
ਸਾਬਕਾ ਕੌਂਸਲਰ ਕਮਲਜੀਤ ਰੂਬੀ ਨੂੰ ਅਕਾਲੀ ਦਲ ਮੁਹਾਲੀ ਜ਼ਿਲ੍ਹਾ ਸ਼ਹਿਰੀ ਦਾ ਪ੍ਰਧਾਨ ਥਾਪਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਨਵੰਬਰ:
ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਡੇਰਾਬੱਸੀ ਤੋਂ ਅਕਾਲੀ ਵਿਧਾਇਕ ਐਨ.ਕੇ. ਸ਼ਰਮਾ ਦੀ ਸਹਿਮਤੀ ਤੋਂ ਬਾਅਦ ਸਾਬਕਾ ਅਕਾਲੀ ਕੌਂਸਲਰ ਕਮਲਜੀਤ ਸਿੰਘ ਰੂਬੀ ਨੂੰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੁਹਾਲੀ (ਸ਼ਹਿਰੀ) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨਗਰ ਨਿਗਮ ਦੀਆਂ ਆਮ ਚੋਣਾਂ ਤੋਂ ਐਨ ਪਹਿਲਾਂ ਇਸ ਨਿਯੁਕਤੀ ਨਾਲ ਮੁਹਾਲੀ ਵਿੱਚ ਸਿਆਸੀ ਸਮੀਕਰਨ ਬਦਲਣ ਦੀ ਸੰਭਾਵਨਾ ਹੈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਪਰਦੀਪ ਭਾਰਜ, ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ, ਕਮਲਜੀਤ ਕੌਰ, ਰਜਿੰਦਰ ਕੌਰ ਕੁੰਭੜਾ, ਜਸਵੀਰ ਕੌਰ ਅੱਤਲੀ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ ਨੇ ਨਵੇਂ ਬਣੇ ਪ੍ਰਧਾਨ ਕਮਲਜੀਤ ਰੂਬੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਕਮਲਜੀਤ ਰੂਬੀ ਨੇ ਕਿਹਾ ਕਿ ਹਾਈ ਕਮਾਂਡ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ ਅਤੇ ਅਕਾਲੀ ਦਲ ਦੀ ਮਜ਼ਬੂਤੀ ਲਈ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਜਲਦੀ ਹੀ ਸ਼ਹਿਰੀ ਖੇਤਰ ਵਿੱਚ ਜਨ ਸੰਪਰਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਅਤੇ ਨਗਰ ਨਿਗਮ ਚੋਣਾਂ ਸਬੰਧੀ ਬੂਥ ਪੱਧਰ ’ਤੇ ਸਬ ਕਮੇਟੀਆਂ ਬਣਾਈਆਂ ਜਾਣਗੀਆਂ ਅਤੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣਗੇ।