ਅੌਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਪੰਜਾਬ ਸਰਕਾਰ ਦਾ ਇਤਿਹਾਸਕ ਕਦਮ: ਬਲਬੀਰ ਸਿੱਧੂ

ਸਿਹਤ ਮੰਤਰੀ ਸਿੱਧੂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਅੌਰਤ ਮੁਸਾਫ਼ਰਾਂ ਦੀ ਪਹਿਲੀ ਬੱਸ ਨੂੰ ਦਿਖਾਈ ਹਰੀ ਝੰਡੀ

ਕਰੋਨਾ ਖ਼ਿਲਾਫ਼ ਜੰਗ ਵਿੱਚ ਸਰਕਾਰ, ਸਿਹਤ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਅਪਰੈਲ:
ਪੰਜਾਬ ਸਰਕਾਰ ਨੇ ਸੂਬੇ ਵਿੱਚ ਅੌਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦੇ ਕੇ ਇਤਿਹਾਸਕ ਕਦਮ ਚੁੱਕਿਆ ਹੈ। ਜਿਸ ਦਾ ਪੰਜਾਬ ਦੀਆਂ ਅੌਰਤਾਂ ਨੂੰ ਬਹੁਤ ਵੱਡਾ ਲਾਭ ਮਿਲੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਾਰਕਿੰਗ ’ਚੋਂ ਮੁਫ਼ਤ ਬੱਸ ਸਰਵਿਸ ਸਕੀਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਇਸ ਤੋਂ ਪਹਿਲਾਂ ਮੰਤਰੀ ਨੇ ਅੌਰਤ ਮੁਸਾਫ਼ਰਾਂ ਦੀ ਪਹਿਲੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅੌਰਤਾਂ ਦੀ ਬਿਹਤਰੀ ਲਈ ਅਨੇਕਾਂ ਕਦਮ ਚੁੱਕੇ ਹਨ। ਜਿਨ੍ਹਾਂ ਵਿੱਚ ਅੌਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ 50 ਫੀਸਦੀ ਰਾਖਵਾਂਕਰਨ ਦੇਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਜਿੰਨੀ ਤਰੱਕੀ ਅੌਰਤਾਂ ਕਰਦੀਆਂ ਹਨ, ਓਨੀ ਹੀ ਤਰੱਕੀ ਸਮਾਜ ਕਰਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਅੌਰਤਾਂ ਨੂੰ ਤਰੱਕੀ ਦੇ ਵੱਧ ਤੋਂ ਵੱਧ ਮੌਕੇ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਦੂਰਅੰਦੇਸ਼ੀ ਅਤੇ ਲੋਕਪੱਖੀ ਨੀਤੀਆਂ ਸਦਕਾ ਪੰਜਾਬ ਨੂੰ ਮਾੜੇ ਵਿੱਤੀ ਹਾਲਾਤ ’ਚੋਂ ਕੱਢ ਕੇ ਤਰੱਕੀ ਦੇ ਰਾਹ ਪਾਇਆ ਹੈ।
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਮਹਾਮਾਰੀ ਤੋਂ ਬਚਾਅ ਸਬੰਧੀ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਕਰੋਨਾ ਖ਼ਿਲਾਫ਼ ਜੰਗ ਵਿੱਚ ਅੱਗੇ ਹੋ ਕੇ ਸਰਕਾਰ, ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਵੀ ਪਾਬੰਦੀਆਂ ਲਗਾਈਆਂ ਗਈਆਂ ਹਨ, ਉਹ ਕਰੋਨਾ ਤੋਂ ਬਚਾਅ ਦੇ ਮੱਦੇਨਜ਼ਰ ਲੋਕਾਂ ਦੇ ਭਲੇ ਲਈ ਹਨ। ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਕੋਵਿਡ ਵੈਕਸੀਨੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਲੋਕ ਅੱਗੇ ਵੱਧ ਕੇ ਵੈਕਸੀਨੇਸ਼ਨ ਕਰਵਾਉਣ।
ਇਸ ਮੌਕੇ ਮੁਫ਼ਤ ਬੱਸ ਦੀ ਸੀਟ ’ਤੇ ਬੈਠੀ ਪਿੰਡ ਸੋਹਾਣਾ ਦੀ ਸਵਰਨ ਕੌਰ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਹੂਲਤ ਨਾਲ ਅੌਰਤਾਂ ਨੂੰ ਬਹੁਤ ਲਾਭ ਹੋਵੇਗਾ। ਮੁਹਾਲੀ ਵਾਸੀ ਸਿਮਰਜੀਤ ਕੌਰ ਨੇ ਸਰਕਾਰ ਦੀ ਇਸ ਫੈਸਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ, ਏਡੀਸੀ (ਵਿਕਾਸ) ਰਾਜੀਵ ਗੁਪਤਾ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਐਸਡੀਐਮ ਜਗਦੀਪ ਸਹਿਗਲ, ਆਰਟੀਏ ਸੁਖਵਿੰਦਰ ਕੁਮਾਰ, ਸੀਨੀਅਰ ਕਾਂਗਰਸ ਆਗੂ ਜੀਐਸ ਰਿਆੜ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਟਰੈਫ਼ਿਕ ਪੁਲੀਸ ਤੇ ਟਰਾਂਸਪੋਰਟ ਵਿਭਾਗ ਵੱਲੋਂ ਗੱਡੀਆਂ ਪਾਸ ਕਰਾਉਣ ਆਏ ਲੋਕਾਂ ਲਈ ਜਾਗਰੂਕਤਾ ਸੈਮੀਨਾਰ

ਟਰੈਫ਼ਿਕ ਪੁਲੀਸ ਤੇ ਟਰਾਂਸਪੋਰਟ ਵਿਭਾਗ ਵੱਲੋਂ ਗੱਡੀਆਂ ਪਾਸ ਕਰਾਉਣ ਆਏ ਲੋਕਾਂ ਲਈ ਜਾਗਰੂਕਤਾ ਸੈਮੀਨਾਰ ਨਬਜ਼-ਏ-…