Share on Facebook Share on Twitter Share on Google+ Share on Pinterest Share on Linkedin ਸਾਬਕਾ ਡੀਜੀਪੀ ਸੈਣੀ ਨੂੰ ਜ਼ਮਾਨਤ ਮਿਲਣ ਦੇ ਬਾਵਜੂਦ ਪਿੱਛਾ ਨਹੀਂ ਛੱਡ ਰਹੀਆਂ ਮੁਸ਼ਕਲਾਂ ਪ੍ਰੋ. ਦਵਿੰਦਰਪਾਲ ਭੁੱਲਰ ਦੀ ਰਿਸ਼ਤੇਦਾਰ ਅੌਰਤ ਨੇ ਚਸ਼ਮਦੀਦ ਗਵਾਹ ਵਜੋਂ ਦਰਜ ਕਰਵਾਏ ਬਿਆਨ ਹਾਈ ਕੋਰਟ ਦੀ ਸੀਨੀਅਰ ਵਕੀਲ ਸਮੇਤ ਹੁਣ ਤੱਕ ਪੰਜ ਗਵਾਹ ਆ ਚੁੱਕੇ ਹਨ ਸਾਹਮਣੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮਈ: ਪੰਜਾਬ ਪੁਲੀਸ ਦੇ ਚਰਚਿਤ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਭਾਵੇਂ ਸਿਟਕੋ ਦੇ ਜੇਈ ਬਲਵੰਤ ਸਿੰਘ ਮੁਲਤਾਨੀ ਅਗਵਾ ਮਾਮਲੇ ਵਿੱਚ ਅਗਾਊਂ ਜ਼ਮਾਨਤ ਮਿਲ ਗਈ ਹੈ ਪ੍ਰੰਤੂ ਮੁਸ਼ਕਲਾਂ ਉਨ੍ਹਾਂ ਦਾ ਪਿੱਛਾ ਨਹੀਂ ਛੱਡ ਰਹੀਆਂ ਹਨ। ਮੁਲਤਾਨੀ ਮਾਮਲੇ ਵਿੱਚ ਇਕ ਹੋਰ ਅੌਰਤ ਚਸ਼ਮਦੀਦ ਗਵਾਹ ਵਜੋਂ ਸਾਹਮਣੇ ਆਈ ਹੈ। ਸਰਬਜੀਤ ਕੌਰ ਨਾਂ ਦੀ ਇਹ ਅੌਰਤ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਸ਼ਤੇਦਾਰੀ ’ਚੋਂ ਭੈਣ ਲਗਦੀ ਹੈ। ਇਸ ਮਾਮਲੇ ਵਿੱਚ ਹੁਣ ਤੱਕ ਪੰਜ ਚਸ਼ਮਦੀਦ ਗਵਾਹ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਕ ਹੋਰ ਸਿੱਖ ਆਗੂ ਪੰਥਕ ਵਿਚਾਰ ਮੰਚ ਚੰਡੀਗੜ੍ਹ ਦੇ ਪ੍ਰਧਾਨ ਬਲਜੀਤ ਸਿੰਘ ਖਾਲਸਾ ਵੀ ਮੀਡੀਆ ਕੋਲ ਇਹ ਗੱਲ ਕਹਿ ਚੁੱਕੇ ਹਨ। ਤਿੰਨ ਦਹਾਕੇ ਪਹਿਲਾਂ ਸਾਬਕਾ ਪੁਲੀਸ ਮੁਖੀ ਨੇ ਉਨ੍ਹਾਂ ਉੱਤੇ ਵੀ ਤਸ਼ੱਦਦ ਢਾਹਿਆ ਸੀ। ਸਰਕਾਰੀ ਵਕੀਲ ਸੰਜੀਵ ਬੱਤਰਾ ਅਤੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਨੇ ਦੱਸਿਆ ਕਿ ਸਰਬਜੀਤ ਕੌਰ ਨੇ ਸੀਆਰਪੀਸੀ ਦੀ ਧਾਰਾ 164 ਦੇ ਤਹਿਤ ਸੈਣੀ ਖ਼ਿਲਾਫ਼ ਆਪਣੇ ਬਿਆਨ ਦਰਜ ਕਰਵਾਏ ਹਨ। ਇਸ ਤੋਂ ਪਹਿਲਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਸੀਨੀਅਰ ਵਕੀਲ ਗੁਰਸ਼ਰਨ ਕੌਰ ਮਾਨ ਨੇ ਵੀ ਬਤੌਰ ਚਸ਼ਮਦੀਦ ਗਵਾਹ ਆਪਣੇ ਬਿਆਨ ਦਰਜ ਕਰਵਾਏ ਜਾ ਚੁੱਕੇ ਹਨ ਅਤੇ ਉਨ੍ਹਾਂ ਨੇ ਬੜੀ ਬੇਬਾਕੀ ਨਾਲ ਮੀਡੀਆ ਅੱਗੇ ਆਪਣੀ ਗੱਲ ਰੱਖਦਿਆਂ ਅਦਾਲਤ ਵਿੱਚ ਅਤੇ ਜਾਂਚ ਅਧਿਕਾਰੀ ਕੋਲ ਦਰਜ ਕਰਵਾਏ ਆਪਣੇ ਬਿਆਨਾਂ ਦਾ ਖੁਲਾਸਾ ਕੀਤਾ ਹੈ। ਇੰਜ ਹੀ ਇੱਥੋਂ ਦੇ ਫੇਜ਼-7 ਸਥਿਤ ਜਿਸ ਮਕਾਨ ਵਿੱਚ ਕਿਰਾਏ ’ਤੇ ਮੁਲਤਾਨੀ ਪਰਿਵਾਰ ਰਹਿੰਦਾ ਸੀ। ਉਸ ਦੀ ਮਾਲਕਣ ਸਮੇਤ ਪ੍ਰੋ. ਭੁੱਲਰ ਦੇ ਦੋ ਹੋਰ ਰਿਸ਼ਤੇਦਾਰ ਸੈਣੀ ਖ਼ਿਲਾਫ਼ ਆਪਣੇ ਬਿਆਨ ਦਰਜ ਕਰਵਾ ਚੁੱਕੇ ਹਨ। ਸ਼ਿਕਾਇਤਕਰਤਾ ਦੇ ਵਕੀਲ ਪਰਦੀਪ ਸਿੰਘ ਵਿਰਕ ਨੇ ਦੱਸਿਆ ਕਿ ਮਟੌਰ ਥਾਣੇ ਵਿੱਚ ਸਾਬਕਾ ਡੀਜੀਪੀ ਤੇ ਹੋਰਨਾਂ ਪੁਲੀਸ ਮੁਲਾਜ਼ਮਾਂ ਦੇ ਖ਼ਿਲਾਫ਼ ਅਪਰਾਧਿਕ ਕੇਸ ਦਰਜ ਹੋਣ ਤੋਂ ਬਾਅਦ ਚਸ਼ਮਦੀਦ ਗਵਾਹ ਹਿੰਮਤ ਜੁਟਾ ਰਹੇ ਹਨ ਅਤੇ ਇਕ ਇਕ ਕਰਕੇ ਸਰਕਾਰੀ ਗਵਾਹ ਵਜੋਂ ਆਪਣੇ ਬਿਆਨ ਦਰਜ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਬੇਸ਼ੱਕ ਮੁਹਾਲੀ ਅਦਾਲਤ ਨੇ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਸਾਬਕਾ ਪੁਲੀਸ ਅਧਿਕਾਰੀ ਦੀ ਜ਼ਮਾਨਤ ਮਨਜ਼ੂਰ ਕੀਤੀ ਜਾ ਚੁੱਕੀ ਹੈ ਪ੍ਰੰਤੂ ਹਾਲੇ ਇਸ ਮਾਮਲੇ ਵਿੱਚ ਕਾਫੀ ਕੁਝ ਹੋਣਾ ਬਾਕੀ ਹੈ। ਉਨ੍ਹਾਂ ਕਿਹਾ ਕਿ ਮੁਲਤਾਨੀ ਮਾਮਲੇ ਵਿੱਚ ਸਿੱਟ ਜਾਂਚ ਕਰ ਰਹੀ ਹੈ। ਜਿਸ ਵਿੱਚ ਚਸ਼ਮਦੀਦ ਗਵਾਹਾਂ ਦੇ ਬਿਆਨ ਇਸ ਕੇਸ ਨੂੰ ਨਵਾਂ ਮੋੜ ਅਤੇ ਮਜ਼ਬੂਤੀ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਇਸ ਗੱਲ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ ਹੈ ਕਿ ਹਾਲੇ ਵੀ ਕੁਝ ਲੋਕ ਸੈਣੀ ਦੀ ਦਹਿਸ਼ਤ ਤੋਂ ਡਰਦੇ ਅੱਗੇ ਨਹੀਂ ਆ ਰਹੇ ਹਨ। ਇਹੀ ਨਹੀਂ ਭਾਵੇਂ ਮਟੌਰ ਥਾਣੇ ਵਿੱਚ ਸੈਣੀ ਅਤੇ ਹੋਰਨਾਂ ਖ਼ਿਲਾਫ਼ ਅਪਰਾਧਿਕ ਕੇਸ ਦਰਜ ਕੀਤਾ ਗਿਆ ਹੈ ਪ੍ਰੰਤੂ ਹਾਲੇ ਵੀ ਕਿਤੇ ਨਾ ਕਿਤੇ ਪੁਲੀਸ ਸੈਣੀ ਦੇ ਰੁਤਬੇ ਦੇ ਪ੍ਰਭਾਵ ਹੇਠ ਕੰਮ ਕਰਦੀ ਨਜ਼ਰ ਆ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ