
ਮੁਲਤਾਨੀ ਕੇਸ: ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧੀਆਂ, ਜ਼ਮਾਨਤ ਦੀ ਅਰਜ਼ੀ ਰੱਦ
ਪੁਲੀਸ ਨੇ ਸੈਣੀ ਦੀ ਗ੍ਰਿਫ਼ਤਾਰੀ ਲਈ ਵਿਊਂਤਬੰਦੀ ਸ਼ੁਰੂ ਕੀਤੀ, ਜਲਦੀ ਹੀ ਹੋ ਸਕਦੀ ਹੈ ਛਾਪੇਮਾਰੀ
ਅਦਾਲਤ ਨੇ ਕਿਹਾ ਸੈਣੀ ਖ਼ਿਲਾਫ਼ ਬਹੁਤ ਗੰਭੀਰ ਦੋਸ਼, ਪੁੱਛਗਿੱਛ ਜ਼ਰੂਰੀ, ਨਹੀਂ ਦਿੱਤੀ ਜਾ ਸਕਦੀ ਜ਼ਮਾਨਤ
ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਸਤੰਬਰ:
ਮੁਹਾਲੀ ਅਦਾਲਤ ਨੇ ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਮੁਹਾਲੀ ਦੀ ਇਕ ਵਿਸ਼ੇਸ਼ ਅਦਾਲਤ ਨੇ ਸੈਣੀ ਨੂੰ ਵੱਡਾ ਝਟਕਾ ਦਿੰਦਿਆਂ ਸਾਬਕਾ ਪੁਲੀਸ ਮੁਖੀ ਦੀ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ। ਪਿਛਲੇ ਦਿਨੀਂ ਪਹਿਲਾਂ ਸੈਣੀ ਨੇ ਆਪਣੇ ਵਕੀਲ ਏਪੀਐਸ ਦਿਉਲ ਰਾਹੀਂ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਧਾਰਾ 302 ਵਿੱਚ ਅਗਾਊਂ ਜ਼ਮਾਨਤ ਦੇਣ ਦੀ ਮੰਗ ਕੀਤੀ ਗਈ ਸੀ।
ਪੰਜਾਬ ਸਰਕਾਰ ਵੱਲੋਂ ਇਸ ਕੇਸ ਦੀ ਪੈਰਵਾਈ ਕਰਨ ਲਈ ਨਿਯੁਕਤ ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਸਰਤੇਜ ਸਿੰਘ ਨਰੂਲਾ, ਸਰਕਾਰੀ ਵਕੀਲ ਸੰਜੀਵ ਬੱਤਰਾ ਅਤੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਨੇ ਸੈਣੀ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਸੈਣੀ ਖ਼ਿਲਾਫ਼ ਗੰਭੀਰ ਦੋਸ਼ ਹਨ। ਲਿਹਾਜ਼ਾ ਕਿਸੇ ਵੀ ਸੂਰਤ ਵਿੱਚ ਮੁਲਜ਼ਮ ਨੂੰ ਜ਼ਮਾਨਤ ਨਾ ਦਿੱਤੀ ਜਾਵੇ। ਸ੍ਰੀ ਨਰੂਲਾ ਨੇ ਕਿਹਾ ਕਿ ਸੈਣੀ ’ਤੇ ਗੰਭੀਰ ਦੋਸ਼ ਹਨ। ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰਨੀ ਬਣਦੀ ਹੈ। ਕਿਉਂਕਿ ਕੇਸ ਦਰਜ ਹੋਣ ਤੋਂ ਬਾਅਦ ਸੈਣੀ ਨੇ ਪੁਲੀਸ ਨੂੰ ਜਾਂਚ ਵਿੱਚ ਕਿਸੇ ਕਿਸਮ ਦਾ ਸਹਿਯੋਗ ਨਹੀਂ ਦਿੱਤਾ ਗਿਆ।
ਬਚਾਅ ਪੱਖ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਇਹ 29 ਸਾਲ ਪੁਰਾਣਾ ਮਾਮਲਾ ਹੈ। ਪਹਿਲਾਂ ਸੀਬੀਆਈ ਨੇ ਵੀ ਐਫ਼ਆਈਆਰ ਰੱਦ ਕੀਤੀ ਸੀ ਪ੍ਰੰਤੂ ਸੀਬੀਆਈ ਸੈਣੀ ਦੇ ਖ਼ਿਲਾਫ਼ ਕੋਈ ਠੋਸ ਸਬੂਤ ਪੇਸ਼ ਨਹੀਂ ਕਰ ਸਕੀ ਸੀ। ਜਿਸ ਕਾਰਨ ਸੁਪਰੀਮ ਕੋਰਟ ਨੇ ਸੀਬੀਆਈ ਵੱਲੋਂ ਦਰਜ ਕੇਸ ਨੂੰ ਮੁੱਢੋਂ ਰੱਦ ਕਰ ਦਿੱਤਾ ਸੀ। ਹੁਣ ਪੰਜਾਬ ਪੁਲੀਸ ਨੇ ਲੰਮੇ ਅਰਸੇ ਬਾਅਦ ਮੁੜ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਸਾਬਕਾ ਡੀਜੀਪੀ ਨੂੰ ਪੱਕੀ ਜ਼ਮਾਨਤ ਦਿੱਤੀ ਜਾਵੇ।
ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ’ਤੇ ਗੌਰ ਕਰਦਿਆਂ ਸਾਬਕਾ ਡੀਜੀਪੀ ਸੈਣੀ ਦੀ ਅਗਾਊਂ ਜ਼ਮਾਨਤ ਅਰਜ਼ੀ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਕਿ ਸੈਣੀ ਦੇ ਖ਼ਿਲਾਫ਼ ਬਹੁਤ ਹੀ ਗੰਭੀਰ ਕਿਸਮ ਦੇ ਦੋਸ਼ ਹਨ। ਇਸ ਮਾਮਲੇ ਵਿੱਚ ਪੁਲੀਸ ਦੀ ਜਾਂਚ ਅਤੇ ਉਨ੍ਹਾਂ (ਸੈਣੀ) ਦੀ ਪੁੱਛਗਿੱਛ ਬਹੁਤ ਜ਼ਰੂਰੀ ਹੈ। ਜਿਸ ਕਾਰਨ ਸੈਣੀ ਦੀ ਕਿਸੇ ਵੀ ਸੂਰਤ ਵਿੱਚ ਜ਼ਮਾਨਤ ਮਨਜ਼ੂਰ ਨਹੀਂ ਕੀਤੀ ਜਾ ਸਕਦੀ ਹੈ। ਉਧਰ, ਹੁਣ ਸਾਬਕਾ ਡੀਜੀਪੀ ਦੀ ਕਿਸੇ ਵੀ ਸਮੇਂ ਗ੍ਰਿਫ਼ਤਾਰੀ ਹੋ ਸਕਦੀ ਹੈ। ਅਦਾਲਤ ਦੇ ਫੈਸਲੇ ਤੋਂ ਬਾਅਦ ਮੁਹਾਲੀ ਪੁਲੀਸ ਅਤੇ ਸਿੱਟ ਦੇ ਮੈਂਬਰਾਂ ਨੇ ਸੈਣੀ ਦੀ ਗ੍ਰਿਫ਼ਤਾਰੀ ਲਈ ਸਿਰਜੋੜ ਕੇ ਵਊਂਤਬੰਦੀ ਸ਼ੁਰੂ ਕਰ ਦਿੱਤੀ ਹੈ। ਕਿਹਾ ਜਾ ਰਿਹਾ ਹੈ ਕਿ ਜਲਦੀ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਸਕਦੀ ਹੈ। ਇਸ ਮਾਮਲੇ ਵਿੱਚ ਵਾਅਦਾ ਮੁਆਫ਼ ਗਵਾਹ ਬਣੇ ਸਾਬਕਾ ਪੁਲੀਸ ਅਫ਼ਸਰਾਂ ਦੇ ਬਿਆਨ ਵੀ ਦਰਜ ਹੋ ਚੁੱਕੇ ਹਨ ਅਤੇ ਕਈ ਚਸ਼ਮਦੀਦ ਗਵਾਹ ਵੀ ਸਾਹਮਣੇ ਆ ਚੁੱਕੇ ਹਨ। ਜਿਸ ਕਾਰਨ ਸੈਣੀ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ।