀ ਅਤੇ ਵੱਡੇ ਬਾਦਲ ਦੀ ਖ਼ਬਰ-ਸਾਰ ਪੁੱਛੀ। ਅਮਿਤ ਸ਼ਾਹ ਨੇ ਸਾਬਕਾ ਮੁੱਖ ਮੰਤਰੀ ਦੀ ਸਿਹਤਯਾਬੀ ਲਈ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਵੀ ਕੀਤੀ।
ਅਕਾਲੀ ਦਲ, ਲੰਬਾ ਸਮਾਂ ਭਾਜਪਾ ਦਾ ਭਾਈਵਾਲ ਰਿਹਾ ਹੈ ਅਤੇ ਸਾਬਕਾ ਪ੍ਰਧਾਨ ਮੰਤਰੀ ਅਟੱਲ ਬਿਹਾਰੀ ਵਾਜਪਾਈ ਤੋਂ ਲੈ ਕੇ ਮੌਜੂਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਬਾਦਲ ਪਰਿਵਾਰ ਦੇ ਚੰਗੇ ਸਬੰਧ ਰਹੇ ਹਨ ਪ੍ਰੰਤੂ ਪਿੱਛੇ ਜਿਹੇ ਖੇਤੀ ਕਾਨੂੰਨਾਂ ਨੂੰ ਲੈ ਕੇ ਅਕਾਲੀ ਦਲ ਨੇ ਭਾਜਪਾ ਨਾਲੋਂ ਨਾਤਾ ਤੋੜ ਲਿਆ ਸੀ ਲੇਕਿਨ ਇਸ ਦੇ ਬਾਵਜੂਦ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਅੱਜ ਵੀ ਵੱਡੇ ਬਾਦਲ ਨੂੰ ਪੂਰਾ ਸਤਿਕਾਰ ਦਿੰਦੀ ਹੈ।

Load More Related Articles
Load More By Nabaz-e-Punjab
Load More In General News

Check Also

Vigilance Bureau arrests ASI for taking Rs 15,000 bribe

Vigilance Bureau arrests ASI for taking Rs 15,000 bribe Chandigarh 29 January 2025 : The P…