
ਮੋਤੀਆਬਿੰਦ ਤੋਂ ਪੀੜਤ 44 ਮਰੀਜ਼ਾਂ ਦੇ ਮੁਫ਼ਤ ਅਪਰੇਸ਼ਨ, 3067 ਲੋਕਾਂ ਦੀ ਜਾਂਚ
ਸਿਵਲ ਸਰਜਨ ਵਲੋਂ ਲੋਕਾਂ ਨੂੰ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ’ ਦਾ ਲਾਭ ਲੈਣ ਦੀ ਅਪੀਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਦਸੰਬਰ:
ਮੁਹਾਲੀ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ’ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਹੀ ਹੈ। ਇਸ ਮੁਹਿੰਮ ਤਹਿਤ 26 ਨਵੰਬਰ ਤੋਂ ਅੱਜ ਤੱਕ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੋਤੀਆਬਿੰਦ ਤੋਂ ਪੀੜਤ 44 ਮਰੀਜ਼ਾਂ ਦੇ ਆਪਰੇਸ਼ਨ ਕੀਤੇ ਜਾ ਚੁੱਕੇ ਹਨ ਅਤੇ ਕੁਲ 3067 ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਮੁਹਾਲੀ ਜ਼ਿਲ੍ਹੇ ਦੀ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਦਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਸੂਬੇ ਭਰ ਵਿੱਚ 26 ਨਵੰਬਰ ਤੋਂ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ’ ਦੀ ਸ਼ੁਰੂਆਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਮੁਹਾਲੀ ਵਿਖੇ ਹੁਣ ਤੱਕ 25 ਅਪਰੇਸ਼ਨ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿੱਚ 10 ਅਤੇ ਖਰੜ ਦੇ ਸਰਕਾਰੀ ਹਸਪਤਾਲ ਵਿੱਚ 9 ਆਪਰੇਸ਼ਨ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਇਕ ਗ਼ੈਰ-ਸਰਕਾਰੀ ਸੰਸਥਾ ਦੇ ਸਹਿਯੋਗ ਨਾਲ ਜੇਪੀ ਹਸਪਤਾਲ ਵਿੱਚ 18 ਮਰੀਜ਼ਾਂ ਦੇ ਅਪਰੇਸ਼ਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 31 ਦਸੰਬਰ ਤੱਕ ਜਾਰੀ ਰਹਿਣ ਵਾਲੀ ਇਸ ਮੁਹਿੰਮ ਨੂੰ ਪੂਰੀ ਤਰ੍ਹਾਂ ਸਫ਼ਲ ਬਣਾਉਣ ਲਈ ਨਿਜੀ ਹਸਪਤਾਲਾਂ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ।
ਡਾ. ਆਦਰਸ਼ਪਾਲ ਕੌਰ ਮੁਤਾਬਕ ਇਸ ਮੁਹਿੰਮ ਤਹਿਤ ਜਿੱਥੇ ਜ਼ਿਲ੍ਹੇ ਵਿੱਚ ਵੱਖ-ਵੱਖ ਥਾਈਂ ਅੱਖਾਂ ਦੀ ਜਾਂਚ ਲਈ ਕੈਂਪ ਲਾਏ ਜਾ ਰਹੇ ਹਨ, ਉੱਥੇ ਮੋਤੀਆਬਿੰਦ ਤੋਂ ਪੀੜਤ ਪਾਏ ਜਾਣ ਵਾਲੇ ਵਿਅਕਤੀਆਂ ਦਾ ਆਪਰੇਸ਼ਨ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅਪਰੇਸ਼ਨ ਵਾਲੇ ਲੋਕਾਂ ਲਈ ਰਿਫਰੈਸ਼ਮੈਂਟ ਦੇ ਨਾਲ-ਨਾਲ ਆਉਣ-ਜਾਣ ਲਈ ਆਵਾਜਾਈ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਆਪ੍ਰੇਸ਼ਨ ਵਾਲੇ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਵੀ ਦਿੱਤੀਆਂ ਜਾਣਗੀਆਂ ਜਾ ਰਹੀਆਂ ਹਨ। ਸਿਵਲ ਸਰਜਨ ਨੇ ਦੱਸਿਆ ਕਿ ਦਸੰਬਰ ਮਹੀਨੇ ਵਿੱਚ ਹਰ ਤਹਿਸੀਲ ਵਿੱਚ ਘੱਟੋ-ਘੱਟ ਇੱਕ ਕੈਂਪ ਲਗਾਇਆ ਜਾਵੇਗਾ। ਸਕੇ। ਉਨ੍ਹਾਂ ਕਿਹਾ ਕਿ ਜੇ ਕਿਸੇ ਵਿਅਕਤੀ ਨੂੰ ਅੱਖਾਂ ਵਿੱਚ ਕੋਈ ਤਕਲੀਫ਼ ਹੈ ਤਾਂ ਉਹ ਨੇੜਲੀ ਸਿਹਤ ਸੰਸਥਾ ਵਿੱਚ ਜਾ ਕੇ ਜਾਂਚ ਜ਼ਰੂਰ ਕਰਵਾਏ ਕਿਉਂਕਿ ਸਹੀ ਸਮੇਂ ’ਤੇ ਬੀਮਾਰੀ ਦੀ ਪਛਾਣ ਹੋਣ ਨਾਲ ਇਲਾਜ ਕਰਨਾ ਆਸਾਨ ਹੋ ਜਾਂਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਅਪਣੇ ਗੁਆਂਢੀਆਂ, ਰਿਸ਼ਤੇਦਾਰਾਂ ਦੋਸਤਾਂ-ਮਿੱਤਰਾਂ ਨੂੰ ਇਸ ਮੁਹਿੰਮ ਬਾਰੇ ਜਾਣਕਾਰੀ ਦੇਣ ਤਾਂ ਕਿ ਇਸ ਵੱਡੀ ਸਰਕਾਰੀ ਮੁਹਿੰਮ ਨਾਲ ਲੋਕਾਂ ਦਾ ਭਲਾ ਹੋ ਸਕੇ।