ਸਰਕਾਰੀ ਸਮਾਰਟ ਸਕੂਲ ਲੰਬਿਆਂ ਵਿੱਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਾਇਆ
ਨਬਜ਼-ਏ-ਪੰਜਾਬ, ਮੁਹਾਲੀ, 7 ਫਰਵਰੀ:
ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਵੱਲੋਂ ਇੱਥੋਂ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਲੰਬਿਆਂ (ਸੈਕਟਰ-69) ਵਿਖੇ ਅੱਖਾਂ ਦਾ ਮੁਫ਼ਤ ਸਕਰੀਨਿੰਗ (ਜਾਂਚ) ਕੈਂਪ ਲਗਾਇਆ ਗਿਆ। ਕਲੱਬ ਦੇ ਬੁਲਾਰੇ ਨੇ ਦੱਸਿਆ ਕਿ ਕੈਂਪ ਵਿੱਚ 130 ਵਿਦਿਆਰਥੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਜਿਨ੍ਹਾਂ ਦੀ ਨਜ਼ਰ ਵਿੱਚ ਨੁਕਸ ਪਾਏ ਗਏ, ਉਨ੍ਹਾਂ ਨੂੰ ਅਗਲੇਰੀ ਜਾਂਚ ਲਈ ਰੈਫ਼ਰ ਕੀਤਾ ਗਿਆ।
ਪ੍ਰਾਜੈਕਟ ਚੇਅਰਪਰਸਨ ਡਾ. ਐਸਐਸ ਭੰਵਰਾ ਨੇ ਸਕੂਲੀ ਬੱਚਿਆਂ ਨੂੰ ਉਨ੍ਹਾਂ ਦੀਆਂ ਪੜ੍ਹਾਈ ਦੀ ਆਦਤ, ਮੋਬਾਈਲ ਅਤੇ ਲੈਪਟਾਪ ਵਰਗੇ ਆਧੁਨਿਕ ਯੰਤਰਾਂ ਦੀ ਦੁਰਵਰਤੋਂ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਅੱਖਾਂ ਦੀ ਸਾਂਭ-ਸੰਭਾਲ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਇਸ ਮੌਕੇ ਸਮਾਜ ਸੇਵੀ ਆਗੂ ਅਤੇ ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਕਲੱਬ ਦੇ ਅਹੁਦੇਦਾਰਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਅਖੀਰ ਵਿੱਚ ਸਕੂਲ ਇੰਚਾਰਜ ਸ੍ਰੀਮਤੀ ਹਰਸਿਮਰਨ ਕੌਰ ਨੇ ਲਾਇਨਜ਼ ਕਲੱਬ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਧੰਨਵਾਦ ਕੀਤਾ।