ਡਰੱਗ ਕੇਸ: ਸਾਬਕਾ ਮੰਤਰੀ ਸਰਵਨ ਫਿਲੌਰ ਤੇ ਸਾਬਕਾ ਵਿਧਾਇਕ ਅਵਿਨਾਸ਼ ਚੰਦਰ ਸਣੇ 7 ਮੁਲਜ਼ਮਾਂ ਦੀ ਪੇਸ਼ਗੀ ਜ਼ਮਾਨਤ ਰੱਦ

ਮੁਲਜ਼ਮਾਂ ਨੇ ਆਪਣੀ ਅਰਜ਼ੀਆਂ ਵਿੱਚ ਖ਼ੁਦ ਨੂੰ ਬੇਕਸੂਰ ਦੱਸਦਿਆਂ ਕਿਹਾ ਉਨ੍ਹਾਂ ਨੇ ਕੋਈ ਗੁਨਾਹ ਨਹੀਂ ਕੀਤਾ

ਈਡੀ ਵੱਲੋਂ ਮੁਲਾਜ਼ਮਾਂ ਖ਼ਿਲਾਫ਼ ਮੁਹਾਲੀ ਦੀ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਜਾ ਚੁੱਕਾ 8400 ਪੰਨਿਆਂ ਦਾ 5ਵਾਂ ਸਪਲੀਮੈਂਟਰੀ ਚਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਦਸੰਬਰ:
ਪੰਜਾਬ ਦੇ ਬਹੁ-ਚਰਚਿਤ ਡਰੱਗ ਤਸਕਰੀ ਮਾਮਲੇ ਦੀ ਸੁਣਵਾਈ ਬੁੱਧਵਾਰ ਨੂੰ ਮੁਹਾਲੀ ਸਥਿਤ ਸੀਬੀਆਈ ਦੀ ਵਿਸ਼ੇਸ਼ ਜ਼ਿਲ੍ਹਾ ਅਦਾਲਤ ਨੇ ਇਸ ਮਾਮਲੇ ਵਿੱਚ ਇੰਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਨਾਮਜ਼ਦ ਮੁਲਜ਼ਮਾਂ ਸਾਬਕਾ ਅਕਾਲੀ ਮੰਤਰੀ ਸਰਵਨ ਸਿੰਘ ਫਿਲੌਰ, ਉਸ ਦੇ ਬੇਟੇ ਦਮਨਵੀਰ ਸਿੰਘ ਫਿਲੌਰ, ਸਾਬਕਾ ਸੰਸਦੀ ਸਕੱਤਰ ਅਵਿਨਾਸ਼ ਚੰਦਰ, ਸਚਿਨ ਸਰਦਾਨਾ, ਸੁਸ਼ੀਲ ਕੁਮਾਰ ਸਰਦਾਨਾ, ਕੈਲਾਸ਼ ਸਰਦਾਨਾ ਅਤੇ ਰਸ਼ਮੀ ਸਰਦਾਨਾ ਦੀਆਂ ਅਗਾੳਂੂ ਜ਼ਮਾਨਤ ਦੀਆਂ ਅਰਜ਼ੀਆਂ ਰੱਦ ਕਰ ਦਿੱਤੀਆਂ ਹਨ।
ਈਡੀ ਦੇ ਵਕੀਲ ਜਗਜੀਤ ਸਿੰਘ ਸਰਾਓ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਸਮੇਤ 12 ਵਿਅਕਤੀਆਂ ਦੇ ਖ਼ਿਲਾਫ਼ ਜੁਲਾਈ 2017 ਵਿੱਚ 5ਵਾਂ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਜਾ ਚੁੱਕਾ ਹੈ। ਇਹ ਸਾਰੇ ਮੁਲਜ਼ਮ ਆਪਣੇ ਗ੍ਰਿਫ਼ਤਾਰੀ ਤੋਂ ਬਚਨ ਲਈ ਈਡੀ ਦੀ ਗ੍ਰਿਫ਼ਤ ਤੋਂ ਬਾਹਰ ਹਨ। ਇਨ੍ਹਾਂ ਮੁਲਜ਼ਮਾਂ ਨੇ ਆਪੋ ਆਪਣੇ ਵਕੀਲਾਂ ਰਾਹੀਂ ਸੀਬੀਆਈ ਦੇ ਵਿਸ਼ੇਸ਼ ਜੱਜ ਐਸਐਸ ਮਾਨ ਦੀ ਅਦਾਲਤ ਵਿੱਚ ਅਗਾੳਂੂ ਜ਼ਮਾਨਤ ਦੀਆਂ ਅਰਜ਼ੀਆਂ ਦਾਇਰ ਕੀਤੀਆਂ ਗਈਆਂ ਸਨ। ਅੱਜ ਖੁੱਲ੍ਹੀ ਅਦਾਲਤ ਵਿੱਚ ਸੁਣਵਾਈ ਮਗਰੋਂ ਜੱਜ ਮੁਲਜ਼ਮਾਂ ਦੀਆਂ ਅਰਜ਼ੀਆਂ ਰੱਦ ਕਰ ਦਿੱਤੀਆਂ ਹਨ।
ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮਾਂ ਨੇ ਆਪਣੀ ਅਰਜ਼ੀਆਂ ਵਿੱਚ ਖ਼ੁਦ ਨੂੰ ਬੇਕਸੂਰ ਦੱਸਦਿਆਂ ਅਦਾਲਤ ਨੂੰ ਕਿਹਾ ਕਿ ਉਨ੍ਹਾਂ ਨੇ ਕੋਈ ਗੁਨਾਹ ਨਹੀਂ ਕੀਤਾ ਹੈ ਅਤੇ ਫਿਰ ਵੀ ਉਹ ਅਦਾਲਤ ਵਿੱਚ ਪੇਸ਼ ਹੋਣ ਨੂੰ ਤਿਆਰ ਹਨ। ਮੁਲਜ਼ਮਾਂ ਅਨੁਸਾਰ ਜੇ ਉਹ ਅਦਾਲਤ ਵਿੱਚ ਪੇਸ਼ ਹੁੰਦੇ ਹਨ ਤਾਂ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਜਾਵੇਗੀ। ਜੱਜ ਨੇ ਮੁਲਜ਼ਮਾਂ ਦੀ ਇਸ ਦਲੀਲ ਨੂੰ ਗੈਰਵਾਜਬ ਮੰਨਦਿਆਂ ਉਨ੍ਹਾਂ ਦੀਆਂ ਜ਼ਮਾਨਤ ਦੀਆਂ ਅਰਜ਼ੀਆਂ ਰੱਦ ਕਰ ਦਿੱਤੀਆਂ।
ਉਧਰ, ਡਿਪਟੀ ਡਾਇਰੈਕਟਰ (ਈਡੀ) ਨਿਰੰਜਣ ਸਿੰਘ ਵੱਲੋਂ ਮੁਲਜ਼ਮਾਂ ਦੇ ਖ਼ਿਲਾਫ਼ ਤਿਆਰ ਕੀਤੇ 8400 ਪੰਨਿਆਂ ਦੇ ਸਪਲੀਮੈਂਟਰੀ ਚਲਾਨ ਵਿੱਚ ਨਸ਼ਾ ਤਸਕਰੀ ਅਤੇ ਮੁਲਜ਼ਮਾਂ ਵੱਲੋਂ ਦੇਸ਼-ਵਿਦੇਸ਼ ਵਿੱਚ ਬਣਾਈਆਂ ਜਾਇਦਾਦਾਂ ਦਾ ਵੇਰਵਾ ਦਿੱਤਾ ਹੈ। ਇਸ ਮਾਮਲੇ ਵਿੱਚ ਨਾਮਜ਼ਦ ਜਗਜੀਤ ਸਿੰਘ ਚਾਹਲ, ਉਸ ਦੇ ਭਰਾ ਪਰਮਜੀਤ ਸਿੰਘ ਚਾਹਲ ਵੱਲੋਂ ਅੱਠ ਕੰਪਨੀਆਂ ਬਣਾਉਣ ਅਤੇ ਮਹਿੰਗੀਆਂ ਕਾਰਾਂ ਖ਼ਰੀਦਣ ਦਾ ਖ਼ੁਲਾਸਾ ਕੀਤਾ ਗਿਆ ਹੈ।
ਸ੍ਰੀ ਸਰਾਓ ਨੇ ਦੱਸਿਆ ਕਿ ਬਨੂੜ ਥਾਣੇ ਵਿੱਚ ਦਰਜ ਡਰੱਗ ਤਸਕਰੀ ਮਾਮਲੇ ਵਿੱਚ ਜਗਦੀਸ਼ ਭੋਲਾ ਸਮੇਤ ਹੋਰ ਵੱਖ ਵੱਖ ਮੁਲਾਜ਼ਮਾਂ ਦੇ ਖ਼ਿਲਾਫ਼ ਇੱਕ ਮੇਨ ਚਲਾਨ ਅਤੇ ਚਾਰ ਸਪਲੀਮੈਂਟਰੀ ਚਲਾਨ ਪਹਿਲਾਂ ਹੀ ਪੇਸ਼ ਕੀਤੇ ਜਾ ਚੁੱਕੇ ਹਨ ਅਤੇ ਕੁੱਝ ਸਮਾਂ ਪਹਿਲਾਂ ਜਾਂਚ ਵਿੱਚ ਇਹ ਵੀ ਗੱਲ ਸਾਹਮਣੇ ਆਈ ਸੀ ਕਿ ਜਗਦੀਸ਼ ਭੋਲਾ ਨੇ ਐਨਆਰਆਈ ਜਸਵਿੰਦਰ ਸਿੰਘ ਦੇ ਨਾਂ ’ਤੇ ਕੈਨੇਡਾ ਵਿੱਚ ਜਾਇਦਾਦ ਬਣਾਈ ਹੈ। ਇਸ ਸਬੰਧੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਮੁਲਜ਼ਮ ਸੁਖਰਾਜ ਸਿੰਘ ਉਰਫ਼ ਰਾਜਾ ਦੇ ਰਾਹੀਂ ਭੋਲੇ ਨੇ ਵਿਦੇਸ਼ ਵਿੱਚ ਜਾਇਦਾਦ ਖਰੀਦਣ ਲਈ ਪੈਸਿਆਂ ਦਾ ਲੈਣ ਦੇਣ ਕੀਤਾ ਹੈ। ਮੁਲਜ਼ਮਾਂ ਨੇ ਕਰੀਬ ਇੱਕ ਅਰਬ (ਕੁਲੈਕਟਰ ਰੇਟ) ਦੀ ਜਾਇਦਾਦ ਬਣਾਈ ਹੈ। ਜਿਨ੍ਹਾਂ ’ਚੋਂ ਇਕੱਲੇ ਚਾਹਲ ਭਰਾਵਾਂ ਦੀ 52 ਕਰੋੜ ਤੋਂ ਉੱਪਰ ਹੈ। ਇਸ ਸਬੰਧੀ ਈਡੀ ਵੱਲੋਂ ਸਾਲ 2013 ਵਿੱਚ ਕੇਸ ਦਰਜ ਕੀਤਾ ਗਿਆ ਸੀ। ਚਲਾਨ ਵਿੱਚ ਅਵਿਨਾਸ਼ ਚੰਦਰ ਨੇ ਗਾਬਾ ਤੋਂ 45 ਲੱਖ ਰੁਪਏ, ਸਾਬਕਾ ਮੰਤਰੀ ਫਿਲੌਰ ਦੀ ਪਤਨੀ ਅਤੇ ਗਾਬਾ ਦੇ ਨਾਂ ’ਤੇ ਕੋਲਡ ਸਟੋਰ ਦਾ ਜ਼ਿਕਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪੁਲੀਸ ਨੇ ਚੁੰਨੀ ਲਾਲ ਗਾਬਾ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਮੁਲਜ਼ਮ ਕੋਲੋਂ ਮਿਲੀ ਇੱਕ ਡਾਇਰੀ ’ਚੋਂ ਇਸ ਗੱਲ ਦਾ ਖੁਲਾਸਾ ਹੋਇਆ ਸੀ ਕਿ ਇਸ ਗੋਰਖਧੰਦੇ ਵਿੱਚ ਕੌਣ ਕੌਣ ਲੋਕ ਸ਼ਾਮਲ ਹਨ। ਨਸ਼ਾ ਤਸਕਰਾਂ ਦੇ ਨਾਂਅ ਮੁਲਜ਼ਮ ਦੀ ਡਾਇਰੀ ਵਿੱਚ ਸ਼ਾਮਲ ਸਨ।

Load More Related Articles
Load More By Nabaz-e-Punjab
Load More In Court and Police

Check Also

ਨਸ਼ਾ ਤਸਕਰੀ ਮਾਮਲਾ: ‘ਸਰਕਾਰ ਜਿੰਨਾ ਮਰਜ਼ੀ ਧੱਕਾ ਕਰ ਲਵੇ ਮੇਰਾ ਮਨੋਬਲ ਨਹੀਂ ਤੋੜ ਸਕਦੀ’: ਮਜੀਠੀਆ

ਨਸ਼ਾ ਤਸਕਰੀ ਮਾਮਲਾ: ‘ਸਰਕਾਰ ਜਿੰਨਾ ਮਰਜ਼ੀ ਧੱਕਾ ਕਰ ਲਵੇ ਮੇਰਾ ਮਨੋਬਲ ਨਹੀਂ ਤੋੜ ਸਕਦੀ’: ਮਜੀਠੀਆ ਮੁਹਾਲੀ ਅਦ…