ਸਾਬਕਾ ਮੇਅਰ ਕੁਲਵੰਤ ਸਿੰਘ ਦੀ ਕਿਸੇ ਵੀ ਕੀਮਤ ’ਤੇ ਅਕਾਲੀ ਦਲ ’ਚ ਵਾਪਸੀ ਨਹੀਂ ਹੋਵੇਗੀ: ਸੁਖਬੀਰ ਬਾਦਲ

ਸੁਖਬੀਰ ਬਾਦਲ ਨੇ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿੱਚ ਕੀਤੀਆਂ ਚੋਣ ਰੈਲੀਆਂ

ਪਿਛਲੀ ਅਕਾਲੀ ਸਰਕਾਰ ਨੇ ਹੀ ਵਿਕਾਸ ਪੱਖੋਂ ਮੁਹਾਲੀ ਨੂੰ ਤੀਜੇ ਤੋਂ ਨੰਬਰ ਇਕ ’ਤੇ ਲਿਆਂਦਾ ਸੀ: ਸੁਖਬੀਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਫਰਵਰੀ:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਮੁਹਾਲੀ ਵਿੱਚ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਵੱਖ-ਵੱਖ ਥਾਵਾਂ ’ਤੇ ਚੋਣ ਰੈਲੀਆਂ ਕੀਤੀਆਂ ਅਤੇ ਕਾਂਗਰਸ ਸਰਕਾਰ ਨੂੰ ਰੱਜ ਕੇ ਕੋਸਦਿਆਂ ਕਿਹਾ ਕਿ ਪਿਛਲੇ 4 ਸਾਲਾਂ ਵਿੱਚ ਸਰਕਾਰ ਨੇ ਡੱਕਾ ਨਹੀਂ ਤੋੜਿਆ ਅਤੇ ਹੁਣ ਕਰੋਨਾ ਮਹਾਮਾਰੀ ਦੀ ਆੜ ਵਿੱਚ ਕਰੀਬ ਇਕ ਸਾਲ ਤੋਂ ਸੂਬੇ ਵਿੱਚ ਵਿਕਾਸ ਕੰਮ ਠੱਪ ਪਏ ਹਨ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਵੇਲੇ ਹੀ ਮੁਹਾਲੀ ਸਮੇਤ ਪੰਜਾਬ ਦਾ ਸਰਬਪੱਖੀ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਤੋਂ ਪਹਿਲਾਂ ਟਰਾਈਸਿਟੀ ਵਿੱਚ ਮੁਹਾਲੀ ਤੀਜੇ ਸਥਾਨ ’ਤੇ ਸੀ ਪ੍ਰੰਤੂ ਉਨ੍ਹਾਂ ਦੀ ਸਰਕਾਰ ਨੇ ਮੁਹਾਲੀ ਨੂੰ ਇਕ ਨੰਬਰ ’ਤੇ ਲਿਆਂਦਾ ਗਿਆ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਨਗਰ ਨਿਗਮ ਚੋਣਾਂ ਵਿੱਚ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਇਆ ਜਾਵੇ।
ਸੁਖਬੀਰ ਬਾਦਲ ਨੇ ਆਪਣੇ ਖਾਸ ਕਾਰੋਬਾਰੀ ਦੋਸਤ ਅਤੇ ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਬਾਰੇ ਕਿਹਾ ਕਿ ਜੇਕਰ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਕੁਲਵੰਤ ਸਿੰਘ ਦੀ ਕਿਸੇ ਵੀ ਕੀਮਤ ’ਤੇ ਵਾਪਸੀ ਸੰਭਵ ਨਹੀਂ ਹੋਵੇਗੀ। ਇੱਥੋਂ ਤੱਕ ਕਿ ਉਹ ਸਾਬਕਾ ਮੇਅਰ ਨੂੰ ਆਪਣੇ ਨੇੜੇ ਤੇੜੇ ਵੀ ਢੁੱਕਣ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕ ਕੇ ਮੁੱਖ ਮੰਤਰੀ ਸੂਬੇ ਨੂੰ ਨਸ਼ਾ ਮੁਕਤ ਕਰਨਾ ਭੁੱਲ ਗਏ ਹਨ ਜਦੋਂਕਿ ਸਚਾਈ ਇਹ ਹੈ ਕਿ ਪੰਜਾਬ ਵਿੱਚ ਪਹਿਲਾਂ ਨਾਲੋਂ ਕਈ ਗੁਣਾ ਵੱਧ ਨਸ਼ਾ ਵਿਕ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਾਂਗਰਸੀ ਸਮਰਥਕਾਂ ਨੂੰ ਨਸ਼ਾ ਛੁਡਾਊ ਕੇਂਦਰ ਖੋਲ੍ਹਣ ਦੀ ਇਜ਼ਾਜਤ ਦਿੱਤੀ ਗਈ ਅਤੇ ਇਨ੍ਹਾਂ ’ਚੋਂ ਜ਼ਿਆਦਾਤਰ ਕੇਂਦਰ ਵਿੱਚ ਦਾਖ਼ਲ ਨੌਜਵਾਨਾਂ ਨੂੰ ਨਸ਼ੇ ਦੀਆਂ ਗੋਲੀਆਂ ਖਾਣ ਦੀ ਲਤ ਲਗਾਈ ਗਈ ਅਤੇ ਰੌਲਾ ਪੈਣ ’ਤੇ ਵੱਡੀ ਮਾਤਰਾ ਵਿੱਚ ਨਸ਼ੇ ਦੀਆਂ ਗੋਲੀਆਂ ਗਾਇਬ ਕਰ ਦਿੱਤੀਆਂ ਅਤੇ ਇਸ ਸਮੁੱਚੇ ਦੀ ਮਾਮਲੇ ਜਾਂਚ ਹੁਣ ਤੱਕ ਕਿਸੇ ਕੰਢੇ ਨਹੀਂ ਲੱਗੀ ਹੈ।
ਇਸ ਤੋਂ ਪਹਿਲਾਂ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਚੋਣਾਂ ਦੇ ਐਨ ਮੌਕੇ ਅਕਾਲੀ ਦਲ ਨੂੰ ਪਿੱਠ ਦਿਖਾ ਕੇ ਭੱਜਣ ਵਾਲੇ ਸਾਬਕਾ ਮੇਅਰ ਸਮੇਤ ਬਾਕੀ ਅਕਾਲੀ ਆਗੂਆਂ ਨੂੰ ਦੁਬਾਰਾ ਪਾਰਟੀ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਆਪਣੀ ਮਾਂ ਪਾਰਟੀ ਦੇ ਸਗੇ ਨਹੀਂ ਬਣ ਸਕੇ ਉਨ੍ਹਾਂ ਤੋਂ ਵਿਕਾਸ ਦੀ ਉਮੀਦ ਨਹੀਂ ਰੱਖਣੀ ਚਾਹੀਦੀ। ਪਾਰਟੀ ਦੇ ਮੁੱਖ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਅਕਾਲੀ ਦਲ ਦੇ ਉਮੀਦਵਾਰਾਂ ਅਤੇ ਵਰਕਰਾਂ ਨੂੰ ਤਕੜੇ ਹੋ ਕੇ ਚੋਣਾਂ ਲੜਨ ਲਈ ਪ੍ਰੇਰਦਿਆਂ ਕਿਹਾ ਕਿ ਨਿਗਮ ਚੋਣਾਂ ਵਿੱਚ ਸਰਕਾਰ ਦੀਆਂ ਵਧੀਕੀਆਂ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ।
ਇਨ੍ਹਾਂ ਚੋਣ ਰੈਲੀਆਂ ਨੂੰ ਸਨੌਰ ਤੋਂ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰ ਚਰਨਜੀਤ ਸਿੰਘ ਕਾਲੇਵਾਲ, ਮੁਹਾਲੀ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਕੁਲਦੀਪ ਕੌਰ ਕੰਗ, ਗੁਰਮੁੱਖ ਸਿੰਘ ਸੋਹਲ, ਹਰਮਨਪ੍ਰੀਤ ਸਿੰਘ ਪ੍ਰਿੰਸ, ਗੁਰਮੀਤ ਸਿੰਘ ਬਾਕਰਪੁਰ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ, ਸਿਮਰਨਜੀਤ ਸਿੰਘ ਚੰਦੂਮਾਜਰਾ, ਸਰਬਜੀਤ ਸਿੰਘ ਪਾਰਸ, ਕੈਪਟਨ ਰਮਨਦੀਪ ਸਿੰਘ ਬਾਵਾ, ਬੀਬੀ ਮਨਹੇੜਾ ਅਤੇ ਹੋਰਨਾਂ ਆਗੂਆਂ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…