
ਸਾਬਕਾ ਮੰਤਰੀ ਬਲਬੀਰ ਸਿੱਧੂ ਵੱਲੋਂ ਮੁਹਾਲੀ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ’ਤੇ ਜ਼ੋਰ
ਵਿਧਾਇਕ ਬਲਬੀਰ ਸਿੱਧੂ ਨੇ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਅਕਤੂਬਰ:
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਅਤੇ ਹੋਰ ਜ਼ਿਲ੍ਹਾ ਅਧਿਕਾਰੀਆਂ ਨਾਲ ਸ਼ਹਿਰ ਅਤੇ ਆਲੇ-ਦੁਆਲੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਮੌਜੂਦਾ ਸਮੇਂ ਵਿੱਚ ਚੱਲ ਰਹੇ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਉਣ ’ਤੇ ਜ਼ੋਰ ਦਿੱਤਾ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਯੋਜਨਾਬੱਧ ਤਰੀਕੇ ਨਾਲ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਮੁਹਾਲੀ ਵਿੱਚ ਕਰੋੜਾਂ ਰੁਪਏ ਦੇ ਕਈ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁਹਾਲੀ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਬਣਦਾ ਜਾ ਰਿਹਾ ਹੈ ਅਤੇ ਉਹ ਨਿੱਜੀ ਤੌਰ ’ਤੇ ਸਾਰੇ ਵਿਕਾਸ ਪ੍ਰਾਜੈਕਟਾਂ ਦੀ ਨਿਗਰਾਨੀ ਕਰ ਰਹੇ ਹਨ।
ਸ੍ਰੀ ਸਿੱਧੂ ਨੇ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਆਖਿਆ ਕਿ ਸਰਕਾਰ ਦੀਆਂ ਭਲਾਈ ਸਕੀਮਾਂ ਦੇ ਨਾਲ-ਨਾਲ ਵਿਕਾਸ ਪ੍ਰਾਜੈਕਟਾਂ ਨੂੰ ਲਾਗੂ ਕਰਦੇ ਸਮੇਂ ਸਾਰੇ ਚੁਣੇ ਹੋਏ ਨੁਮਾਇੰਦਿਆਂ ਨੂੰ ਭਰੋਸੇ ਵਿੱਚ ਲਿਆ ਜਾਵੇ। ਮੀਟਿੰਗ ਦੌਰਾਨ ਵਿਧਾਇਕ ਅਤੇ ਡੀਸੀ ਨੇ ਨਗਰ ਨਿਗਮ, ਪੇਂਡੂ ਵਿਕਾਸ ਅਤੇ ਗਰਾਮ ਪੰਚਾਇਤਾਂ ਨਾਲ ਸਬੰਧਤ ਵਿਕਾਸ ਪ੍ਰਾਜੈਕਟਾਂ ਬਾਰੇ ਚਰਚਾ ਕੀਤੀ ਗਈ। ਡੀਸੀ ਈਸ਼ਾ ਕਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਾਰੀਆਂ ਭਲਾਈ ਸਕੀਮਾਂ ਮੁਹਾਲੀ ਵਿੱਚ ਪਹਿਲ ਦੇ ਆਧਾਰ ’ਤੇ ਲਾਗੂ ਕੀਤੀਆਂ ਜਾਣਗੀਆਂ ਅਤੇ ਸਾਰੇ ਯੋਗ ਲਾਭਪਾਤਰੀਆਂ ਨੂੰ ਇਨ੍ਹਾਂ ਸਕੀਮਾਂ ਅਧੀਨ ਕਵਰ ਕੀਤਾ ਜਾਵੇਗਾ। ਸਾਰੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਸਾਰੇ ਵਿਕਾਸ ਪ੍ਰਾਜੈਕਟ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੇ ਜਾਣਗੇ।
ਇਸ ਮੀਟਿੰਗ ਵਿੱਚ ਏਡੀਸੀ (ਡੀ) ਡਾ. ਹਿਮਾਂਸ਼ੂ ਅਗਰਵਾਲ, ਕਮਿਸ਼ਨਰ ਕਮਲ ਗਰਗ, ਏਡੀਸੀ (ਸ਼ਹਿਰੀ ਵਿਕਾਸ) ਪੂਜਾ ਗਰੇਵਾਲ, ਐਸਡੀਐਮ ਹਰਬੰਸ ਸਿੰਘ, ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਡੀਡੀਪੀਓ ਸੁਖਚੈਨ ਪਾਪੜਾ ਵੀ ਹਾਜ਼ਰ ਸਨ।