
ਸਾਬਕਾ ਮੇਅਰ ਕੁਲਵੰਤ ਸਿੰਘ ਵੱਲੋਂ 24 ਘੰਟੇ ਮੁਫ਼ਤ ਐਂਬੂਲੈਂਸ ਸੇਵਾ ਸ਼ੁਰੂ
ਪੰਜਾਬ ਸਰਕਾਰ ਆਮ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ’ਚ ਨਾਕਾਮ: ਕੁਲਵੰਤ ਸਿੰਘ
ਆਜ਼ਾਦ ਗਰੁੱਪ ਦੇ ਮੁੱਖ ਦਫ਼ਤਰ ਸੈਕਟਰ-79 ਦੇ ਬਾਹਰ ਦਿਨ ਤੇ ਰਾਤ ਨੂੰ ਖੜੀ ਹੋਵੇਗੀ ਐਂਬੂਲੈਂਸ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਸਤੰਬਰ:
ਆਜ਼ਾਦ ਗਰੁੱਪ ਦੇ ਮੁਖੀ ਅਤੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਸਮਾਜ ਸੇਵੀ ਕਾਰਜਾਂ ਦੀ ਲੜੀ ਨੂੰ ਜਾਰੀ ਰੱਖਦਿਆਂ ਅੱਜ 24 ਘੰਟੇ ਮੁਫ਼ਤ ਐਂਬੂਲੈਂਸ ਸੇਵਾ ਸ਼ੁਰੂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਐਂਬੂਲੈਂਸ ਇੱਥੋਂ ਦੇ ਸੈਕਟਰ-79 ਸਥਿਤ ਆਜ਼ਾਦ ਗਰੁੱਪ ਦੇ ਮੁੱਖ ਦਫ਼ਤਰ ਦੇ ਬਾਹਰ ਖੜੀ ਹੋਵੇਗੀ ਅਤੇ ਕੋਈ ਵੀ ਲੋੜਵੰਦ ਵਿਅਕਤੀ ਮੁਫ਼ਤ ਐਂਬੂਲੈਂਸ ਸੇਵਾਵਾਂ ਲੈ ਸਕਦਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਬਕਾ ਮੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਮੁੱਢਲੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਸਫਲ ਰਹੀ ਹੈ। ਸਰਕਾਰੀ ਹਸਪਤਾਲਾਂ ਵਿਚਲੀਆਂ ਐਂਬੂਲੈਂਸਾਂ ਦੀ ਹਾਲਤ ਕੰਡਮ ਹੋ ਚੁੱਕੀ ਹੈ ਅਤੇ 108 ਨੰਬਰ ਐਂਬੂਲੈਂਸਾਂ ਸਮੇਂ ਸਿਰ ਮੌਕੇ ’ਤੇ ਨਾ ਪਹੁੰਚਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਉਨ੍ਹਾਂ ਨੇ ਸਰਕਾਰੀ ਹਸਪਤਾਲ ਵਿੱਚ ਵੈਂਟੀਲੇਟਰ ਦੀ ਸੁਵਿਧਾ ਪ੍ਰਦਾਨ ਕਰਨ ਲਈ 50 ਲੱਖ ਰੁਪਏ ਦੇਣ ਦਾ ਮਤਾ ਪਾਸ ਕੀਤਾ ਸੀ ਲੇਕਿਨ ਹੁਣ ਤੱਕ ਸਰਕਾਰ ਜਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਵੈਂਟੀਲੇਟਰ ਦੀ ਖ਼ਰੀਦ ਨਹੀਂ ਕੀਤੀ ਗਈ। ਉਂਜ ਵੀ ਸਰਕਾਰੀ ਹਸਪਤਾਲਾਂ ਅਤੇ ਪੇਂਡੂ ਡਿਸਪੈਂਸਰੀਆਂ ਵਿੱਚ ਸਿਹਤ ਸਹੂਲਤਾਂ ਦੀ ਵੱਡੀ ਘਾਟ ਹੈ। ਜਿਸ ਕਾਰਨ ਗਰੀਬ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਮੌਕੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਸਰਬਜੀਤ ਸਿੰਘ ਸਮਾਣਾ, ਰਮਨਪ੍ਰੀਤ ਕੌਰ ਕੁੰਭੜਾ, ਗੁਰਮੀਤ ਕੌਰ ਸੈਣੀ, ਰਾਜਵੀਰ ਕੌਰ ਗਿੱਲ, ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਫੂਲਰਾਜ ਸਿੰਘ, ਸੁਖਵਿੰਦਰ ਸਿੰਘ ਬਰਨਾਲਾ, ਆਰਪੀ ਸ਼ਰਮਾ, ਸੁਰਿੰਦਰ ਸਿੰਘ ਰੋਡਾ, ਕਮਲਜੀਤ ਕੌਰ, ਰਜਨੀ ਗੋਇਲ, ਕਰਮਜੀਤ ਕੌਰ, ਜਸਵੀਰ ਕੌਰ ਅੱਤਲੀ, ਆਜ਼ਾਦ ਗਰੁੱਪ ਦੇ ਸੀਨੀਅਰ ਆਗੂ ਬਲਰਾਜ ਸਿੰਘ ਗਿੱਲ, ਅਕਵਿੰਦਰ ਸਿੰਘ ਗੋਸਲ, ਰਾਜੀਵ ਵਸ਼ਿਸ਼ਟ, ਹਰਮੇਸ਼ ਸਿੰਘ ਕੁੰਭੜਾ, ਅਰੁਣ ਗੋਇਲ, ਜਸਪਾਲ ਸਿੰਘ ਬਿੱਲਾ ਮਟੌਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।