Share on Facebook Share on Twitter Share on Google+ Share on Pinterest Share on Linkedin ਸਾਬਕਾ ਮੰਤਰੀ ਸਿੱਧੂ ਨੇ ਕਾਂਗਰਸ ਸਮਰਥਕਾਂ ’ਤੇ ਫਾਇਰਿੰਗ ਮਾਮਲੇ ਦੀ ਸੀਬੀਆਈ ਜਾਂਚ ਮੰਗੀ ਜੇ ਮੇਰੇ ਪਰਿਵਾਰ ਜਾਂ ਸਮਰਥਕ ਦਾ ਕੋਈ ਨੁਕਸਾਨ ਹੋਇਆ ਤਾਂ ਕੁਲਵੰਤ ਸਿੰਘ ਤੇ ਸਰਕਾਰ ਹੋਵੇਗੀ ਜ਼ਿੰਮੇਵਾਰ: ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਮਾਰਚ: ਸਾਬਕਾ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਸਾਬਕਾ ਵਿਧਾਇਕ ਮੋਹਾਲੀ ਨੇ ਅੱਜ ਆਮ ਆਦਮੀ ਪਾਰਟੀ ਦੇ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਉੱਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਕੁਲਵੰਤ ਸਿੰਘ ਦੇ ਇਸ਼ਾਰੇ ਤੇ ਨਾ ਸਿਰਫ਼ ਉਨ੍ਹਾਂ ਦੇ ਸਮਰਥਕਾਂ ਨੂੰ ਮੁਹਾਲੀ ਵਿੱਚ ਕੁੱਟਿਆ ਮਾਰਿਆ ਜਾ ਰਿਹਾ ਹੈ ਸਗੋਂ ਉਨ੍ਹਾਂ ਉੱਤੇ ਝੂਠੇ ਪੁਲੀਸ ਮਾਮਲੇ ਵੀ ਦਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਕੁੰਭੜਾ ਵਿੱਚ ਉਨ੍ਹਾਂ ਦੇ ਸਮਰਥਕਾਂ ਨਾਲ ਕੁੱਟਮਾਰ ਕੀਤੀ ਗਈ ਪਰ ਪੁਲਸ ਨੇ ਕੋਈ ਕਾਰਵਾਈ ਨਹੀਂ ਕੀਤੀ ਅਤੇ ਸਫੀਪੁਰ ਵਿਖੇ ਸਰਪੰਚ ਦੇ ਸਮਰਥਕ ਨੂੰ ਬੰਦ ਕਰਕੇ ਕੁੱਟਿਆ ਗਿਆ ਅਤੇ ਉਲਟਾ ਸਰਪੰਚ ਅਤੇ ਉਸਦੇ ਸਾਥੀਆਂ ਖ਼ਿਲਾਫ਼ ਪੁਲਸ ਨੇ ਪਰਚਾ ਦਰਜ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਉਨ੍ਹਾਂ ਦੇ ਦੋਸਤਾਂ ਦੇ ਇਕ ਹੋਟਲ ‘‘ਬਰੂ ਬਰਾਸ‘‘ ਉਤੇ ਮੋਟਰਸਾਈਕਲ ਸਵਾਰਾਂ ਵੱਲੋਂ ਫਾਇਰਿੰਗ ਕੀਤੀ ਗਈ ਅਤੇ ਵਿਧਾਇਕ ਕੁਲਵੰਤ ਸਿੰਘ ਦੀ ਗੱਡੀ ਵੀ ਰਾਤ ਨੂੰ ਉੱਥੇ ਚੱਕਰ ਮਾਰਦੀ ਵੇਖੀ ਗਈ ਪਰ ਪੁਲਸ ਨੇ ਇਸ ਕਾਰ ਦੇ ਚਾਲਕਾਂ ਨੂੰ ਕਲੀਨ ਚਿੱਟ ਦੇ ਦਿੱਤੀ ਅਤੇ ਹੋਟਲ ਦੇ ਕਰਮਚਾਰੀਆਂ ਦੇ ਬਿਆਨ ਤੱਕ ਨਹੀਂ ਲਏ ਗਏ। ਉਨ੍ਹਾਂ ਕਿਹਾ ਕਿ ਕੁਲਵੰਤ ਸਿੰਘ ਅਤੇ ਉਨ੍ਹਾਂ ਦੇ ਸਮਰਥਕ ਮੁਹਾਲੀ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੇ ਹਨ ਅਤੇ ਸਿਆਸੀ ਕਿੜਾਂ ਕੱਢਣ ਲਈ ਉਨ੍ਹਾਂ ਦੇ ਸਮਰਥਕਾਂ ਦੀ ਕੁੱਟਮਾਰ ਦੇ ਨਾਲ ਨਾਲ ਨਾਜਾਇਜ਼ ਮਾਮਲੇ ਦਰਜ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਇਸ ਦੇ ਖ਼ਿਲਾਫ਼ ਮਨੁੱਖੀ ਅਧਿਕਾਰ ਕਮਿਸ਼ਨ ਅਤੇ ਅਦਾਲਤ ਦਾ ਬੂਹਾ ਵੀ ਖੜਕਾਉਣ ਜਾ ਰਹੇ ਹਨ ਅਤੇ ਜੇਕਰ ਪੁਲਸ ਨੇ ਕੋਈ ਕਾਰਵਾਈ ਨਾ ਕੀਤੀ ਤਾਂ ਉਹ ਲਾਂਡਰਾਂ ਚੌਕ ਅਤੇ ਖਰੜ ਚੌਕ ਤੇ ਜਾਮ ਲਗਾਉਣਗੇ ਜਿਸ ਦੀ ਸਾਰੀ ਜ਼ਿੰਮੇਵਾਰੀ ਪੁਲਸ ਅਤੇ ਪ੍ਰਸ਼ਾਸਨ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਮੌਜੂਦਾ ਵਿਧਾਇਕ ਕੁਲਵੰਤ ਸਿੰਘ ਤੋਂ ਜਾਨ ਦਾ ਖਤਰਾ ਹੈ ਅਤੇ ਜੇਕਰ ਉਨ੍ਹਾਂ ਦੇ ਪਰਿਵਾਰ ਜਾਂ ਸਮਰਥਕਾਂ ਦਾ ਕੋਈ ਵੀ ਨੁਕਸਾਨ ਹੁੰਦਾ ਹੈ ਤੇ ਇਸ ਵਾਸਤੇ ਕੁਲਵੰਤ ਸਿੰਘ ਅਤੇ ਆਪ ਸਰਕਾਰ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਇੱਥੇ ਪਿਛਲੇ 15 ਸਾਲ ਵਿਧਾਇਕ ਰਹੇ ਹਨ ਅਤੇ ਪਿਛਲੇ 30 ਸਾਲਾਂ ਤੋਂ ਇਲਾਕੇ ਵਿਚ ਸੇਵਾ ਕਰ ਰਹੇ ਹਨ ਅਤੇ ਲੋਕ ਸਭਾ ਸਮੇਤ ਪੰਚਾਇਤੀ ਅਤੇ ਨਗਰ ਨਿਗਮ ਦੀਆਂ ਚੋਣਾਂ ਵੀ ਲੜੀਆਂ ਹਨ ਪਰ ਉਨ੍ਹਾਂ ਨੇ ਕਦੇ ਕਿਸੇ ਪਾਰਟੀ ਦੇ ਸਮਰਥਕਾਂ ਉੱਤੇ ਬਦਲਾਲਊ ਕਾਰਵਾਈ ਨਾ ਕੀਤੀ ਨਾ ਹੋਣ ਦਿੱਤੀ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਜਿੱਤ ਤੋਂ ਬਾਅਦ ਇਹ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਸਮਰਥਕ ਉਨ੍ਹਾਂ ਦੇ ਕੌਂਸਲਰਾਂ ਦੇ ਘਰ ਦੇ ਬਾਹਰ ਰਾਤ ਤਿੰਨ ਵਜੇ ਤਕ ਪਟਾਕੇ ਚਲਾਉਂਦੇ ਰਹੇ ਪਰ ਪੁਲਸ ਨੇ ਕੋਈ ਕਾਰਵਾਈ ਨਾ ਕੀਤੀ। ਉਨ੍ਹਾਂ ਕਿਹਾ ਕਿ ਇਕ ਪਾਸੇ ਜਦੋਂ ਭਗਵੰਤ ਮਾਨ ਮੁੱਖ ਮੰਤਰੀ ਦੀ ਸਹੁੰ ਚੁੱਕ ਰਹੇ ਸਨ ਅਤੇ ਵਿਧਾਇਕਾਂ ਨੇ ਹਾਲੇ ਸਹੁੰ ਨਹੀਂ ਚੁੱਕੀ ਸੀ ਤਾਂ ਕਾਂਗਰਸ ਪਾਰਟੀ ਦੇ ਸਮਰਥਕਾਂ ਨਾਲ ਮੁਹਾਲੀ ਵਿੱਚ ਕੁੱਟਮਾਰ ਸ਼ੁਰੂ ਹੋ ਚੁੱਕੀ ਸੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਇਹ ਬਿਆਨ ਦਿੱਤਾ ਸੀ ਕਿ ਕਿਸੇ ਨਾਲ ਸਿਆਸੀ ਕਿੜਾਂ ਕੱਢਣ ਦੀ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ ਪਰ ਹੋ ਇਸ ਦੇ ਉਲਟ ਰਿਹਾ ਹੈ ਅਤੇ ਭਗਵੰਤ ਮਾਨ ਨੂੰ ਇਸ ਸੰਬੰਧੀ ਖੁਦ ਦਖ਼ਲਅੰਦਾਜ਼ੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦੇ ਸਮਰਥਕਾਂ ਨੂੰ ਗੈਂਗਸਟਰਾਂ ਦੇ ਧਮਕੀ ਭਰੇ ਫੋਨ ਆ ਰਹੇ ਹਨ ਪਰ ਉਨ੍ਹਾਂ ਨੂੰ ਇੰਜ ਲੱਗਦਾ ਹੈ ਕਿ ਇਹ ਫੋਨ ਗੈਂਗਸਟਰਾਂ ਵੱਲੋਂ ਨਹੀਂ ਸਗੋਂ ਆਮ ਆਦਮੀ ਪਾਰਟੀ ਵਿਧਾਇਕ ਕੁਲਵੰਤ ਸਿੰਘ ਦੇ ਇਸ਼ਾਰੇ ਤੇ ਕੀਤੇ ਜਾ ਰਹੇ ਹਨ। ਪਿੰਡ ਕੁੰਭੜਾ ਦੀ ਮਿਸਾਲ ਦਿੰਦਿਆਂ ਕਿਹਾ ਕਿ ਇੱਥੋਂ ਦੇ ਕੁਝ ਨੌਜਵਾਨ ਚੋਣਾਂ ਵੇਲੇ ਕਾਂਗਰਸ ਪਾਰਟੀ ਦੀ ਹਮਾਇਤ ਤੇ ਸਨ ਤੇ ਇੱਥੋਂ ਦੇ ਆਮ ਆਦਮੀ ਪਾਰਟੀ ਦੇ ਕੌਂਸਲਰ ਅਤੇ ਸਮਰਥਕਾਂ ਨੇ ਉਨ੍ਹਾਂ ਦੀ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਨੌਜਵਾਨ ਪੁਲਸ ਥਾਣੇ ਗਏ ਤੇ ਇਸ ਦੀ ਸ਼ਿਕਾਇਤ ਦਿੱਤੀ ਪਰ ਉਸ ਉੱਤੇ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪਿੰਡ ਸਫੀਪੁਰ ਦੇ ਸਰਪੰਚ ਰਮਨਦੀਪ ਸਿੰਘ ਦੇ ਇਕ ਸਮਰਥਕ ਨੂੰ ਇੱਥੋਂ ਦੇ ਆਮ ਆਦਮੀ ਪਾਰਟੀ ਸਮਰਥਕਾਂ ਨੇ ਬੰਨ੍ਹ ਕੇ ਕੁੱਟਿਆ ਮਾਰਿਆ ਅਤੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਪਰ ਉਲਟਾ ਪੁਲਸ ਸਰਪੰਚ ਦੇ ਇਸ ਸਮਰਥਕ ਨੂੰ ਫੜ ਕੇ ਲੈ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਨੌਜਵਾਨ ਨੂੰ ਛੁਡਵਾਇਆ ਤੇ ਹਸਪਤਾਲ ਦਾਖਲ ਕਰਵਾਇਆ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ ਪਰ ਪੁਲਸ ਨੇ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕੀ ਕਾਰਵਾਈ ਕਰਨੀ ਸੀ ਉਲਟਾ ਸਰਪੰਚ ਅਤੇ ਉਸ ਦੇ ਰਿਸ਼ਤੇਦਾਰਾਂ ਦੇ ਖ਼ਿਲਾਫ਼ ਪਰਚਾ ਦਰਜ ਕਰ ਦਿੱਤਾ। ਉਨ੍ਹਾਂ ਹੈਰਾਨੀ ਜ਼ਾਹਰ ਕੀਤੀ ਕਿ ਕਾਂਗਰਸ ਪਾਰਟੀ ਨੇ ਪੰਜ ਸਾਲ ਰਾਜ ਕੀਤਾ ਹੈ ਅਤੇ ਕਾਂਗਰਸ ਪਾਰਟੀ ਵੱਲੋਂ ਲਵਾਏ ਗਏ ਪੁਲਸ ਅਧਿਕਾਰੀ ਗਿਰਗਿਟ ਵਾਂਗ ਰੰਗ ਬਦਲ ਗਏ ਹਨ ਅਤੇ ਮੌਜੂਦਾ ਵਿਧਾਇਕ ਦੇ ਇਸ਼ਾਰੇ ਤੇ ਕਾਂਗਰਸ ਪਾਰਟੀ ਦੇ ਸਮਰਥਕਾਂ ਖ਼ਿਲਾਫ਼ ਕਾਰਵਾਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਪੁਲਸ ਅਧਿਕਾਰੀਆਂ ਦੇ ਖ਼ਿਲਾਫ਼ ਅਦਾਲਤ ਵਿੱਚ ਕੇਸ ਦਾਇਰ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਵਿਧਾਇਕ ਕੁਲਵੰਤ ਸਿੰਘ ਅਤੇ ਉਸ ਦੇ ਸਮਰਥਕ ਇਹ ਸੋਚਦੇ ਹਨ ਕਿ ਇਸ ਤਰ੍ਹਾਂ ਕਾਂਗਰਸ ਪਾਰਟੀ ਦੇ ਸਮਰਥਕਾਂ ਉਤੇ ਹਮਲੇ ਕਰ ਕੇ ਉਨ੍ਹਾਂ ਨੂੰ ਡਰਾਇਆ ਜਾ ਸਕਦਾ ਹੈ ਤਾਂ ਉਹ ਇੱਥੇ ਕਾਂਗਰਸ ਪਾਰਟੀ ਦੇ ਵਰਕਰ ਇਸ ਤੋਂ ਡਰਨ ਵਾਲੇ ਨਹੀਂ ਹਨ ਅਤੇ ਇਸ ਦਾ ਖੁਦ ਜੁਆਬ ਦੇਣਾ ਵੀ ਜਾਣਦੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਤਿੰਨ ਦਿਨਾਂ ਦੇ ਅੰਦਰ ਪੁਲਸ ਨੇ ਇਨ੍ਹਾਂ ਮਾਮਲਿਆਂ ਸਬੰਧੀ ਢੁੱਕਵੀਂ ਕਾਰਵਾਈ ਨਾ ਕੀਤੀ ਤਾਂ ਉਹ ਤੇ ਸਮੁੱਚੀ ਕਾਂਗਰਸ ਪਾਰਟੀ ਇਸ ਦੇ ਖ਼ਿਲਾਫ਼ ਲਾਂਡਰਾਂ ਚੌਂਕ ਅਤੇ ਖਰੜ ਚੌਕ ਤੇ ਧਰਨਾ ਲਗਾ ਕੇ ਸੜਕ ਜਾਮ ਕਰਨਗੇ ਜਿਸ ਦੀ ਜ਼ਿੰਮੇਵਾਰੀ ਪੁਲਸ ਅਤੇ ਪ੍ਰਸ਼ਾਸਨ ਦੀ ਹੋਵੇਗੀ। ਉਨ੍ਹਾਂ ਇਹ ਵੀ ਮੰਗ ਕੀਤੀ ਤੇ ਇਨ੍ਹਾਂ ਸਮੁੱਚੇ ਮਾਮਲਿਆਂ ਦੀ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਕੰਵਰਬੀਰ ਸਿੰਘ ਰੂਬੀ ਸਿੱਧੂ, ਕਮਲਪ੍ਰੀਤ ਸਿੰਘ ਬੰਨੀ, ਦਵਿੰਦਰ ਵਾਲੀਆ, ਬਲਜੀਤ ਕੌਰ, ਰੁਪਿੰਦਰ ਕੌਰ ਰੀਨਾ, ਅਨੁਰਾਧਾ ਆਨੰਦ, ਵਿਨੀਤ ਮਲਿਕ, ਸੁੱਚਾ ਸਿੰਘ ਕਲੌੜ, ਐੱਨਐੱਸ ਸਿੱਧੂ (ਸਾਰੇ ਕੌਂਸਲਰ), ਵਿਕਟਰ ਨਿਹੋਲਕਾ, ਗੁਰਚਰਨ ਸਿੰਘ ਭਮਰਾ, ਜਤਿੰਦਰ ਆਨੰਦ ਟਿੰਕੂ, ਭਗਤ ਸਿੰਘ ਨਾਮਧਾਰੀ, ਕੁੰਭੜਾ ਤੋਂ ਰਾਜੇਸ਼ ਲਖੋਤਰਾ, ਸਫੀਪੁਰਾ ਦੇ ਸਰਪੰਚ ਰਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਵਰਕਰ ਤੇ ਅਹੁਦੇਦਾਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ