
ਚੌਥਾ ਦਰਜਾ ਕਰਮਚਾਰੀ ਯੂਨੀਅਨ ਵੱਲੋਂ ਨਗਰ ਨਿਗਮ ਦੇ ਬਾਹਰ ਧਰਨਾ, ਨਾਅਰੇਬਾਜ਼ੀ
ਸਫ਼ਾਈ ਕਾਮਿਆਂ ਨੇ ਅਧਿਕਾਰੀਆਂ ਤੇ ਠੇਕੇਦਾਰ ’ਤੇ ਲਾਇਆ ਸ਼ੋਸ਼ਣ ਕਰਨ ਦਾ ਦੋਸ਼
‘ਆਪ’ ਦੇ ਸੀਨੀਅਰ ਆਗੂ ਬੱਬੀ ਬਾਦਲ ਨੇ ਸਫ਼ਾਈ ਕਾਮਿਆਂ ਦੇ ਹੱਕ ’ਚ ਮਾਰਿਆ ਹਾਅ ਦਾ ਨਾਅਰਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਮਾਰਚ:
ਮੁਹਾਲੀ ਨਗਰ ਨਿਗਮ ਦੇ ਅਧਿਕਾਰੀਆਂ ਦੀ ਅਣਦੇਖੀ ਅਤੇ ਠੇਕੇਦਾਰ ਦੀਆਂ ਮਨਮਾਨੀਆਂ ਵਿਰੁੱਧ ਚੌਥਾ ਦਰਜਾ ਕਰਮਚਾਰੀ ਯੂਨੀਅਨ ਦੇ ਮੈਂਬਰ ਸੜਕਾਂ ’ਤੇ ਉਤਰ ਆਏ ਹਨ। ਅੱਜ ਇਨ੍ਹਾਂ ਪੀੜਤ ਸਫ਼ਾਈ ਕਾਮਿਆਂ ਨੇ ਯੂਨੀਅਨ ਦੇ ਚੇਅਰਮੈਨ ਕਰਮਬੀਰ, ਪ੍ਰਧਾਨ ਜਗਬੀਰ ਸਿੰਘ ਅਤੇ ਜਨਰਲ ਸਕੱਤਰ ਧਨੰਜੇ ਕੁਮਾਰ ਦੀ ਅਗਵਾਈ ਹੇਠ ਨਗਰ ਨਿਗਮ ਭਵਨ ਦੇ ਬਾਹਰ ਵਿਸ਼ਾਲ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ।
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਸਫ਼ਾਈ ਕਾਮਿਆਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਧਰਨੇ ’ਤੇ ਬੈਠ ਗਏ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨਾਲ ਮਿਲ ਕੇ ਠੇਕੇਦਾਰ ਗਰੀਬ ਵਰਗ ਨਾਲ ਸਬੰਧਤ ਇਨ੍ਹਾਂ ਪੀੜਤ ਮੁਲਾਜ਼ਮਾਂ ਦਾ 77 ਲੱਖ ਰੁਪਏ ਦਾ ਪੀਐਫ਼ ਫੰਡ ਖਾ ਗਿਆ ਹੈ ਅਤੇ ਸਫ਼ਾਈ ਕਾਮਿਆਂ ਨੂੰ ਤਨਖ਼ਾਹ ਸਲਿਪ ਵੀ ਨਹੀਂ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਇੱਕ ਕਾਂਗਰਸੀ ਕੌਂਸਲਰ ਦਾ ਨਾਮ ਸਾਹਮਣੇ ਆ ਰਿਹਾ ਹੈ। ਜਿਸ ਦੀ ਭੂਮਿਕਾ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਤੋਂ ‘ਆਪ’ ਦੇ ਵਿਧਾਇਕ ਕੁਲਵੰਤ ਸਿੰਘ ਰਾਹੀਂ ਇਹ ਮਾਮਲਾ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਅਤੇ ਪਿਛਲੇ ਸਮੇਂ ਦੌਰਾਨ ਹੋਈਆਂ ਧਾਂਦਲੀਆਂ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਗਰੀਬਾਂ ਦਾ ਲਹੂ ਪੀਣ ਵਾਲਿਆਂ ਦੀ ਪਛਾਣ ਕਰਕੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਕਸੂਰਵਾਰਾਂ ਵਿਰੁੱਧ ਪੁਲੀਸ ਕੇਸ ਦਰਜ ਕਰਵਾਏ ਜਾਣਗੇ।
ਸਫ਼ਾਈ ਕਰਮਚਾਰੀ ਯੂਨੀਅਨ ਦੇ ਜਨਰਲ ਸਕੱਤਰ ਧਨੰਜੇ ਕੁਮਾਰ ਨੇ ਕਿਹਾ ਕਿ ਠੇਕੇਦਾਰ ਤੇ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਕਾਰਨ ਸਫ਼ਾਈ ਕਾਮਿਆਂ ਦਾ ਲਗਾਤਾਰ ਸ਼ੋਸ਼ਣ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ 2017 ਤੋਂ ਲੈ ਕੇ ਹੁਣ ਤੱਕ ਉਨ੍ਹਾਂ ਦਾ ਪੀਐਫ਼ ਫੰਡ ਨਹੀਂ ਕੱਟਿਆ ਗਿਆ। ਇਸ ਸਬੰਧੀ ਉਹ ਕਈ ਵਾਰ ਨਿਗਮ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ ਪ੍ਰੰਤੂ ਅਧਿਕਾਰੀ ਉਨ੍ਹਾਂ ਨੂੰ ਮੀਟਿੰਗ ਵਿੱਚ ਬੈਠ ਕੇ ਇੰਤਜ਼ਾਰ ਕਰਨ ਲਈ ਕਹਿ ਪਿੱਛੋਂ ਦਫ਼ਤਰ ’ਚੋਂ ਨਿਕਲ ਜਾਂਦੇ ਹਨ। ਜਿਸ ਕਾਰਨ ਉਨ੍ਹਾਂ ਨੂੰ ਧਰਨੇ ’ਤੇ ਬੈਠਣ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਮੰਗ ਕੀਤੀ ਕਿ ਠੇਕੇਦਾਰੀ ਪ੍ਰਥਾ ਖ਼ਤਮ ਕਰਕੇ ਸਫ਼ਾਈ ਕਾਮਿਆਂ ਨੂੰ ਰੈਗੂਲਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਨਿਗਮ ਪ੍ਰਸ਼ਾਸਨ ਨੇ ਉਨ੍ਹਾਂ ਦੀ ਬਾਂਹ ਨਹੀਂ ਫੜੀ ਤਾਂ ਉਹ ਸ਼ਹਿਰ ਦੇ ਪਬਲਿਕ ਪਖਾਨਿਆਂ ਦੀ ਸਫ਼ਾਈ ਦਾ ਕੰਮ ਬੰਦ ਕਰਕੇ ਲੜੀਵਾਰ ਧਰਨਾ ਅਤੇ ਭੁੱਖ ਹੜਤਾਲ ਸ਼ੁਰੂ ਕਰਨਗੇ। ਇਸ ਮੌਕੇ ਰਵੀ ਕੁਮਾਰ, ਚੰਚਲ ਕੁਮਾਰ, ਕੁਲਵੰਤ ਕੌਰ, ਨੰਨਿਆਂ, ਜਸਬੀਰ ਸਿੰਘ, ਸੰਜੇ ਕੁਮਾਰ, ਯੂਥ ਆਗੂ ਜਗਤਾਰ ਸਿੰਘ ਘੜੂੰਆਂ ਵੀ ਹਾਜ਼ਰ ਸਨ।
ਉਧਰ, ਇਸ ਸਬੰਧੀ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਸਫ਼ਾਈ ਕਾਮਿਆਂ ਦੀ ਬਿਲਕੁਲ ਵੀ ਅਣਦਖੀ ਨਹੀਂ ਹੋ ਰਹੀ ਹੈ। ਪਹਿਲੀ ਗੱਲ ਇਹ ਠੇਕੇਦਾਰ ਅਧੀਨ ਕੰਮ ਕਰਦੇ ਹਨ, ਦੂਜਾ ਇਸ ਤੋਂ ਪਹਿਲਾਂ ਕਦੇ ਉਹ ਮੇਅਰ ਜਾਂ ਉਨ੍ਹਾਂ ਨੂੰ ਨਹੀਂ ਮਿਲੇ ਹਨ। ਉਨ੍ਹਾਂ ਕਿਹਾ ਕਿ ਠੇਕੇਦਾਰ ਨੂੰ ਹਦਾਇਤ ਕੀਤੀ ਗਈ ਹੈ ਕਿ ਧਰਨੇ ’ਤੇ ਸਫ਼ਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਜਲਦੀ ਹੱਲ ਕੀਤੀਆਂ ਜਾਣ। ਇਸ ਸਬੰਧੀ ਠੇਕੇਦਾਰ ਨੇ 5 ਦਿਨ ਦੀ ਮੋਹਲਤ ਮੰਗੀ ਹੈ। ਉਧਰ, ਠੇਕੇਦਾਰ ਨੇ ਨਿਗਮ ਪ੍ਰਸ਼ਾਸਨ ਨੂੰ ਦੱਸਿਆ ਕਿ ਸਫ਼ਾਈ ਕਾਮਿਆਂ ਦਾ ਪੀਐਫ਼ ਜਮ੍ਹਾਂ ਹੋ ਚੁੱਕਾ ਹੈ। ਸ੍ਰੀ ਬੇਦੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਠੇਕੇਦਾਰ ਦੀ ਜ਼ਿੰਮੇਵਾਰੀ ਤੈਅ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜੇਕਰ ਠੇਕੇਦਾਰ ਕਸੂਰਵਾਰ ਪਾਇਆ ਗਿਆ ਤਾਂ ਉਸ ਵਿਰੁੱਧ ਨਿਯਮਾਂ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ।