
ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਨੂੰ ਆਈਸੀਯੂ ਵਾਰਡ ’ਚ ਕੀਤਾ ਸ਼ਿਫ਼ਟ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਪਰੈਲ:
ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰ ਭੱਦਰ ਸਿੰਘ (86) ਨੂੰ ਮੰਗਲਵਾਰ ਸ਼ਾਮ ਇੱਥੋਂ ਦੇ ਫੇਜ਼-6 ਸਥਿਤ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਦੇ ਆਈਸੀਯੂ ਵਾਰਡ ਵਿੱਚ ਸ਼ਿਫ਼ਟ ਕੀਤਾ ਗਿਆ ਹੈ। ਉਹ ਕਰੋਨਾ ਮਹਾਮਾਰੀ ਤੋਂ ਪੀੜਤ ਹਨ। ਉਨ੍ਹਾਂ ਨੂੰ ਅੱਜ ਦੁਪਹਿਰ ਵੇਲੇ ਕਰੀਬ 12 ਕੁ ਵਜੇ ਮੈਕਸ ਹਸਪਤਾਲ ਵਿੱਚ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਦੇ ਕਰੋਨਾ ਪੀੜਤ ਸਪੁੱਤਰ ਬਿਕਰਮ ਅਦਿੱਤਿਆ ਸਿੰਘ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਮੈਕਸ ਹਸਪਤਾਲ ਦੇ ਬੁਲਾਰੇ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਦੀ ਹਾਲਤ ਸਥਿਰ ਹੈ। ਉਨ੍ਹਾਂ ਨੂੰ ਕੁੱਝ ਦਿਨ ਹੋਰ ਹਸਪਤਾਲ ਵਿੱਚ ਭਰਤੀ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਵੀਰ ਭੱਦਰ ਸਿੰਘ ਦੀ ਸਿਹਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਆਈਸੀਯੂ ਵਾਰਡ ਵਿੱਚ ਸ਼ਿਫ਼ਟ ਕੀਤਾ ਗਿਆ ਹੈ।