
ਕਰੋਨਾ ਕਾਰਨ ਜਾਨਾਂ ਗਵਾਉਣ ਵਾਲੇ ਵਿਅਕਤੀਆਂ ਦੇ ਬੱਚਿਆਂ ਦੀ ਗਰੈਜੂਏਸ਼ਨ ਤੱਕ ਪੜ੍ਹਾਈ ਮੁਫ਼ਤ: ਡੀਸੀ
ਪੀੜਤ ਪਰਿਵਾਰ ਨੂੰ ਆਮਦਨ ਦੀ ਸ਼ਰਤ ਤੋਂ ਬਿਨਾਂ ਪੈਨਸ਼ਨ, ਸਰਬਤ ਸਿਹਤ ਬੀਮਾ ਯੋਜਨਾ, ਆਸ਼ੀਰਵਾਦ ਸਕੀਮ ਦਾ ਮਿਲੇਗਾ ਲਾਭ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੁਲਾਈ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਮਾਜ ਭਲਾਈ ਸਕੀਮਾਂ ਦੀ ਸਮੀਖਿਆ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਕਾਰਨ ਜਾਨ ਗਵਾਉਣ ਵਾਲੇ ਪਤੀ ਪਤਨੀ ਜਾਂ ਕਮਾਊ ਮੈਂਬਰ ਦੇ ਬੱਚਿਆਂ ਨੂੰ ਗਰੈਜੂਏਸ਼ਨ ਤੱਕ ਮੁਫ਼ਤ ਪੜ੍ਹਾਈ ਅਤੇ ਪਰਿਵਾਰ ਨੂੰ ਬਿਨਾਂ ਆਮਦਨ ਦੀ ਸ਼ਰਤ ਤੋਂ ਪੈਨਸ਼ਨ ਦੀ ਸਹੂਲਤ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪੀੜਤ ਪਰਿਵਾਰ ਨੂੰ ਆਸ਼ੀਰਵਾਦ ਸਕੀਮ, ਸਮਾਰਟ ਰਾਸ਼ਨ ਕਾਰਡ ਅਤੇ ਸਰਬਤ ਸਿਹਤ ਬੀਮਾ ਯੋਜਨਾ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾਵੇਗਾ। ਡੀਸੀ ਨੇ ਸਮੂਹ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬਾ ਸਰਕਾਰ ਦੇ ਇਸ ਉਪਰਾਲੇ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਕਰੋਨਾ ਕਾਰਨ ਪੈਦਾ ਹੋਏ ਅੌਖੇ ਹਾਲਾਤ ਵਿੱਚ ਪੀੜਤ ਪਰਿਵਾਰਾਂ ਨੂੰ ਫੌਰੀ ਰਾਹਤ ਮਿਲ ਸਕੇ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਵਿੰਦਰ ਸਿੰਘ ਰਾਹੀ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਹੁਣ ਤੱਕ 35 ਆਸ਼ਰਿਤ ਬੱਚਿਆਂ ਅਤੇ 23 ਵਿਧਵਾਵਾਂ ਲਈ ਇਸ ਉਪਰਾਲੇ ਤਹਿਤ ਪੈਨਸ਼ਨ ਮਨਜ਼ੂਰ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਸਕੀਮਾਂ ਲਈ ਵੀ ਸਬੰਧਤ ਵਿਭਾਗਾਂ ਵੱਲੋਂ ਫੌਰੀ ਲਾਭ ਦਿੱਤਾ ਜਾ ਰਿਹਾ ਹੈ। ਇਸ ਮੌਕੇ ਏਡੀਸੀ (ਜਨਰਲ) ਸ੍ਰੀਮਤੀ ਕੋਮਲ ਮਿੱਤਲ, ਏਡੀਸੀ (ਵਿਕਾਸ) ਹਿਮਾਂਸ਼ੂ ਅਗਰਵਾਲ, ਐਸਡੀਐਮ ਜਗਦੀਪ ਸਹਿਗਲ, ਐਸਡੀਐਮ ਡੇਰਾਬੱਸੀ ਕੁਲਦੀਪ ਬਾਵਾ, ਐਸਡੀਐਮ ਖਰੜ ਹਰਬੰਸ ਸਿੰਘ ਸਮੇਤ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।