
ਮੁਹਾਲੀ ਵਿੱਚ ਕਰੋਨਾਵਾਇਰਸ ਤੋਂ ਪੀੜਤ ਚਾਰ ਹੋਰ ਨਵੇਂ ਮਾਮਲੇ ਸਾਹਮਣੇ ਆਏ
ਸਿਹਤ ਵਿਭਾਗ ਨੇ ਅੱਜ 171 ਹੋਰ ਸ਼ੱਕੀ ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੂਨ:
ਮੁਹਾਲੀ ਵਿੱਚ ਫਿਰ ਤੋਂ ਕਰੋਨਾਵਾਇਰਸ ਦੀ ਮਹਾਮਾਰੀ ਦਾ ਪ੍ਰਕੋਪ ਵਧਣਾ ਸ਼ੁਰੂ ਹੋ ਗਿਆ ਹੈ। ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਚਾਰ ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਕੁਝ ਦਿਨ ਪਹਿਲਾਂ ਕਰੋਨਾ ਮੁਕਤ ਐਲਾਨੇ ਜਾ ਚੁੱਕੇ ਮੁਹਾਲੀ ਜ਼ਿਲ੍ਹੇ ਵਿੱਚ ਹੁਣ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 127 ਤੱਕ ਪਹੁੰਚ ਗਈ ਹੈ। ਜਿਨ੍ਹਾਂ ’ਚੋਂ 17 ਨਵੇਂ ਕੇਸ ਐਕਟਿਵ ਹਨ। ਦੁਬਾਰਾ ਨਵੇਂ ਕੇਸ ਆਉਣ ਨਾਲ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਹਰਕਤ ਵਿੱਚ ਆ ਗਿਆ ਹੈ।
ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਬਰਾੜ ਨੇ ਦੱਸਿਆ ਕਿ ਇੱਥੋਂ ਦੇ ਸੈਕਟਰ-78 ਦੇ ਵਸਨੀਕ ਜਗਪ੍ਰੀਤ ਸਿੰਘ (35) ਜੋ ਪਿਛਲੇ ਦਿਨੀਂ ਕਰੋਨਾ ਤੋਂ ਪੀੜਤ ਪਾਏ ਗਏ ਸੀ। ਅੱਜ ਉਸ ਦੀ ਪਤਨੀ ਅਮਿਤੋਜ ਕੌਰ (34), ਪਿਤਾ ਜਸਬੀਰ ਸਿੰਘ (66) ਅਤੇ ਮਾਂ ਰਵਿੰਦਰ ਕੌਰ (61) ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਜਦੋਂਕਿ ਸੈਕਟਰ-70 ਦੇ ਵਸਨੀਕ ਪ੍ਰਵੇਸ ਕੋਹਲੀ (61) ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਉਹ ਕਈ ਦਿਨਾਂ ਤੋਂ ਤੇਜ਼ ਬੁਖ਼ਾਰ ਤੋਂ ਪੀੜਤ ਸੀ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਜਗਪ੍ਰੀਤ ਸਿੰਘ ਆਪਣੇ ਭਰਾ ਨਾਲ ਦਿੱਲੀ ਜਾ ਕੇ ਆਇਆ ਹੈ। ਵਾਪਸੀ ’ਤੇ ਉਨ੍ਹਾਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਸੀ। ਜਗਪ੍ਰੀਤ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਸ ਦੇ ਮਾਤਾ-ਪਿਤਾ ਅਤੇ ਪਤਨੀ ਵੀ ਇਸ ਬਿਮਾਰੀ ਦੇ ਲਪੇਟੇ ਵਿੱਚ ਆ ਗਏ ਹਨ ਜਦੋਂਕਿ ਉਸ ਦੇ ਭਰਾ ਸਮੇਤ ਦਰਜਨ ਦੇ ਕਰੀਬ ਗੁਆਂਢੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਨ੍ਹਾਂ ਸਾਰੇ ਵਿਅਕਤੀਆਂ ਨੂੰ ਸਾਵਧਾਨੀ ਵਜੋਂ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਅੱਜ ਮੁਹਾਲੀ ਸਮੇਤ ਹੋਰ ਵੱਖ-ਵੱਖ ਫਲੂ ਕਾਰਨਰਾਂ ਤੋਂ 171 ਹੋਰ ਸ਼ੱਕੀ ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਹੁਣ ਤੱਕ 127 ਪੀੜਤ ਮਰੀਜ਼ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ’ਚੋਂ ਤਿੰਨ ਮਰੀਜ਼ਾਂ ਵਿਜੇ ਕੁਮਾਰ ਜ਼ੀਰਕਪੁਰ, ਓਮ ਪ੍ਰਕਾਸ਼ ਨਵਾਂ ਗਾਉਂ ਅਤੇ ਰਾਜ ਕੁਮਾਰੀ ਖਰੜ ਦੀ ਮੌਤ ਹੋ ਚੁੱਕੀ ਹੈ ਅਤੇ 107 ਮਰੀਜ਼ ਕਰੋਨਾ ਨੂੰ ਮਾਤ ਦੇਣ ਵਿੱਚ ਸਫਲ ਰਹੇ ਹਨ। ਇਸ ਸਮੇਂ ਮੁਹਾਲੀ ਵਿੱਚ 17 ਕੇਸ ਐਕਟਿਵ ਹੋ ਗਏ ਹਨ। ਇਹ ਸਾਰੇ ਪੀੜਤ ਮਰੀਜ਼ ਬਨੂੜ ਨੇੜਲੇ ਗਿਆਨ ਸਾਗਰ ਹਸਪਤਾਲ ਵਿੱਚ ਦਾਖ਼ਲ ਹਨ ਅਤੇ ਇਨ੍ਹਾਂ ਸਾਰਿਆਂ ਦੀ ਹਾਲਤ ਠੀਕ ਹੈ। ਇਸੇ ਦੌਰਾਨ ਡੇਰਾਬੱਸੀ ਦਾ ਇਕ ਐਨਆਰਆਈ ਸੁਰੇਸ਼ ਕੁਮਾਰ (33) ਨੂੰ ਠੀਕ ਹੋਣ ਉਪਰੰਤ ਅੱਜ ਹਸਪਤਾਲ ’ਚੋਂ ਛੁੱਟੀ ਮਿਲੀ ਗਈ ਹੈ।