ਵਿਦੇਸ਼ ਭੇਜਣ ਤੇ ਨੌਕਰੀ ਲਗਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰੀ

ਮੁਹਾਲੀ ਪੁਲੀਸ ਵੱਲੋਂ ਚਾਰ ਇਮੀਗਰੇਸ਼ਨ ਕੰਪਨੀਆਂ ਦੇ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜੁਲਾਈ:
ਮੁਹਾਲੀ ਪੁਲੀਸ ਨੇ ਸ਼ਹਿਰ ਵਿੱਚ ਗੈਰ ਕਾਨੂੰਨੀ ਤਰੀਕੇ ਨਾਲ ਇਮੀਗਰੇਸ਼ਨ ਦਾ ਧੰਦਾ ਕਰਨ ਅਤੇ ਭੋਲੇ ਭਾਲੇ ਲੋਕਾਂ ਖਾਸ ਕਰਕੇ ਬੇਰੁਜ਼ਗਾਰ ਨੂੰ ਵਿਦੇਸ਼ਾਂ ਵਿੱਚ ਭੇਜਣ ਅਤੇ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਸੁਪਨੇ ਦਿਖਾਉਣ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ ਕਾਨੂੰਨ ਸ਼ਿਕੰਜਾ ਕੱਸ ਦਿੱਤਾ ਹੈ। ਇਸ ਸਬੰਧੀ ਇੱਥੋਂ ਦੇ ਫੇਜ਼-1 ਥਾਣੇ ਵਿੱਚ ਚਾਰ ਵੱਖ-ਵੱਖ ਇਮੀਗਰੇਸ਼ਨ ਕੰਪਨੀਆਂ ਦੇ ਪ੍ਰਬੰਧਕਾਂ ਖ਼ਿਲਾਫ਼ ਵੱਖ-ਵੱਖ ਮੁਕੱਦਮੇ ਦਰਜ ਕਰਕੇ ਜਾਂਚ ਆਰੰਭ ਦਿੱਤੀ ਹੈ। ਪੁਲੀਸ ਦੀਆਂ ਵੱਖ-ਵੱਖ ਟੀਮਾਂ ਨੇ ਇਨ੍ਹਾਂ ਮਾਮਲਿਆਂ ਵਿੱਚ ਨਾਮਜ਼ਦ ਵਿਅਕਤੀਆਂ ਦੀ ਭਾਲ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਫਿਲਹਾਲ ਸਾਰੇ ਮੁਲਜ਼ਮ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ।
ਇਹ ਜਾਣਕਾਰੀ ਦਿੰਦਿਆਂ ਫੇਜ਼-1 ਥਾਣੇ ਦੇ ਐਸਐਚਓ ਇੰਸਪੈਕਟਰ ਮਨਫੂਲ ਸਿੰਘ ਨੇ ਦੱਸਿਆ ਕਿ ਪੰਕਜ ਕੁਮਾਰ ਵਾਸੀ ਕੂਨਾ (ਹਮੀਰਪੁਰ) ਦੀ ਸ਼ਿਕਾਇਤ ’ਤੇ ਇੱਥੋਂ ਦੇ ਫੇਜ਼-5 ਸਥਿਤ ਬੈਸਟ ਵਾਇਆ ਕੰਸਲਟੈਂਸੀ ਦੇ ਮਾਲਕ ਰਾਜਬੀਰ ਸਿੰਘ ਵਾਸੀ ਪਿੰਡ ਚੋਟਲਾ ਖੁਰਦ (ਜ਼ਿਲ੍ਹਾ ਮੁਹਾਲੀ) ਦੇ ਖ਼ਿਲਾਫ਼ ਧਾਰਾ 406,420 ਅਤੇ 24 ਇਮੀਗਰੇਸ਼ਨ ਐਕਟ ਦੇ ਤਹਿਤ ਕੇਸ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲੀਸ ਅਨੁਸਾਰ ਮੁਲਜ਼ਮ ’ਤੇ ਪੀੜਤ ਵਿਅਕਤੀ ਨੂੰ ਆਸਟਰੇਲੀਆ ਵਿੱਚ ਨੌਕਰੀ ਲਗਾਉਣ ਦਾ ਝਾਂਸਾ ਦੇ ਕੇ ਉਨ੍ਹਾਂ ਤੋਂ 2 ਲੱਖ 71 ਹਜ਼ਾਰ 500 ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਹੈ। ਮੁਲਜ਼ਮ ਨੇ ਪੀੜਤ ਵਿਅਕਤੀ ਤੋਂ ਲੱਖਾਂ ਰੁਪਏ ਲੈ ਕੇ ਨਾ ਤਾਂ ਉਸ ਨੂੰ ਵਿਦੇਸ਼ ਵਿੱਚ ਨੌਕਰੀ ਲਗਵਾਈ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਮੋੜੇ।
ਇਸੇ ਤਰ੍ਹਾਂ ਜ਼ਿਲ੍ਹਾ ਮੁਹਾਲੀ ਦੇ ਪਿੰਡ ਦੇਵੀ ਨਗਰ (ਅਬਰਾਵਾਂ) ਦੇ ਵਸਨੀਕ ਜਸਵੀਰ ਸਿੰਘ ਦੀ ਸ਼ਿਕਾਇਤ ’ਤੇ ਇਮੀਗਰੇਸ਼ਨ ਕੰਪਨੀ ਦੇ ਮਾਲਕ ਸੰਦੀਪ ਸਿੰਘ ਵਾਸੀ ਕੈਲਸ਼ ਮਾਡਲ ਟਾਊਨ, ਅੰਬਾਲਾ ਦੇ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਸ਼ਿਕਾਇਤ ਕਰਤਾ ਨੇ ਦੋਸ਼ ਲਾਇਆ ਗਿਆ ਹੈ ਕਿ ਮੁਲਜ਼ਮ ਨੇ ਉਸ ਦੇ ਬੇਟੇ ਤੇਜਿੰਦਰ ਸਿੰਘ ਨੂੰ ਵਿਦੇਸ਼ੀ ਮੁਲਕ ਇਟਲੀ ਦਾ ਵੀਜ਼ਾ ਦਿਵਾਉਣ ਲਈ 6 ਲੱਖ ਰੁਪਏ ਦੀ ਠੱਗੀ ਮਾਰੀ ਹੈ।
ਇੰਜ ਹੀ ਪਿੰਡ ਸ਼ਾਹੀਮਾਜਰਾ (ਮੁਹਾਲੀ) ਦੇ ਵਸਨੀਕ ਵਿਸ਼ਾਲ ਪਠਾਣੀਆਂ ਦੀ ਸ਼ਿਕਾਇਤ ’ਤੇ ਮੋਹਿਤ ਕੁਮਾਰ ਵਾਸੀ ਸੈਕਟਰ-114 (ਲਾਂਡਰਾਂ) ਨਾਂ ਦੇ ਏਜੰਟ ਖ਼ਿਲਾਫ਼ ਧਾਰਾ 406, 420 ਅਤੇ 13 ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਦੇ ਤਹਿਤ ਫੇਜ਼-1 ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੇ ਪੀੜਤ ਵਿਅਕਤੀ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਉਸ ਤੋਂ 2 ਲੱਖ 53 ਹਜ਼ਾਰ 500 ਰੁਪਏ ਵਸੂਲ ਕੀਤੇ ਸੀ ਲੇਕਿਨ ਬਾਅਦ ਵਿੱਚ ਨਾ ਤਾਂ ਉਸ ਨੇ ਸ਼ਿਕਾਇਤ ਕਰਤਾ ਨੂੰ ਵਿਦੇਸ਼ ਹੀ ਭੇਜਿਆ ਅਤੇ ਨਾ ਹੀ ਉਨ੍ਹਾਂ ਦੇ ਪੈਸੇ ਵਾਪਸ ਮੋੜੇ ਹਨ।
ਥਾਣਾ ਮੁਖੀ ਨੇ ਦੱਸਿਆ ਕਿ ਚੌਥੇ ਮਾਮਲੇ ਵਿੱਚ ਪੰਕਜ ਬਾਂਸਲ ਵਾਸੀ ਕੁਰਾਲੀ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਕਰਨ ਕਪੂਰ ਵਾਸੀ ਫੇਜ਼-1 (ਮੁਹਾਲੀ) ਦੇ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੇ ਪੀੜਤ ਵਿਅਕਤੀ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਉਸ ਤੋਂ 60 ਹਜ਼ਾਰ ਰੁਪਏ ਪੇਸ਼ਗੀ ਰਕਮ ਲਈ ਸੀ ਲੇਕਿਨ ਬਾਅਦ ਵਿੱਚ ਉਸ ਨੂੰ ਵਿਦੇਸ਼ ਨਹੀਂ ਭੇਜਿਆ ਗਿਆ ਅਤੇ ਨਾ ਹੀ ਉਸ ਦੇ ਪੈਸੇ ਅਤੇ ਹੋਰ ਦਸਤਾਵੇਜ਼ ਵਾਪਸ ਮੋੜੇ ਗਏ ਹਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …