
ਸਾਬਕਾ ਮੇਅਰ ਕੁਲਵੰਤ ਸਿੰਘ ਨੇ ਉਮੀਦਵਾਰਾਂ ਦੇ ਹੱਕ ਵਿੱਚ ਘਰ-ਘਰ ਜਾ ਕੇ ਮੰਗੀਆਂ ਵੋਟਾਂ
ਆਜ਼ਾਦ ਗਰੁੱਪ ਦਾ ਮੁੱਖ ਟੀਚਾ ਮੁਹਾਲੀ ਨੂੰ ਵਿਕਾਸ ਪੱਖੋਂ ਨਮੂਨੇ ਦਾ ਸ਼ਹਿਰ ਬਣਾਉਣਾ: ਕੁਲਵੰਤ ਸਿੰਘ
ਸਾਬਕਾ ਮੇਅਰ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਆਜ਼ਾਦ ਗਰੁੱਪ ਦੇ ਸਾਰੇ ਮੈਂਬਰਾਂ ਨੂੰ ਜਿਤਾਉਣ ਦੀ ਕੀਤੀ ਅਪੀਲ
ਐਸ.ਏ.ਐਸ. ਨਗਰ (ਮੁਹਾਲੀ), 31 ਜਨਵਰੀ
ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਐਤਵਾਰ ਨੂੰ ਆਜ਼ਾਦ ਗਰੁੱਪ ਦੇ ਵੱਖ-ਵੱਖ ਉਮੀਦਵਾਰਾਂ ਦੇ ਹੱਕ ਵਿੱਚ ਇਕ-ਇਕ ਘਰ ਦਾ ਬੂਹਾ ਖੜਕਾਇਆ ਅਤੇ ਪਿਛਲੇ 5 ਸਾਲਾਂ ਵਿੱਚ ਸ਼ਹਿਰ ਦੇ ਕੀਤੇ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੀਆਂ। ਉਨ੍ਹਾਂ ਕਿਹਾ ਕਿ ਆਜ਼ਾਦ ਗਰੁੱਪ ਦਾ ਮੁੱਖ ਟੀਚਾ ਮੁਹਾਲੀ ਨੂੰ ਵਿਕਾਸ ਪੱਖੋਂ ਨਮੂਨੇ ਦਾ ਸ਼ਹਿਰ ਬਣਾਉਣਾ ਹੈ। ਕੁਲਵੰਤ ਸਿੰਘ ਨੇ ਮੁੜ ਦੁਹਰਾਇਆ ਕਿ ਉਨ੍ਹਾਂ ਨੇ ਮੇਅਰ ਵਜੋਂ ਪਿਛਲੇ ਪੰਜ ਸਾਲਾਂ ਵਿੱਚ ਬਿਨਾਂ ਕਿਸੇ ਪੱਖਪਾਤ ਤੋਂ ਸਾਰੇ ਵਾਰਡਾਂ ਦਾ ਸਰਬਪੱਖੀ ਵਿਕਾਸ ਕਰਨ ਲਈ ਕੋਈ ਕਸਰ ਨਹੀਂ ਛੱਡੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵਿਕਾਸ ਨੂੰ ਤਰਜ਼ੀਹ ਦਿੱਤੀ ਜਾਵੇਗੀ।
ਸਾਬਕਾ ਮੇਅਰ ਨੇ ਕਿਹਾ ਕਿ ਪੰਜਾਬ ਭਰ ’ਚੋਂ ਇਕੱਲੇ ਮੁਹਾਲੀ ਸ਼ਹਿਰ ਨੂੰ ਇਹ ਮਾਣ ਹਾਸਲ ਹੈ ਕਿ ਇੱਥੇ ਸਭ ਤੋਂ ਪਹਿਲਾਂ ਐਲਈਡੀ ਸਟਰੀਟ ਲਾਈਟਾਂ ਲਗਾਈਆਂ ਗਈਆਂ ਅਤੇ ਸੜਕਾਂ ਦੀ ਮਸ਼ੀਨੀ ਸਫ਼ਾਈ ਦੀ ਵਿਵਸਥਾ ਕੀਤੀ ਗਈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਆਜ਼ਾਦ ਗਰੁੱਪ ਦੇ ਸਾਰੇ ਮੈਂਬਰਾਂ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣ ਤਾਂ ਜੋ ਮੁਹਾਲੀ ਸ਼ਹਿਰ ਨੂੰ ਵਿਕਾਸ ਪੱਖੋਂ ਹੋਰ ਬੁਲੰਦੀਆਂ ’ਤੇ ਲਿਜਾਇਆ ਜਾ ਸਕੇ।