Nabaz-e-punjab.com

ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਮੁਲਾਜ਼ਮ ਆਗੂ ਨਿਰੰਜਣ ਸਿੰਘ ਲਹਿਲ ਨੂੰ ਕੀਤਾ ਆਪਣਾ ਪੀਏ ਨਿਯੁਕਤ

ਬੀਰਦਵਿੰਦਰ ਸਿੰਘ ਨੇ ਮੁਹਾਲੀ ਵਿੱਚ ਨਾਰਾਜ਼ ਅਕਾਲੀ ਤੇ ਮੁਲਾਜ਼ਮ ਆਗੂਆਂ ਨਾਲ ਕੀਤੀ ਮੁਲਾਕਾਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਾਰਚ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਉਮੀਦਵਾਰ ਬੀਰਦਵਿੰਦਰ ਸਿੰਘ ਨੇ ਚੋਣ ਸਰਗਰਮੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸੱਭਿਆਚਾਰਕ ਮੇਲਿਆਂ ਦਾ ਆਯੋਜਨ ਕਰਕੇ ਪੰਜਾਬੀ ਵਿਰਸੇ ਨੂੰ ਸੰਭਾਲਣ ਦਾ ਹੋਕਾ ਦੇਣ ਵਾਲੇ ਮੁਲਾਜ਼ਮ ਆਗੂ ਨਿਰੰਜਣ ਸਿੰਘ ਲਹਿਲ ਨੂੰ ਆਪਣਾ ਪੀਏ ਨਿਯੁਕਤ ਕੀਤਾ ਗਿਆ ਹੈ। ਸ੍ਰੀ ਲਹਿਲ ਪੰਜਾਬ ਰਾਜ ਪਾਵਰਕੌਮ ਕਾਰਪੋਰੇਸ਼ਨ ਵਿੱਚ ਲਗਭਗ 35 ਸਾਲ ਬਤੌਰ ਜੇਈ ਸੇਵਾ ਨਿਭਾਈ ਹੈ ਅਤੇ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਅਤੇ ਰੂਪਨਗਰ ਵਿੱਚ ਚੰਗਾ ਜਨਤਕ ਅਧਾਰ ਰੱਖਦੇ ਹਨ।
ਉਧਰ, ਅੱਜ ਮੁਹਾਲੀ ਵਿੱਚ ਆਪਣੇ ਪੁਰਾਣੇ ਸਾਥੀਆਂ ਅਤੇ ਨਾਰਾਜ਼ ਅਕਾਲੀ ਆਗੂਆਂ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਮੋਹਰੀ ਆਗੂਆਂ ਨਾਲ ਮੁਲਾਕਾਤ ਕਰਕੇ ਲੋਕ ਸਭਾ ਚੋਣਾਂ ਦੀਆਂ ਅਗਾਊਂ ਤਿਆਰੀਆਂ ਸਬੰਧੀ ਰਣਨੀਤੀ ਉਲੀਕਣ ਬਾਰੇ ਚਰਚਾ ਕੀਤੀ। ਉਨ੍ਹਾਂ ਕੁਝ ਚੋਣਵੇਂ ਸਨਅਤਕਾਰਾਂ ਨਾਲ ਵੀ ਮੁਲਾਕਾਤਾਂ ਕੀਤੀਆਂ। ਇਸ ਦੌਰਾਨ ਬੀਰਦਵਿੰਦਰ ਸਿੰਘ ਨੇ ਇਲਾਕੇ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਕੁਝ ਗੂੰਝਲਦਾਰ ਮਸਲੇ, ਕੰਡੀ ਏਰੀਆ ਦੀਆਂ ਦਿੱਕਤਾਂ, ਕਜੌਲੀ ਤੋਂ ਸਿੱਧੇ ਪਾਣੀ ਦੀ ਸਪਲਾਈ, ਮੁਹਾਲੀ ਤੋਂ ਖਾਨਪੁਰ ਤੱਕ ਫਲਾਈ ਓਵਰ ਤੇ ਐਲੀਵੇਟਿਡ ਸੜਕ, ਖਾਨਪੁਰ ਤੋਂ ਮੋਰਿੰਡਾ ਫੋਰਲੇਨ ਸੜਕ ਪ੍ਰਾਜੈਕਟ ਸਮੇਤ ਲੋਕਾਂ ਨਾਲ ਜੁੜੇ ਕਈ ਹੋਰ ਮੁੱਦਿਆਂ ’ਤੇ ਚਰਚਾ ਕੀਤੀ।
ਹਮਖ਼ਿਆਲੀ ਪਾਰਟੀਆਂ ਨਾਲ ਸਿਆਸੀ ਗੱਠਜੋੜ ਬਾਰੇ ਚਲ ਰਹੀ ਚਰਚਾ ਬਾਰੇ ਪੁੱਛੇ ਜਾਣ ’ਤੇ ਸ੍ਰੀ ਬੀਰਦਵਿੰਦਰ ਸਿੰਘ ਨੇ ਕਿਹਾ ਕਿ ਇਸ ਸਮੇਂ ਸਿਰਫ਼ ਆਮ ਆਦਮੀ ਪਾਰਟੀ (ਆਪ) ਨਾਲ ਸਮਝੌਤੇ ਦੀ ਗੱਲ ਰਹੀ ਹੈ। ਇਸ ਸਬੰਧੀ ਆਪ ਲੀਡਰਸ਼ਿਪ ਨੂੰ ਦੋ ਟੁੱਕ ਗੱਲ ਆਖ ਦਿੱਤੀ ਗਈ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਅਤੇ ਖਡੂਰ ਸਾਹਿਬ ਹਲਕਿਆਂ ਵਿੱਚ ਟਕਸਾਲੀ ਦਲ ਵੱਲੋਂ ਪਹਿਲਾਂ ਹੀ ਘੋਸ਼ਿਤ ਕੀਤੇ ਜਾ ਚੁੱਕੇ ਉਮੀਦਵਾਰਾਂ ਬਾਰੇ ਕਿਸੇ ਵੀ ਸੂਰਤ ਵਿੱਚ ਅਦਲਾ-ਬਦਲੀ ਨਹੀਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਲਦੀ ਹੀ ਅੰਤਿਮ ਫੈਸਲਾ ਲੈ ਲਿਆ ਜਾਵੇਗਾ। ਇਸ ਮੌਕੇ ਟਕਸਾਲੀ ਆਗੂ ਜਥੇਦਾਰ ਗੁਰਸੇਵ ਸਿੰਘ ਹਰਪਾਲਪੁਰ, ਗਗਨਦੀਪ ਸਿੰਘ ਬੈਂਸ, ਹਰਭਜਨ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…