Share on Facebook Share on Twitter Share on Google+ Share on Pinterest Share on Linkedin ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਕਿਹੜੇ ਮਾਮਲੇ ਵਿੱਚ ਪਾਈ ਗ੍ਰਿਫ਼ਤਾਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਗਸਤ: ਆਖ਼ਰਕਾਰ ਪੰਜਾਬ ਸਰਕਾਰ ਨੇ ਆਪਣੀ ਚੁੱਪੀ ਤੋੜਦੇ ਹੋਏ ਸੂਬੇ ਦੇ ਬਹੁ-ਚਰਚਿਤ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸਾਬਕਾ ਡੀਜੀਪੀ ਅੱਜ ਦੇਰ ਸ਼ਾਮ ਵਿਜੀਲੈਂਸ ਬਿਊਰੋ ਦੀ ਟੀਮ ਕੋਲ ਜਾਂਚ ਵਿੱਚ ਸ਼ਾਮਲ ਹੋਣ ਆਇਆ ਸੀ, ਜਿੱਥੇ ਲੰਮੀ ਪੁੱਛ ਪੜਤਾਲ ਤੋਂ ਬਾਅਦ ਉਸ ਦੀ ਗ੍ਰਿਫ਼ਤਾਰੀ ਪਾ ਲਈ। ਸੈਣੀ ਖ਼ਿਲਾਫ਼ ਪਹਿਲਾਂ ਹੀ ਬਹਿਬਲ ਕਲਾਂ, ਫਰੀਦਕੋਟ ਗੋਲੀ ਕਾਂਡ, ਸਿੱਖ ਨੌਜਵਾਨ ਨੂੰ ਘਰੋਂ ਚੁੱਕ ਕੇ ਕਥਿਤ ਤੌਰ ’ਤੇ ਮਾਰ ਮੁਕਾਉਣ ਦੇ ਮੁਕੱਦਮੇ ਚੱਲ ਰਹੇ ਸਨ ਅਤੇ ਹੁਣ ਪਿਛਲੇ ਦਿਨੀਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਉਸ ਦੇ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਜੁਟਾਉਣ ਦਾ ਨਵਾਂ ਅਪਰਾਧਿਕ ਕੇਸ ਦਰਜ ਕੀਤਾ ਗਿਆ ਹੈ। ਹਾਲਾਂਕਿ ਉਕਤ ਸਾਰੇ ਮਾਮਲਿਆਂ ਵਿੱਚ ਸੁਮੇਧ ਸੈਣੀ ਨੂੰ ਜ਼ਮਾਨਤ ਮਿਲੀ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਹਾਈ ਕੋਰਟ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਜੁਟਾਉਣ ਦੇ ਤਾਜ਼ਾ ਮਾਮਲੇ ਵਿੱਚ ਅਗਾਊਂ ਜ਼ਮਾਨਤ ਦਿੰਦੇ ਹੋਏ ਉਸ ਨੂੰ ਹਫ਼ਤੇ ਦੇ ਅੰਦਰ ਅੰਦਰ ਵਿਜੀਲੈਂਸ ਕੋਲ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਸੀ। ਦੱਸਿਆ ਗਿਆ ਹੈ ਕਿ ਅੱਜ ਦੇਰ ਸ਼ਾਮ ਸਾਬਕਾ ਡੀਜੀਪੀ ਉਕਤ ਮੁਕੱਦਮੇ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ ਵਿਜੀਲੈਂਸ ਦੀ ਪੜਤਾਲੀਆਂ ਟੀਮ ਅੱਗੇ ਪੇਸ਼ ਹੋਏ ਸੀ ਅਤੇ ਲੰਮੀ ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਡਬਲਿਊ.ਡਬਲਿਊ.ਆਈ.ਸੀ.ਐਸ ਦੇ ਡਾਇਰੈਕਟਰ ਦਵਿੰਦਰ ਸੰਧੂ ਖ਼ਿਲਾਫ਼ ਦਰਜ ਪੁਰਾਣੇ ਮਾਮਲੇ ਵਿੱਚ ਨਾਮਜ਼ਦ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੇਲੇ ਤੋਂ ਲੈ ਕੇ ਅਕਾਲੀ ਸਰਕਾਰ ਵਿੱਚ ਸੁਮੇਧ ਸੈਣੀ ਹਮੇਸ਼ਾ ਚਰਚਾ ਵਿੱਚ ਰਿਹਾ ਹੈ। ਸ਼ੁਰੂ ਤੋਂ ਹੀ ਵਿਵਾਦਾਂ ਨੇ ਉਸ ਦਾ ਪਿੱਛਾ ਨਹੀਂ ਛੱਡਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ