Nabaz-e-punjab.com

ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧੀਆਂ, ਸੁਪਰੀਮ ਕੋਰਟ ਨੇ ਲਿਆ ਗੰਭੀਰ ਨੋਟਿਸ

ਨਬਜ਼-ਏ-ਪੰਜਾਬ ਬਿਊਰੋ, ਨਵੀਂ ਦਿੱਲੀ, 4 ਮਾਰਚ:
ਪੰਜਾਬ ਦੇ ਬਹੁ-ਚਰਚਿਤ ਸਾਬਕਾ ਡੀਜੀਪੀ ਸੁਮੇਧ ਸੈਣੀ ਵਿਰੁੱਧ ਮੁਹਾਲੀ ਵਿੱਚ ਦਰਜ ਅਪਰਾਧਿਕ ਮਾਮਲਿਆਂ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਅਰਵਿੰਦ ਸਿੰਘ ਸਾਂਗਵਾਨ ਵੱਲੋਂ ਉਸ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾਉਣ ਵਾਲੇ ਫੈਸਲੇ ’ਤੇ ਦੇਸ਼ ਦੀ ਸਿੱਖਰਲੀ ਅਦਾਲਤ ਸੁਪਰੀਮ ਕੋਰਟ ਨੇ ਹੈਰਾਨੀ ਪ੍ਰਗਟ ਕਰਦਿਆਂ ਸਬੰਧਤ ਜੱਜ ਦੇ ਫੈਸਲੇ ’ਤੇ ਸਵਾਲ ਚੁੱਕੇ ਹਨ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਹੁਕਮ ਦਿੱਤੇ ਹਨ ਕਿ ਉਹ ਜਾਂ ਇਸ ਮਾਮਲੇ ਦੀ ਸੁਣਵਾਈ ਖ਼ੁਦ ਕਰਨ ਜਾਂ ਕਿਸੇ ਹੋਰ ਜੱਜ ਦੀ ਅਦਾਲਤ ਵਿੱਚ ਸੁਣਵਾਈ ਲਈ ਦਿੱਤਾ।
ਇਸ ਸਬੰਧੀ ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਤਵਾਲੀਆ ਅਤੇ ਸੈਣੀ ਦੀ ਤਰਫ਼ੋਂ ਸੀਨੀਅਰ ਐਡਵੋਕੇਟ ਮੁਕੁਲ ਰੋਹਤਗੀ ਪੇਸ਼ ਹੋਏ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਨ.ਵੀ. ਰਮੰਨਾ ਦੀ ਅਗਵਾਈ ਵਾਲੇ 3 ਮੈਂਬਰੀ ਬੈਂਚ ਨੇ ਕਿਹਾ ਕਿ ਬੈਂਚ ਵਿੱਚ ਸ਼ਾਮਲ ਤਿੰਨੇ ਜੱਜ ਇਸ ਗੱਲ ਤੋਂ ਹੈਰਾਨ ਹਨ ਕਿ ਪੁਰਾਣੇ ਮਾਮਲਿਆਂ ਦੇ ਨਾਲ-ਨਾਲ ਸੈਣੀ ਖ਼ਿਲਾਫ਼ ਦਰਜ ਕੀਤੇ ਜਾਣ ਵਾਲੇ ਕਿਸੇ ਵੀ ਨਵੇਂ ਪਰਚੇ ਵਿੱਚ ਵੀ ਸਾਬਕਾ ਪੁਲੀਸ ਅਧਿਕਾਰੀ ਦੀ ਗ੍ਰਿਫ਼ਤਾਰੀ ’ਤੇ ਪਹਿਲਾਂ ਹੀ ਰੋਕ ਲਗਾ ਦੇਣ ਦਾ ਹੁਕਮ ਹਾਈ ਕੋਰਟ ਵੱਲੋਂ ਸੁਣਾਇਆ ਗਿਆ ਹੈ।
ਸੁਪਰੀਮ ਕੋਰਟ ਨੇ ਕਿਹਾ ਕਿ ਜਿਹੜੇ ਕੇਸ ਅਜੇ ਤਾਈਂ ਦਰਜ ਵੀ ਨਹੀਂ ਹੋਏ ਉਨ੍ਹਾਂ ਵਿੱਚ ਗ੍ਰਿਫ਼ਤਾਰੀ ’ਤੇ ਕਿਵੇਂ ਰੋਕ ਲਗਾਈ ਜਾ ਸਕਦੀ ਹੈ?
ਹਾਈ ਕੋਰਟ ਦੇ ਫੈਸਲੇ ’ਤੇ ਸਵਾਲ ਉਠਾਉਂਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਇਸ ਬਾਰੇ ਸੁਣਵਾਈ ਕੀਤੇ ਜਾਣ ਦੀ ਲੋੜ ਹੈ। ਸੁਪਰੀਮ ਕੋਰਟ ਨੇ ਹਾਈਕੋਰਟ ਨੂੰ ਇਹ ਆਦੇਸ਼ ਦਿੱਤਾ ਹੈ ਕਿ ਇਸ ਮਾਮਲੇ ਦਾ ਨਿਪਟਾਰਾ 2 ਹਫ਼ਤਿਆਂ ਦੇ ਅੰਦਰ-ਅੰਦਰ ਕੀਤਾ ਜਾਵੇ। ਚੀਫ਼ ਜਸਟਿਸ ਰਮੰਨਾ ਨੇ ਇਹ ਵੀ ਸਪਸ਼ਟ ਆਖ਼ਿਆ ਕਿ ਜਿੰਨੀ ਦੇਰ ਹਾਈਕੋਰਟ ਇਸ ਮਾਮਲੇ ਦਾ ਨਿਪਟਾਰਾ ਨਹੀਂ ਕਰ ਲੈਂਦੀ ਉਹ ਇਸ ਸਬੰਧੀ ਸੁਪਰੀਮ ਕੋਰਟ ਵਿੱਚ ਉਨ੍ਹਾਂ ਸਾਹਮਣੇ ਪਾਈ ਗਈ ਸਪੈਸ਼ਲ ਲੀਵ ਪਟੀਸ਼ਨ ਨੂੰ ਪੈਂਡਿੰਗ ਰੱਖ ਰਹੇ ਹਨ।
ਇੱਥੇ ਇਹ ਦੱਸਣਯੋਗ ਹੈ ਕਿ ਜਸਟਿਸ ਸਾਂਗਵਾਨ ਨੇ 10 ਸਤੰਬਰ 2021 ਨੂੰ ਇਕ ਫ਼ੈਸਲਾ ਸੁਣਾਉਂਦੇ ਹੋਏ ਸੈਣੀ ਦੀ ਗ੍ਰਿਫ਼ਤਾਰੀ ’ਤੇ ਪੰਜਾਬ ਚੋਣਾਂ ਤਕ ਰੋਕ ਲਗਾਉਣ ਦੇ ਆਦੇਸ਼ ਦਿੱਤੇ ਸਨ। ਇਸ ਸਬੰਧੀ ਵੀਰਵਾਰ 3 ਮਾਰਚ ਨੂੰ ਹੋਈ ਸੁਣਵਾਈ ਦੌਰਾਨ ਜਸਟਿਸ ਸਾਂਗਵਾਨ ਨੇ ਸੈਣੀ ਦੀ ਗ੍ਰਿਫ਼ਤਾਰੀ ’ਤੇ ਲਗਾਈ ਗਈ ਰੋਕ ਵਿੱਚ ਵਾਧਾ ਕਰਦਿਆਂ ਸੁਣਵਾਈ ਦੀ ਅਗਲੀ ਤਾਰੀਖ਼ 10 ਅਪਰੈਲ ਤੱਕ ਇਹ ਰੋਕ ਵਧਾ ਦਿੱਤੀ ਸੀ।
ਯਾਦ ਰਹੇ ਕਿ ਸੈਣੀ ਨੇ ਇਹ ਕਹਿੰਦਿਆਂ ਸਤੰਬਰ ਵਿੱਚ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ ਕਿ ਉਸ ਵਿਰੁੱਧ ਇਹ ਕਾਰਵਾਈ ਰਾਜਨੀਤੀ ਤੋਂ ਪ੍ਰੇਰਿਤ ਦੱਸਦਿਆਂ ਵਿਧਾਨ ਸਭਾ ਚੋਣਾਂ ਵਿੱਚ ਸਿਆਹੀ ਲਾਹਾ ਲੈਣ ਲਈ ਕੀਤੀ ਜਾ ਰਹੀ ਹੈ। ਇਸ ਦੇ ਆਧਾਰ ’ਤੇ ਅਦਾਲਤ ਨੇ ਸੈਣੀ ਵਿਰੁੱਧ ਦਰਜ ਸਾਰੇ ਅਪਰਾਧਿਕ ਕੇਸਾਂ ਵਿੱਚ ਉਸ ਦੀ ਗ੍ਰਿਫ਼ਤਾਰੀ ’ਤੇ ਪਹਿਲਾਂ ਚੋਣਾਂ ਤੱਕ ਅਤੇ ਹੁਣ 10 ਅਪਰੈਲ ਤੱਕ ਰੋਕ ਲਗਾਉਣ ਦੇ ਆਦੇਸ਼ ਦਿੱਤੇ ਸਨ। ਇਸ ਮਾਮਲੇ ਵਿੱਚ ਹਾਈਕੋਰਟ ਨੇ ਕੇਵਲ ਬਲਵੰਤ ਸਿੰਘ ਮੁਲਤਾਨੀ ਅਗਵਾ ਅਤੇ ਕਤਲ ਮਾਮਲੇ ਵਿੱਚ ਹੀ ਰਾਹਤ ਪ੍ਰਦਾਨ ਨਹੀਂ ਕੀਤੀ ਸੀ ਕਿਉਂਕਿ ਇਹ ਮਾਮਲਾ ਪਹਿਲਾਂ ਹੀ ਸੁਪਰੀਮ ਕੋਰਟ ਵਿੱਚ ਪੈਂਡਿੰਗ ਸੀ।
ਉਧਰ, ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੈਣੀ ਵਿਰੁੱਧ ਮੁਹਾਲੀ ਵਿਜੀਲੈਂਸ ਥਾਣਾ ਵਿੱਚ ਵੱਖਰਾ ਪਰਚਾ ਦਰਜ ਕੀਤਾ ਗਿਆ ਸੀ। ਪੁਲੀਸ ਸੇਵਾ ਵਿੱਚ ਤਾਇਨਾਤੀ ਦੌਰਾਨ ਸੈਣੀ ’ਤੇ ਆਪਣੇ ਰਿਸ਼ਤੇਦਾਰ ਵਿਨੋਦ ਕੁਮਾਰ, ਅਸ਼ੋਕ ਕੁਮਾਰ ਅਤੇ ਉਨ੍ਹਾਂ ਦੇ ਡਰਾਈਵਰ ਮੁਖ਼ਤਿਆਰ ਸਿੰਘ ਦੇ ਕਤਲਾਂ ਸਬੰਧੀ ਕੇਸ ਦਰਜ ਹੈ, ਜੋ ਇਸ ਸਮੇਂ ਸੀਬੀਆਈ ਦੀ ਦਿੱਲੀ ਅਦਾਲਤ ਵਿੱਚ ਪੈਂਡਿੰਗ ਹੈ। ਤਿੰਨਾਂ ਨੂੰ ਪੁਲੀਸ ਨੇ 1994 ਵਿੱਚ ਅਗਵਾ ਕਰ ਲਿਆ ਸੀ, ਜਿਸ ਮਗਰੋਂ ਉਨ੍ਹਾਂ ਦਾ ਕੋਈ ਥਹੁ ਪਤਾ ਨਹੀਂ ਸੀ ਲੱਗਾ। ਸੈਣੀ ਨੇ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਇਹ ਮੰਗ ਕੀਤੀ ਹੋਈ ਹੈ ਕਿ ਉਸ ਵਿਰੁੱਧ ਦਰਜ ਸਾਰੇ ਅਪਰਾਧਿਕ ਕੇਸ ਸੀਬੀਆਈ ਦੇ ਹਵਾਲੇ ਕੀਤੇ ਜਾਣ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…