nabaz-e-punjab.com

ਸਾਬਕਾ ਮੰਤਰੀ ਧਰਮਸੋਤ, ਓਐਸਡੀ ਤੇ ਮੀਡੀਆ ਸਲਾਹਕਾਰ ਨੂੰ ਮੁੜ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ

ਜੇਲ੍ਹ ਵਿੱਚ ਬੰਦ ਡੀਐਫ਼ਓ ਤੇ ਠੇਕੇਦਾਰ ਨੂੰ ਵੀ ਪ੍ਰੋਡਕਸ਼ਨ ਵਰੰਟ ’ਤੇ ਲਿਆਂਦਾ

ਵਿਜੀਲੈਂਸ ਹੁਣ ਸਾਬਕਾ ਮੰਤਰੀ ਅਤੇ ਬਾਕੀ ਮੁਲਜ਼ਮਾਂ ਨੂੰ ਆਹਮੋ ਸਾਹਮਣੇ ਬਿਠਾ ਕੇ ਕਰੇਗੀ ਕਰਾਸ ਪੁੱਛਗਿੱਛ

ਮੁਹਾਲੀ ਅਦਾਲਤ ਵਿੱਚ ਵਿਜੀਲੈਂਸ ਨੇ ਧਰਮਸੋਤ ਦੀ ਨਾਮੀ ਤੇ ਬੇਨਾਮੀ ਜਾਇਦਾਦ ਦੀ ਜਾਂਚ ਕਰਨ ਦੀ ਦਿੱਤੀ ਦਲੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜੂਨ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪਿਛਲੇ ਦਿਨੀਂ ਵੱਡੀ ਕਾਰਵਾਈ ਕਰਦਿਆਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਜੰਗਲਾਤ ਵਿਭਾਗ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਸ ਦੇ ਓਐਸਡੀ ਚਮਕੌਰ ਸਿੰਘ ਅਤੇ ਮੀਡੀਆ ਸਲਾਹਕਾਰ ਪੱਤਰਕਾਰ ਕਮਲਜੀਤ ਸਿੰਘ ਖੰਨਾ ਨੂੰ ਪਹਿਲਾਂ ਦਿੱਤਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਸ਼ੁੱਕਰਵਾਰ ਨੂੰ ਦੁਬਾਰਾ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਇਨ੍ਹਾਂ ਸਾਰਿਆਂ ਨੂੰ ਫਿਰ ਤੋਂ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸੇ ਦੌਰਾਨ ਵਿਜੀਲੈਂਸ ਵੱਲੋਂ ਜੇਲ੍ਹ ਵਿੱਚ ਬੰਦ ਮੁਹਾਲੀ ਦੇ ਜ਼ਿਲ੍ਹਾ ਜੰਗਲਾਤ ਅਫ਼ਸਰ ਗੁਰਅਮਨਪ੍ਰੀਤ ਸਿੰਘ ਬੈਂਸ ਅਤੇ ਠੇਕੇਦਾਰ ਹਰਮੋਹਿੰਦਰ ਸਿੰਘ ਨੂੰ ਪ੍ਰੋਡਕਸ਼ਨ ਵਰੰਟ ’ਤੇ ਲਿਆ ਕੇ ਅਦਾਲਤ ਵਿੱਚ ਪੇਸ਼ ਕੀਤਾ ਅਤੇ ਇਨ੍ਹਾਂ ਦੋਵਾਂ ਨੂੰ ਵੀ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ਗਿਆ। ਇਸ ਤੋਂ ਪਹਿਲਾਂ ਮੁਲਜ਼ਮਾਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ।
ਵਿਜੀਲੈਂਸ ਨੇ ਮੁਲਜ਼ਮਾਂ ਦੀ ਪੇਸ਼ੀ ਦੌਰਾਨ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਉਨ੍ਹਾਂ ਦਾ ਪੰਜ ਦਿਨ ਦਾ ਪੁਲੀਸ ਰਿਮਾਂਡ ਮੰਗਦਿਆਂ ਕਿਹਾ ਕਿ ਸਾਬਕਾ ਮੰਤਰੀ ਦੇ ਓਐਸਡੀ ਚਮਕੌਰ ਸਿੰਘ ਦੀ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਹੋਏ ਹਨ। ਜੰਗਲਾਤ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਪੈਸੇ ਲੈ ਕੇ ਕੀਤੀਆਂ ਜਾਂਦੀਆਂ ਹਨ। ਵਿਜੀਲੈਂਸ ਨੇ ਅਦਾਲਤ ਵਿੱਚ ਇਹ ਵੀ ਦਲੀਲ ਦਿੱਤੀ ਹੈ ਕਿ ਧਰਮਸੋਤ ਨੇ ਮੰਤਰੀ ਹੁੰਦਿਆਂ ਵੱਖ-ਵੱਖ ਥਾਵਾਂ ’ਤੇ ਆਮਦਨ ਤੋਂ ਵੱਧ ਜਾਇਦਾਦ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀ ਦੀ ਨਾਮੀ ਅਤੇ ਬੇਨਾਮੀ ਜਾਇਦਾਦ ਬਾਰੇ ਪਤਾ ਲਗਾਉਣਾ ਹੈ। ਭ੍ਰਿਸ਼ਟਾਚਾਰ ਦੇ ਇਸ ਗੋਰਖ-ਧੰਦੇ ਦੀ ਤੈਅ ਤੱਕ ਜਾਣ ਲਈ ਹੋਰ ਪੁੱਛਗਿੱਛ ਕੀਤੀ ਜਾਣੀ ਹੈ।
ਵਿਜੀਲੈਂਸ ਅਨੁਸਾਰ ਧਰਮਸੋਤ ਆਪਣੇ ਓਐਸਡੀ ਅਤੇ ਪੱਤਰਕਾਰ ਰਾਹੀਂ ਡੀਐਫ਼ਓ ਦੀ ਬਦਲੀ ਲਈ 10 ਤੋਂ 20 ਲੱਖ ਰੁਪਏ, ਰੇਂਜ ਅਫ਼ਸਰ ਦੀ ਬਦਲੀ ਲਈ 5 ਤੋਂ 8 ਲੱਖ, ਬਲਾਕ ਅਫ਼ਸਰ ਤੇ ਵਣ ਗਾਰਡ ਲਈ 2 ਤੋਂ 3 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸੀ। ਇਸ ਤੋਂ ਇਲਾਵਾ ਧਰਮਸੋਤ ਨੇ ਜੰਗਲਾਤ ਮੰਤਰੀ ਵਜੋਂ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਕਰੋੜਾਂ ਰੁਪਏ ਇਕੱਠੇ ਕੀਤੇ ਹਨ। ਪੱਤਰਕਾਰ ਰਾਹੀਂ ਖੈਰ ਦੇ ਰੁੱਖਾਂ ਦੀ ਕਟਾਈ ਲਈ ਪਰਮਿਟ ਜਾਰੀ ਕਰਨ ਦੇ ਬਦਲੇ ਇੱਕ ਕਰੋੜ ਰੁਪਏ ਲਏ ਹਨ।
ਵਿਜੀਲੈਂਸ ਮੁਤਾਬਕ ਮੁਲਜ਼ਮ ਚਮਕੌਰ ਸਿੰਘ ਬਦਲੀਆਂ ਅਤੇ ਤਾਇਨਾਤੀਆਂ ਦਾ ਕੰਮ ਦੇਖਦਾ ਸੀ ਜਦੋਂਕਿ ਕਮਲਜੀਤ ਸਿੰਘ ਖੰਨਾ ਦਰਖ਼ਤ ਵੱਢਣ ਅਤੇ ਵੇਚਣ ਦਾ ਕੰਮ ਦੇਖਦਾ ਸੀ। ਰਿਸ਼ਵਤ ਦਾ ਸਾਰਾ ਪੈਸਾ ਇਹ ਦੋਵੇਂ ਜਣੇ ਇਕੱਠਾ ਕਰਦੇ ਸੀ। ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਪਿਛਲੇ 10 ਸਾਲਾਂ ਵਿੱਚ ਠੇਕੇਦਾਰ ਤੋਂ ਖੈਰ ਦੇ ਦਰਖ਼ਤਾਂ ਦੀ ਕਟਾਈ ਕਰਦਾ ਆ ਰਿਹਾ ਹੈ। ਇਸ ਤੋਂ ਪਹਿਲਾਂ ਵੀ ਵੱਖ-ਵੱਖ ਠੇਕੇਦਾਰਾਂ ਨਾਲ ਕਮਿਸ਼ਨ ’ਤੇ ਕੰਮ ਕੀਤਾ ਜਾਂਦਾ ਸੀ। ਪਿਛਲੇ 5 ਸਾਲਾਂ ਤੋਂ ਉਸ ਵੱਲੋਂ ਗੁਰਹਰ ਐਸੋਸੀਏਟ ਦੇ ਨਾਮ ’ਤੇ ਠੇਕੇਦਾਰੀ ਕੀਤੀ ਜਾ ਰਹੀ ਹੈ। ਹਰ ਸੀਜ਼ਨ ਵਿੱਚ ਠੇਕੇਦਾਰ ਵੱਲੋਂ 7 ਹਜ਼ਾਰ ਖੈਰ ਦੇ ਰੁੱਖਾਂ ਦੀ ਕਟਾਈ ਕੀਤੀ ਜਾਂਦੀ ਸੀ ਅਤੇ ਇਸ ਬਦਲੇ ਧਰਮਸੋਤ ਨੂੰ ਪ੍ਰਤੀ ਰੁੱਖ 500 ਰੁਪਏ, ਵਣ ਅਫ਼ਸਰ ਨੂੰ 200 ਰੁਪਏ ਅਤੇ ਰੇਂਜ ਅਫ਼ਸਰ ਤੇ ਬਲਾਕ ਅਫ਼ਸਰ ਅਤੇ ਵਣ ਗਾਰਡ ਨੂੰ 100-100 ਰੁਪਏ ਰਿਸ਼ਵਤ ਦਿੱਤੀ ਜਾਂਦੀ ਸੀ।
ਇਹ ਵੀ ਜਾਣਕਾਰੀ ਮਿਲੀ ਹੈ ਕਿ ਅਮਿਤ ਚੌਹਾਨ ਰੂਪਨਗਰ ਵਿਖੇ ਡੀਐਫ਼ਓ ਦੇ ਕਾਰਜਕਾਲ ਦੌਰਾਨ ਸ਼ਾਮਲਾਤ ਜ਼ਮੀਨਾਂ ਵਿੱਚ ਖੜੇ ਦਰੱਖਤਾਂ ਦੀ ਗਿਣਤੀ ਘੱਟ ਦਿਖਾਉਂਦੇ ਸਨ ਅਤੇ ਬਾਕੀ ਦਰਖਤਾਂ ਦੀ ਕਟਾਈ ਦੀ ਰਕਮ ਠੇਕੇਦਾਰਾਂ ਨਾਲ ਸਾਂਝੀ ਕਰਦੇ ਸਨ, ਜਿਸ ਨਾਲ ਪੰਚਾਇਤੀ ਫੰਡਾਂ ਨੂੰ ਵੱਡੇ ਪੱਧਰ ’ਤੇ ਖੋਰਾ ਲੱਗਿਆ ਹੈ। ਇਹੀ ਨਹੀਂ ਉਹ ਮੰਤਰੀ ਦੇ ਹੱਥ ਠੋਕੇ ਬਣੇ ਪੱਤਰਕਾਰ ਨੂੰ ਵੀ ਨਾਜਾਇਜ਼ ਮਾਈਨਿੰਗ ਕਰਵਾਉਣ ਲਈ ਖੁੱਲ੍ਹ ਦਿੰਦਾ ਸੀ। ਇਸ ਤੋਂ ਇਲਾਵਾ ਧਰਮਸੋਤ ਆਪਣੇ ਇਨ੍ਹਾਂ ਦੋਵੇਂ ਦਲਾਲਾਂ ਰਾਹੀਂ ਜੰਗਲਾਤ ਜ਼ਮੀਨਾਂ ’ਚੋਂ ਲਾਂਘੇ ਬਦਲੇ ਐੱਨਓਸੀ ਜਾਰੀ ਕਰਨ ਲਈ ਕਲੋਨਾਈਜਰਾਂ, ਨਵੇਂ ਬਣੇ ਫਿਲਿੰਗ ਸਟੇਸ਼ਨਾਂ, ਨਵੇਂ ਪ੍ਰਾਜੈਕਟਾਂ ਦੇ ਮਾਲਕਾਂ ਅਤੇ ਹੋਟਲਾਂ ਅਤੇ ਰੈਸਟੋਰੈਂਟਾਂ ਤੋਂ ਰਿਸ਼ਵਤ ਲੈਂਦਾ ਸੀ। ਪਿਛਲੇ ਦਿਨੀਂ ਡੀਐਫ਼ਓ ਨਾਲ ਗ੍ਰਿਫ਼ਤਾਰ ਕੀਤੇ ਗਏ ਠੇਕੇਦਾਰ ਨੇ ਆਪਣੇ ਬਿਆਨਾਂ ਵਿੱਚ ਕਿਹਾ ਕਿ ਸਾਲ 2017 ਤੋਂ ਲੈ ਕੇ ਹੁਣ ਤੱਕ ਰਿਸ਼ਵਤ ਦਾ ਪੈਸਾ ਉੱਚ ਅਧਿਕਾਰੀਆਂ ਅਤੇ ਰਾਜਨੀਤਿਕ ਵਿਅਕਤੀਆਂ ਨੂੰ ਦਿੱਤਾ ਜਾਂਦਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਬੀਤੀ 7 ਜੂਨ ਨੂੰ ਮੁਹਾਲੀ ਥਾਣੇ ਵਿੱਚ ਧਰਮਸੋਤ ਅਤੇ ਹੋਰਨਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਛੇ ਪੰਨਿਆਂ ਦੀ ਇਸ ਐਫ਼ਆਈਆਰ ਵਿੱਚ ਉਕਤ ਤਿੰਨਾਂ ਤੋਂ ਇਲਾਵਾ ਚੰਨੀ ਵਜ਼ਾਰਤ ਵਿੱਚ ਜੰਗਲਾਤ ਮੰਤਰੀ ਰਹੇ ਸੰਗਤ ਸਿੰਘ ਗਿਲਜੀਆ ਸਮੇਤ ਉਸ ਦੇ ਪੀਏ ਕੁਲਵਿੰਦਰ ਸਿੰਘ ਸ਼ੇਰਗਿੱਲ, ਵਣ ਮੰਡਲ ਅਫ਼ਸਰ ਅਮਿਤ ਚੌਹਾਨ, ਡੀਐਫ਼ਓ ਗੁਰਅਮਨਪ੍ਰੀਤ ਸਿੰਘ ਬੈਂਸ, ਵਣ ਗਾਰਡ ਦਿਲਪ੍ਰੀਤ ਸਿੰਘ ਅਤੇ ਸਚਿਨ ਕੁਮਾਰ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਡੀਐਫ਼ਓ ਨੂੰ ਛੱਡ ਕੇ ਬਾਕੀ ਮੁਲਜ਼ਮ ਹਾਲੇ ਵਿਜੀਲੈਂਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।
ਉਧਰ, ਬਚਾਅ ਪੱਖ ਦੇ ਵਕੀਲਾਂ ਨੇ ਮੁਲਜ਼ਮਾਂ ਦੇ ਪੁਲੀਸ ਰਿਮਾਂਡ ਦਾ ਵਿਰੋਧ ਕਰਦਿਆਂ ਕਿਹਾ ਕਿ ਵਿਜੀਲੈਂਸ ਉਨ੍ਹਾਂ ਤੋਂ ਲੋੜੀਂਦੀ ਪੁੱਛਗਿੱਛ ਕਰ ਚੁੱਕੀ ਹੈ ਅਤੇ ਹੁਣ ਹੋਰ ਪੁਲੀਸ ਰਿਮਾਂਡ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਨੇ ਜਿਸ ਡਾਇਰੀ ਦਾ ਐਫ਼ਆਈਆਰ ਵਿੱਚ ਜ਼ਿਕਰ ਹੈ, ਹੁਣ ਉਸ ਬਾਰੇ ਕੋਈ ਗੱਲ ਨਹੀਂ ਕੀਤੀ ਜਾ ਰਹੀ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸਾਬਕਾ ਮੰਤਰੀ ਸਮੇਤ ਸਾਰੇ ਮੁਲਜ਼ਮਾਂ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਮੁਲਜ਼ਮਾਂ ਨੂੰ 13 ਜੂਨ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੇਸ਼ੀ ਦੌਰਾਨ ਧਰਮਸੋਤ ਦੇ ਪਰਿਵਾਰਕ ਮੈਂਬਰ ਤੇ ਸਮਰਥਕ ਵੀ ਅਦਾਲਤ ਵਿੱਚ ਮੌਜੂਦ ਸਨ।
ਉਧਰ, ਅਦਾਲਤ ਦੇ ਬਾਹਰ ਸਾਬਕਾ ਮੰਤਰੀ ਧਰਮਸੋਤ ਦੇ ਭਰਾ ਮੰਗਤ ਸਿੰਘ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਵੱਲੋਂ ਸਿਆਸੀ ਬਦਲਾਖੋਰੀ ਦੇ ਚੱਲਦਿਆਂ ਉਸ ਦੇ ਭਰਾ ਨੂੰ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਭਗਵੰਤ ਮਾਨ ਅਕਸਰ ਇਹ ਕਹਿੰਦੇ ਰਹੇ ਹਨ ਕਿ ਆਪ ਸਰਕਾਰ ਬਣਨ ਤੋਂ ਬਾਅਦ ਧਰਮਸੋਤ ਨੂੰ ਜੇਲ੍ਹ ਵਿੱਚ ਡੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਨੂੰ ਸਕਾਲਰਸ਼ਿਪ ਘੁਟਾਲੇ ਵਿੱਚ ਧਰਮਸੋਤ ਦੇ ਖ਼ਿਲਾਫ਼ ਕੁੱਝ ਨਹੀਂ ਮਿਲਿਆ ਤਾਂ ਹੁਣ ਉਨ੍ਹਾਂ ਨੂੰ ਝੂਠੇ ਕੇਸ ਵਿੱਚ ਫਸਾ ਦਿੱਤਾ ਗਿਆ। ਮੰਗਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਦਾ ਇਨਸਾਫ਼ ਚਾਹੁੰਦਾ ਹੈ ਅਤੇ ਉਹ ਜਾਂਚ ਵਿੱਚ ਸਹਿਯੋਗ ਦੇਣ ਲਈ ਤਿਆਰ ਹਨ। ਬਸ਼ਰਤੇ ਜਾਂਚ ਬਿਲਕੁਲ ਨਿਰਪੱਖ ਹੋਵੇ। ਉਨ੍ਹਾਂ ਕਿਹਾ ਕਿ ਮੁਲਜ਼ਮ ਠੇਕੇਦਾਰ ਦੀ ਜਿਹੜੀ ਡਾਇਰੀ ਦਾ ਹਵਾਲਾ ਦਿੱਤਾ ਗਿਆ ਹੈ, ਉਸ ਨਾਲ ਕਿਸੇ ਖ਼ਿਲਾਫ਼ ਦੋਸ਼ ਸਾਬਤ ਨਹੀਂ ਹੁੰਦੇ। ਵੈਸੇ ਵੀ ਹੁਣ ਵਿਜੀਲੈਂਸ ਉਕਤ ਡਾਇਰੀ ਦਾ ਕੋਈ ਜ਼ਿਕਰ ਨਹੀਂ ਕਰ ਰਹੀ ਹੈ।
ਉਧਰ, ਧਰਮਸੋਤ ਨੂੰ ਮੀਡੀਆ ਨਾਲ ਮਿਲਣ ਤੋਂ ਬਚਾਉਣ ਲਈ ਅਦਾਲਤ ਕੰਪਲੈਕਸ ਦੇ ਅੰਦਰ ਅਤੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਹਾਲਾਂਕਿ ਧਰਮਸੋਤ ਕੁੱਝ ਵੀ ਬੋਲਣ ਵੀ ਚਾਹੁੰਦੇ ਸਨ ਪਰ ਪੁਲੀਸ ਨੇ ਉਨ੍ਹਾਂ ਦੀ ਜ਼ੁਬਾਨ ਬੰਦ ਕਰਵਾ ਦਿੱਤੀ ਅਤੇ ਸੁਰੱਖਿਆ ਘੇਰਾ ਮਜਬੂਤ ਕਰਕੇ ਵਿਜੀਲੈਂਸ ਦੀ ਟੀਮ ਉਸ ਨੂੰ ਸਿੱਧਾ ਕੋਰਟ ਰੂਮ ਅੰਦਰ ਲੈ ਗਈ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…